ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 1 ਫਰਵਰੀ
ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਆਡੀਓ ਵਾਇਰਲ ਹੋਣ ਤੋਂ ਬਾਅਦ ਚਰਚਾ ਵਿੱਚ ਆਏ ਪੰਜਾਬ ਪੁਲੀਸ ਦੇ ਬਰਖ਼ਾਸਤ ਡੀਐੱਸਪੀ ਬਲਵਿੰਦਰ ਸਿੰਘ ਸੇਖੋਂ ਨੇ ਅੱਜ ਲੁਧਿਆਣਾ ਵਿੱਚ ਮੰਤਰੀ ਆਸ਼ੂ ਦੇ ਪੱਛਮੀ ਹਲਕੇ ਤੋਂ ਅਤੇ ਅੰਮ੍ਰਿਤਸਰ ਪੂਰਬੀ ਤੋਂ ਨਵਜੋਤ ਸਿੰਘ ਸਿੱਧੂ ਖ਼ਿਲਾਫ਼ ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀ ਦਾਖ਼ਲ ਕੀਤੀ ਹੈ। ਬਲਵਿੰਦਰ ਸੇਖੋਂ ਦਾ ਕਹਿਣਾ ਹੈ ਕਿ ਭਾਰਤ ਭੂਸ਼ਣ ਆਸ਼ੂ ਵੱਲੋਂ ਹੰਕਾਰ ’ਚ ਆ ਕੇ ਉਨ੍ਹਾਂ ਦਾ ਭਵਿੱਖ ਬਰਬਾਦ ਕੀਤਾ ਗਿਆ ਹੈ ਤੇ ਇਸ ਤਰ੍ਹਾਂ ਦੇ ਹੰਕਾਰੀ ਵਿਅਕਤੀ ਦਾ ਅੰਤ ਹੋਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਿਮਰਜੀਤ ਸਿੰਘ ਬੈਂਸ ਖ਼ਿਲਾਫ਼ ਜਬਰ-ਜਨਾਹ ਦਾ ਕੇਸ ਦਰਜ ਕੀਤਾ ਗਿਆ ਪਰ ਉਸ ਨੂੰ ਵੀ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਬਚਾਅ ਰਹੇ ਹਨ।