ਜਸਵੰਤ ਜੱਸ
ਫ਼ਰੀਦਕੋਟ, 8 ਜੁਲਾਈ
ਗੁਰੂ ਗ੍ਰੰਥ ਸਾਹਿਬ ਦਾ ਸਰੂਪ ਚੋਰੀ ਕਰਨ ਅਤੇ ਉਸ ਦੀ ਬੇਅਦਬੀ ਕਰਨ ਦੇ ਮਾਮਲੇ ਵਿਚ ਚਲਾਨ ਪੇਸ਼ ਹੋਣ ਮਗਰੋਂ ਅੱਜ ਡਿਊਟੀ ਮੈਜਿਸਟਰੇਟ ਸੁਰੇਸ਼ ਕੁਮਾਰ ਨੇ ਡੇਰਾ ਸੱਚਾ ਸੌਦਾ ਦੀ ਕੌਮੀ ਕਮੇਟੀ ਦੇ ਤਿੰਨ ਡੇਰਾ ਪ੍ਰੇਮੀਆਂ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ ਕਰ ਦਿੱਤੇ ਹਨ। ਵਿਸ਼ੇਸ਼ ਜਾਂਚ ਟੀਮ ਨੇ ਅਦਾਲਤ ਵਿਚ ਅਰਜ਼ੀ ਦੇ ਕੇ ਦੋਸ਼ ਲਾਇਆ ਸੀ ਕਿ ਵਿਸ਼ੇਸ਼ ਜਾਂਚ ਟੀਮ ਬੇਅਦਬੀ ਕਾਂਡ ਵਿਚ ਡੇਰਾ ਸੱਚਾ ਸੌਦਾ ਦੀ ਕੌਮੀ ਕਮੇਟੀ ਦੇ ਮੈਂਬਰ ਹਰਸ਼ ਧੁਰੀ, ਪ੍ਰਦੀਪ ਕਲੇਰ ਅਤੇ ਸੰਦੀਪ ਬਰੇਟਾ ਨੂੰ ਗ੍ਰਿਫ਼ਤਾਰ ਕਰਨਾ ਚਾਹੁੰਦੀ ਸੀ ਪਰ ਇਨ੍ਹਾਂ ‘ਚੋਂ ਕੋਈ ਵੀ ਵਿਅਕਤੀ ਪੁਲੀਸ ਦੇ ਹੱਥ ਨਹੀਂ ਲੱਗਾ। ਇਹ ਤਿੰਨੋਂ ਵਿਅਕਤੀ ਹਰਿਆਣਾ ਦੇ ਵਸਨੀਕ ਹਨ ਅਤੇ ਡੇਰਾ ਸੱਚਾ ਸੌਦਾ ਵਿਚ ਹੀ ਰਹਿੰਦੇ ਸਨ। ਜਾਂਚ ਟੀਮ ਨੇ ਅਦਾਲਤ ਨੂੰ ਦੱਸਿਆ ਕਿ ਡੇਰਾ ਮੁਖੀ ਗੁਰਮੀਤ ਰਾਮ ਰਹੀਮ, ਜੋ ਇਸ ਸਮੇਂ ਸੁਨਾਰੀਆ ਜੇਲ੍ਹ ਵਿਚ ਨਜ਼ਰਬੰਦ ਹੈ, ਦੀ ਗ੍ਰਿਫ਼ਤਾਰੀ ਬਾਕੀ ਹੈ। ਉਸ ਦੇ ਵੀ ਗ੍ਰਿਫ਼ਤਾਰੀ ਵਾਰੰਟ ਹਾਸਲ ਕੀਤੇ ਜਾਣਗੇ।
ਸੀਬੀਆਈ ਵੱਲੋਂ ਸੁਣਵਾਈ ਰੋਕਣ ਦੀ ਮੰਗ
ਗੁਰੂ ਗ੍ਰੰਥ ਸਾਹਿਬ ਦੇ ਸਰੂਪ ਚੋਰੀ ਕਰਨ ਅਤੇ ਬੇਅਦਬੀ ਕਾਂਡ ‘ਚ ਦੋਸ਼ੀਆਂ ਦੀ ਗ੍ਰਿਫ਼ਤਾਰੀ ਤੋਂ 48 ਘੰਟਿਆਂ ਦੌਰਾਨ ਇੱਥੇ ਅਦਾਲਤ ‘ਚ ਦਿੱਤੀ ਚਾਰਜਸ਼ੀਟ ਵਿਵਾਦਾਂ ‘ਚ ਘਿਰ ਗਈ ਹੈ। ਸੀਬੀਆਈ ਨੇ ਵਿਸ਼ੇਸ਼ ਜੱਜ ਮੁਹਾਲੀ ਦੀ ਅਦਾਲਤ ‘ਚ ਅਰਜ਼ੀ ਦੇ ਕੇ ਦੋਸ਼ ਲਾਇਆ ਹੈ ਕਿ ਵਿਸ਼ੇਸ਼ ਜਾਂਚ ਟੀਮ ਨੇ ਕਾਹਲੀ ‘ਚ ਚਾਰਜਸ਼ੀਟ ਪੇਸ਼ ਕੀਤੀ ਹੈ, ਜਦਕਿ ਜਾਂਚ ਕਿਸ ਏਜੰਸੀ ਨੇ ਕਰਨੀ ਹੈ, ਇਹ ਮਾਮਲਾ ਅਜੇ ਸੁਪਰੀਮ ਕੋਰਟ ਦੇ ਵਿਚਾਰ ਅਧੀਨ ਹੈ। ਸੀਬੀਆਈ ਦੇ ਐਡੀਸ਼ਨਲ ਸੁਪਰਡੈਂਟ ਆਫ ਪੁਲੀਸ ਅਨਿਲ ਕੁਮਾਰ ਯਾਦਵ ਨੇ ਸੀਬੀਆਈ ਦੇ ਸੀਨੀਅਰ ਪਬਲਿਕ ਪ੍ਰੋਸੀਕਿਊਟਰ ਆਰ.ਐੱਲ਼. ਚੰਦ ਰਾਹੀਂ ਅਦਾਲਤ ‘ਚ ਸੁਣਵਾਈ ਰੋਕਣ ਦੀ ਅਰਜ਼ੀ ਦਿੱਤੀ ਹੈ। ਸੀਬੀਆਈ ਦੀ ਅਰਜ਼ੀ ‘ਤੇ ਸੁਣਵਾਈ ਕਰਦਿਆਂ ਸੀਬੀਆਈ ਦੇ ਵਿਸ਼ੇਸ਼ ਜੱਜ ਜੀ.ਐੱਸ. ਸੇਖੋਂ ਨੇ ਵਿਸ਼ੇਸ਼ ਜਾਂਚ ਟੀਮ ਦੇ ਮੁਖੀ ਨੂੰ ਨੋਟਿਸ ਜਾਰੀ ਕੀਤਾ ਹੈ ਅਤੇ 10 ਜੁਲਾਈ ਨੂੰ ਅਦਾਲਤ ਸਾਹਮਣੇ ਪੇਸ਼ ਹੋਣ ਦੇ ਆਦੇਸ਼ ਦਿੱਤੇ ਹਨ।