ਪੱਤਰ ਪ੍ਰੇਰਕ
ਮਾਨਸਾ, 29 ਅਪਰੈਲ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਵੱਲੋਂ ਭਾਜਪਾ ਦੀ ਅਗਵਾਈ ਵਾਲੀ ਐਨਡੀਏ ਸਰਕਾਰ ਛੱਡਣ ਦੇ ਤੁਰੰਤ ਬਾਅਦ ਕੇਂਦਰੀ ਏਜੰਸੀਆਂ ਨੇ ਅਕਾਲੀ ਦਲ ਖ਼ਿਲਾਫ਼ ਕੂੜ ਪ੍ਰਚਾਰ ਮੁਹਿੰਮ ਵਿੱਢ ਦਿੱਤੀ ਸੀ ਅਤੇ ਉਨ੍ਹਾਂ ਨੇ ਆਪਣੇ ਹੀ ਬੰਦੇ ਲਾ ਕੇ ਅਕਾਲੀ ਦਲ ’ਤੇ ਬੇਅਦਬੀਆਂ ਕਰਨ ਦੇ ਦੋਸ਼ ਲਗਾ ਦਿੱਤੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਨੇ ਅੱਠ ਸਾਲ ਪਹਿਲਾਂ ਅਕਾਲੀ ਦਲ ’ਤੇ ਬੇਅਦਬੀਆਂ ਕਰਵਾਉਣ ਦੇ ਦੋਸ਼ ਲਗਾਏ, ਉਨ੍ਹਾਂ ਵਿਚ ਅਖੌਤੀ ਪੰਥਕ ਆਗੂ ਬਲਜੀਤ ਸਿੰਘ ਦਾਦੂਵਾਲ ਸ਼ਾਮਲ ਸੀ, ਜੋ ਹੁਣ ਭਾਜਪਾ ਨੇੜੇ ਹੋ ਚੁੱਕਿਆ ਹੈ। ਅਕਾਲੀ ਦਲ ਨੂੰ ਬਦਨਾਮ ਅਤੇ ਕਮਜ਼ੋਰ ਕਰਨ ਲਈ ਲੁਕਵੇਂ ਏਜੰਡੇ ਤਹਿਤ ਕੰਮ ਕੀਤਾ ਗਿਆ ਹੈ। ਹੁਣ ਵੀ ਅਕਾਲੀ ਦਲ ਨੇ ਭਾਜਪਾ ਨਾਲ ਗੱਠਜੋੜ ਨਾ ਕਰਨ ਦਾ ਫੈਸਲਾ ਇਸ ਕਰਕੇ ਲਿਆ ਹੈ ਕਿਉਂਕਿ ਉਹ ਸਿੱਖ ਪੰਥ ਤੇ ਪੰਜਾਬ ਨੂੰ ਨਿਆਂ ਨਹੀਂ ਦੇ ਰਹੀ। ਸੁਖਬੀਰ ਨੇ ਅੱਜ ਮਾਨਸਾ ਦੇ ਇਕ ਪੈਲੇਸ ਵਿਚ ਲੋਕਾਂ ਦੇ ਇਕੱਠ ਨੂੰ ਸੰਬੋਧਨ ਕੀਤਾ। ਸ੍ਰੀ ਬਾਦਲ ਨੇ ਭਾਜਪਾ ਵੱਲੋਂ ਸਿੱਖ ਧਾਰਮਿਕ ਸੰਸਥਾਵਾਂ ’ਤੇ ਕਬਜ਼ਾ ਕਰਨ ਦੀ ਵੀ ਨਿਖੇਧੀ ਕਰਦਿਆਂ ਕਿਹਾ ਕਿ ਮਹਾਰਾਸ਼ਟਰ ਵਿਚ ਭਾਜਪਾ ਸਰਕਾਰ ਨੇ ਹਜ਼ੂਰ ਸਾਹਿਬ ਗੁਰਦੁਆਰਾ ਪ੍ਰਬੰਧਕ ਬੋਰਡ ਨਾਲ ਛੇੜਛਾੜ ਕਰਕੇ ਇਸ ਵਿਚ 12 ਸਰਕਾਰੀ ਮੈਂਬਰ ਨਾਮਜ਼ਦ ਕਰ ਲਏ ਤਾਂ ਕਿ ਇਸ ’ਤੇ ਕਬਜ਼ਾ ਕੀਤਾ ਜਾ ਸਕੇ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਜਪਾ ਵਿਚ ਸ਼ਾਮਲ ਹੋ ਰਹੇ ਹਨ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤੋੜ ਕੇ ਹਰਿਆਣਾ ਵਿਚ ਵੱਖਰੀ ਗੁਰਦੁਆਰਾ ਕਮੇਟੀ ਬਣਾ ਦਿੱਤੀ ਗਈ ਹੈ। ਕੇਂਦਰ ਸਰਕਾਰ ਨੇ ਪੰਜਾਬ ਵਿਚ ‘ਆਪ’ ਸਰਕਾਰ ’ਤੇ ਅਸਿੱਧੇ ਤੌਰ ’ਤੇ ਕਬਜ਼ਾ ਕਰ ਲਿਆ ਹੈ।