ਹਰਦੀਪ ਸੋਢੀ
ਧੂਰੀ, 8 ਅਕਤੂਬਰ
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲੋਂ ਆਊਟਸੋਰਸਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਧੂਰੀ-ਲੁਧਿਆਣਾ ਰਾਜ ਮਾਰਗ ‘ ਤੇ ਆਵਾਜਾਈ ਠੱਪ ਕਰਨ ਲਈ ਬੱਬਨਪੁਰ ਨਹਿਰ ਦੇ ਪੁਲ ’ਤੇ ਧਰਨਾ ਜਿੱਥੇ ਅੱਜ ਦੂਜੇ ਦਿਨ ਵੀ ਜਾਰੀ ਰੱਖਿਆ ਗਿਆ ਉਥੇ ਜਥੇਬੰਦੀ ਵੱਲੋਂ ਪੰਜਾਬ ਸਰਕਾਰ ਨੂੰ ਹਲੂਣਾ ਦੇਣ ਲਈ ਸਥਾਨਕ ਕੱਕੜਵਾਲ ਚੌਕ ’ਚ ਸੰਕੇਤਕ ਧਰਨਾ ਦਿੱਤਾ। ਇਸ ਮੌਕੇ ਮੋਰਚੇ ਦੇ ਸੂਬਾਈ ਆਗੂਆਂ ਵਰਿੰਦਰ ਸਿੰਘ ਮੋਮੀ, ਗੁਰਵਿੰਦਰ ਸਿੰਘ ਪੰਨੂ ਅਤੇ ਰਮਨਦੀਪ ਕੌਰ ਮਾਨ ਨੇ ਕਿਹਾ ਕਿ ਆਪਣੀਆਂ ਮੰਗਾਂ ਨੂੰ ਮਨਵਾਉਣ ਲਈ ਜਥੇਬੰਦੀ ਵੱਲੋਂ ਬੱਬਨਪੁਰ ਨਹਿਰ ਦੇ ਪੁਲ ’ਤੇ ਸ਼ਾਂਤਮਈ ਧਰਨਾ ਦਿੱਤਾ ਜਾ ਰਿਹਾ ਹੈ ਪਰ ਮੁੱਖ ਮੰਤਰੀ ਭਗਵੰਤ ਮਾਨ ਜਾਂ ਪ੍ਰਸ਼ਾਸਨ ਵੱਲੋਂ ਜਥੇਬੰਦੀ ਨੂੰ ਗੱਲਬਾਤ ਲਈ ਕੋਈ ਸਮਾਂ ਦੇਣ ਲਈ ਗੰਭੀਰਤਾ ਨਹੀਂ ਦਿਖਾਈ ਜਾ ਰਹੀ, ਜਿਸ ਕਾਰਨ ਕੱਚੇ ਮੁਲਜਮਾਂ ਦੀ ਆਵਾਜ਼ ਸਰਕਾਰ ਦੇ ਕੰਨੀ ਪਾਉਣ ਲਈ ਪਰਿਵਾਰਾਂ ਸਮੇਤ ਸੜਕਾਂ ’ਤੇ ਬੈਠਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਉਨ੍ਹਾਂ ਐਲਾਨ ਕੀਤਾ ਕਿ ਜਿੰਨੀ ਦੇਰ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਅਤੇ ਠੇਕਾ ਤੇ ਆਊਟਸੋਰਸਡ ਕਾਮਿਆਂ ਨੂੰ ਰੈਗੂਲਰ ਕਰਨ ਦਾ ਐਲਾਨ ਨਹੀਂ ਕੀਤਾ ਜਾਂਦਾ, ਉਦੋਂ ਤੱਕ ਸੰਘਰਸ਼ ਲਗਾਤਾਰ ਜਾਰੀ ਰੱਖਿਆ ਜਾਵੇਗਾ।