ਜਸਵੰਤ ਜੱਸ
ਫ਼ਰੀਦਕੋਟ, 27 ਜੁਲਾਈ
ਇਲਾਕਾ ਮੈਜਿਸਟਰੇਟ ਮਿਸ ਤਰਜਨੀ ਦੀ ਅਦਾਲਤ ਨੇ ਪਿੰਡ ਬਰਗਾੜੀ ਵਿੱਚ ਇਤਰਾਜ਼ਯੋਗ ਪੋਸਟਰ ਲਾਉਣ ਦੇ ਮਾਮਲੇ ਵਿੱਚ ਵਿਸ਼ੇਸ਼ ਜਾਂਚ ਟੀਮ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਚਾਰ ਡੇਰਾ ਪ੍ਰੇਮੀਆਂ ਨੂੰ ਮੁਕੱਦਮਾ ਚੱਲਣ ਤੱਕ ਜ਼ਮਾਨਤ ’ਤੇ ਰਿਹਾਅ ਕਰਨ ਦਾ ਹੁਕਮ ਦਿੱਤਾ। ਜਾਂਚ ਟੀਮ ਨੇ ਸੁਖਜਿੰਦਰ ਸਿੰਘ, ਸ਼ਕਤੀ ਸਿੰਘ, ਬਲਜੀਤ ਸਿੰਘ ਅਤੇ ਰਣਜੀਤ ਸਿੰਘ ਨੂੰ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਬਾਅਦ ਇਸ ਸਬੰਧੀ ਪਿੰਡ ਬਰਗਾੜੀ ਵਿੱਚ ਇਤਰਾਜ਼ਯੋਗ ਪੋਸਟਰ ਲਾਉਣ ਦੇ ਮਾਮਲੇ ਵਿੱਚ 23 ਮਈ ਨੂੰ ਗ੍ਰਿਫ਼ਤਾਰ ਕੀਤਾ ਸੀ। ਡੇਰਾ ਪ੍ਰੇਮੀਆਂ ਦੇ ਵਕੀਲ ਵਿਨੋਦ ਕੁਮਾਰ ਮੌਂਗਾ ਨੇ ਅਦਾਲਤ ਨੂੰ ਦੱਸਿਆ ਕਿ ਉਨ੍ਹਾਂ ਨੂੰ ਸਿਆਸੀ ਕਾਰਨਾਂ ਕਰਕੇ ਝੂਠੇ ਮੁਕੱਦਮੇ ਵਿੱਚ ਫਸਾਇਆ ਜਾ ਰਿਹਾ ਹੈ ਅਤੇ ਡੇਰਾ ਪ੍ਰੇਮੀਆਂ ਨੇ ਕਦੇ ਵੀ ਇਤਰਾਜ਼ਯੋਗ ਪੋਸਟਰ ਨਹੀਂ ਲਾਏ। ਦੂਜੇ ਪਾਸੇ ਵਿਸ਼ੇਸ਼ ਜਾਂਚ ਟੀਮ ਵੱਲੋਂ ਪੇਸ਼ ਹੋਏ ਐਡਵੋਕੇਟ ਪੰਕਜ ਤਨੇਜਾ ਨੇ ਕਿਹਾ ਕਿ ਡੇਰਾ ਪ੍ਰੇਮੀਆਂ ਨੂੰ ਜੇਕਰ ਜ਼ਮਾਨਤ ’ਤੇ ਰਿਹਾਅ ਕੀਤਾ ਜਾਂਦਾ ਹੈ ਤਾਂ ਉਹ ਜਾਂਚ ਪ੍ਰਕਿਰਿਆ ਅਤੇ ਗਵਾਹਾਂ ਨੂੰ ਪ੍ਰਭਾਵਿਤ ਕਰ ਸਕਦੇ ਹਨ। ਅਦਾਲਤ ਨੇ ਦੋਹਾਂ ਧਿਰਾਂ ਦੀਆਂ ਦਲੀਲਾਂ ਸੁਣਨ ਮਗਰੋਂ ਆਦੇਸ਼ ਦਿੱਤਾ ਕਿ ਚੱਲਦੇ ਮੁਕੱਦਮੇ ਤੱਕ ਡੇਰਾ ਪ੍ਰੇਮੀਆਂ ਨੂੰ ਰਿਹਾਅ ਕੀਤਾ ਜਾਵੇ।