ਤਖ਼ਤਾਂ ਦੇ ਜਥੇਦਾਰਾਂ ਵਿਚਾਲੇ ਵਿਵਾਦ ਭਖ਼ਿਆ
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 29 ਜੂਨ
ਤਖ਼ਤ ਸ੍ਰੀ ਪਟਨਾ ਸਾਹਿਬ ਅਤੇ ਅਕਾਲ ਤਖ਼ਤ ਦੇ ਜਥੇਦਾਰਾਂ ਵਿਚਾਲੇ ਪੈਦਾ ਹੋਇਆ ਵਿਵਾਦ ਘਟਣ ਦੀ ਥਾਂ ਵਧਦਾ ਜਾ ਰਿਹਾ ਹੈ। ਬੀਤੇ ਕੱਲ੍ਹ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਨੇ ਮੀਟਿੰਗ ਕਰਕੇ ਸ਼੍ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਆਦੇਸ਼ ਜਾਰੀ ਕੀਤੇ ਕਿ ਉਹ ਤਖਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਜਾਰੀ ਕੀਤੇ ਗਏ ਹੁਕਮਨਾਮੇ ਦੀ ਪਾਲਣਾ ਕਰਨ ਅਤੇ ਕਰਵਾਉਣ। ਪੰਜ ਪਿਆਰਿਆਂ ਦੀ ਮੀਟਿੰਗ ਵਿੱਚ ਜਥੇਦਾਰ ਭਾਈ ਬਲਦੇਵ ਸਿੰਘ, ਵਧੀਕ ਹੈੱੱਡ ਗ੍ਰੰਥੀ ਭਾਈ ਦਲੀਪ ਸਿੰਘ, ਭਾਈ ਗੁਰਦਿਆਲ ਸਿੰਘ, ਸੀਨੀਅਰ ਮੀਤ ਗ੍ਰੰਥੀ ਭਾਈ ਪਰਸ਼ੂਰਾਮ ਸਿੰਘ ਅਤੇ ਮੀਤ ਗ੍ਰੰਥੀ ਭਾਈ ਅਮਰਜੀਤ ਸਿੰਘ ਸ਼ਾਮਲ ਹੋਏ। ਇਸ ਵਿੱਚ ਉਨ੍ਹਾਂ ਕਿਹਾ ਕਿ 21 ਮਈ ਨੂੰ ਪੰਜ ਪਿਆਰਿਆਂ ਵੱਲੋਂ ਹੁਕਮਨਾਮਾ ਜਾਰੀ ਕੀਤਾ ਗਿਆ ਸੀ ਅਤੇ ਇਸ ਦੀ ਜਾਣਕਾਰੀ ਸ਼੍ਰੋਮਣੀ ਕਮੇਟੀ ਨੂੰ ਭੇਜੀ ਗਈ ਸੀ। ਇਸ ਤਹਿਤ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਭਾਈ ਕੁਲਦੀਪ ਸਿੰਘ ਗੜਗੱਜ ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਭਾਈ ਟੇਕ ਸਿੰਘ ਨੂੰ ਤਨਖਾਹੀਆ ਐਲਾਨਿਆ ਗਿਆ ਸੀ ਅਤੇ ਸੁਖਬੀਰ ਸਿੰਘ ਬਾਦਲ ਨੂੰ ਦਖਲਅੰਦਾਜ਼ੀ ਦੇਣ ਅਤੇ ਸਾਜ਼ਿਸ਼ਕਰਤਾ ਦੇ ਰੂਪ ਵਿੱਚ ਸ਼ਾਮਲ ਹੋਣ ਦੇ ਦੋਸ਼ ਹੇਠ 10 ਦਿਨਾਂ ਵਿੱਚ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਦਾ ਆਦੇਸ਼ ਦਿੱਤਾ ਸੀ। ਮਗਰੋਂ ਮੁੜ ਦਸ ਦਿਨ ਦਾ ਸਮਾਂ ਦੇਣ ’ਤੇ ਉਹ ਪੇਸ਼ ਨਾ ਹੋਏ ਅਤੇ ਹੁਣ ਉਨ੍ਹਾਂ ਨੂੰ ਤੀਜੀ ਵਾਰ 20 ਦਿਨ ਦਾ ਸਮਾਂ ਦਿੱਤਾ ਗਿਆ ਹੈ।
ਪੰਜ ਪਿਆਰਿਆਂ ਨੇ ਕਿਹਾ ਕਿ ਜਾਣਕਾਰੀ ਮਿਲ ਰਹੀ ਹੈ ਕਿ ਸ੍ਰੀ ਗੜਗੱਜ ਵੱਲੋਂ ਪੰਜ ਪਿਆਰਿਆਂ ਅਤੇ ਤਖਤ ਸ੍ਰੀ ਪਟਨਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਖ਼ਿਲਾਫ਼ ਕਥਿਤ ਸਾਜ਼ਿਸ਼ ਤਿਆਰ ਕੀਤੀ ਜਾ ਰਹੀ ਹੈ।