ਜਸਵੰਤ ਜੱਸ
ਫ਼ਰੀਦਕੋਟ, 31 ਜੁਲਾਈ
ਬੇਅਦਬੀ ਕਾਂਡ ਵਿੱਚ ਦੋ ਡੇਰਾ ਪ੍ਰੇਮੀਆਂ ਦੀ ਪੇਸ਼ਗੀ ਜ਼ਮਾਨਤ ਅਰਜ਼ੀ ਅੱਜ ਸਥਾਨਕ ਵਧੀਕ ਸੈਸ਼ਨ ਜੱਜ ਹਰਬੰਸ ਸਿੰਘ ਲੇਖੀ ਨੇ ਖਾਰਜ ਕਰ ਦਿੱਤੀ। ਡੇਰਾ ਪ੍ਰੇਮੀ ਸ਼ਕਤੀ ਸਿੰਘ ਅਤੇ ਸੁਖਜਿੰਦਰ ਸਿੰਘ ਨੇ ਅਦਾਲਤ ਵਿੱਚ ਅਰਜ਼ੀ ਦੇ ਕੇ ਖ਼ਦਸ਼ਾ ਜ਼ਾਹਿਰ ਕੀਤਾ ਸੀ ਕਿ ਬੁਰਜ ਜਵਾਹਰ ਸਿੰਘ ਵਾਲਾ ਵਿੱਚੋਂ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਚੋਰੀ ਕਰਨ ਦੇ ਮਾਮਲੇ ਵਿੱਚ ਵਿਸ਼ੇਸ਼ ਜਾਂਚ ਟੀਮ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨਾ ਚਾਹੁੰਦੀ ਹੈ, ਇਸ ਲਈ ਉਨ੍ਹਾਂ ਨੂੰ ਜ਼ਮਾਨਤ ’ਤੇ ਰਿਹਾਅ ਕੀਤਾ ਜਾਵੇ। ਅਦਾਲਤ ਨੇ ਵਿਸ਼ੇਸ਼ ਜਾਂਚ ਟੀਮ ਅਤੇ ਮੁਲਜ਼ਮਾਂ ਦਾ ਪੱਖ ਸੁਣਨ ਤੋਂ ਬਾਅਦ ਡੇਰਾ ਪ੍ਰੇਮੀਆਂ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ। ਇਸੇ ਤਰ੍ਹਾਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਅੱਜ ਐੱਸਪੀ ਬਲਜੀਤ ਸਿੰਘ ਸਿੱਧੂ ਦੀ ਜ਼ਮਾਨਤ ’ਤੇ ਸੁਣਵਾਈ ਨੂੰ ਦਸ ਅਗਸਤ ਤੱਕ ਟਾਲ਼ਣ ਦਾ ਹੁਕਮ ਦਿੱਤਾ। ਐੱਸਪੀ ਬਲਜੀਤ ਸਿੰਘ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਕੋਟਕਪੂਰਾ ਗੋਲੀ ਕਾਂਡ ਵਿੱਚ ਪੇਸ਼ਗੀ ਆਰਜ਼ੀ ਜ਼ਮਾਨਤ ਦਿੱਤੀ ਹੋਈ ਹੈ। ਇਸ ਮਾਮਲੇ ਵਿੱਚ ਪੰਜਾਬ ਸਰਕਾਰ ਨੇ ਅੱਜ ਹਾਈ ਕੋਰਟ ਵਿੱਚ ਲਿਖਤੀ ਜਵਾਬ ਪੇਸ਼ ਕਰਨਾ ਸੀ। ਪੰਜਾਬ ਸਰਕਾਰ ਵੱਲੋਂ ਹਾਈ ਕੋਰਟ ’ਚ ਪੇਸ਼ ਹੋਏ ਸੀਨੀਅਰ ਡਿਪਟੀ ਐਡਵੋਕੇਟ ਜਨਰਲ ਗੌਰਵ ਗਰਗ ਧੂਰੀਵਾਲ ਨੇ ਕਿਹਾ ਕਿ ਪਟੀਸ਼ਨ ਦਾ ਜਵਾਬ ਦੇਣ ਲਈ ਪੰਜਾਬ ਸਰਕਾਰ ਨੂੰ ਕੁਝ ਸਮੇਂ ਦੀ ਜ਼ਰੂਰਤ ਹੈ। ਅਦਾਲਤ ਨੇ ਜਾਂਚ ਟੀਮ ਨੂੰ ਹੁਕਮ ਦਿੱਤੇ ਕਿ 10 ਅਗਸਤ ਤੱਕ ਐੱਸਪੀ ਬਲਜੀਤ ਸਿੰਘ ਸਿੱਧੂ ਨੂੰ ਗ੍ਰਿਫ਼ਤਾਰ ਨਾ ਕੀਤਾ ਜਾਵੇ।
ਗੁਰਦਾਸਪੁਰ (ਕੇ.ਪੀ. ਸਿੰਘ): ਇਸੇ ਦੌਰਾਨ ਐੱਸਆਈਟੀ ਦੇ ਪ੍ਰਮੁੱਖ ਮੈਂਬਰ ਐੱਸਐੱਸਪੀ ਗੁਰਦਾਸਪੁਰ ਡਾ. ਰਜਿੰਦਰ ਸਿੰਘ ਸੋਹਲ ਨੇ ਆਖਿਆ ਕਿ ਦੋਵੇਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦਾ ਰਾਹ ਪੱਧਰਾ ਹੋ ਗਿਆ ਹੈ।