ਜਸਵੰਤ ਜੱਸ
ਫ਼ਰੀਦਕੋਟ, 23 ਸਤੰਬਰ
ਗੁਰੂ ਗ੍ਰੰਥ ਸਾਹਿਬ ਦੇ ਸਰੂਪ ਚੋਰੀ ਕਰਨ ਅਤੇ ਉਨ੍ਹਾਂ ਦੇ ਪੰਨੇ ਗਲੀਆਂ ਵਿੱਚ ਖਿਲਾਰਨ ਮਗਰੋਂ ਇਤਰਾਜ਼ਯੋਗ ਪੋਸਟਰ ਲਾਉਣ ਦੇ ਮਾਮਲੇ ’ਚ ਇੱਕ ਦਿਨ ਪਹਿਲਾਂ ਅਦਾਲਤ ਵੱਲੋਂ ਭਗੌੜੇ ਐਲਾਨ ਗਏ ਡੇਰਾ ਸੱਚਾ ਸੌਦਾ ਦੀ ਕੌਮੀ ਕਮੇਟੀ ਦੇ ਤਿੰਨ ਮੈਂਬਰਾਂ ਖ਼ਿਲਾਫ਼ ਬਾਜਾਖਾਨਾ ਪੁਲੀਸ ਨੇ ਆਈਪੀਸੀ ਦੀ ਧਾਰਾ 174-ਏ (ਅਦਾਲਤ ਵਿੱਚ ਮੁਕੱਦਮੇ ਦਾ ਸਾਹਮਣਾ ਕਰਨ ਤੋਂ ਬਚਣਾ) ਤਹਿਤ ਦੋ ਵੱਖ ਵੱਖ ਕੇਸ ਦਰਜ ਕਰ ਦਿੱਤੇ ਹਨ। ਪ੍ਰਾਪਤ ਸੂਚਨਾ ਅਨੁਸਾਰ ਕੌਮੀ ਕਮੇਟੀ ਮੈਂਬਰ ਹਰਸ਼ ਧੂਰੀ, ਸੰਦੀਪ ਬਰੇਟਾ ਅਤੇ ਪ੍ਰਦੀਪ ਕਲੇਰ ਡੇਰਾ ਸੱਚਾ ਸੌਦਾ ਵਿੱਚ ਰਹਿੰਦੇ ਸਨ ਅਤੇ ਉਨ੍ਹਾਂ ਬੇਅਦਬੀ ਕਾਂਡ ਦੀ ਸਮੁੱਚੀ ਸਾਜ਼ਿਸ਼ ਰਚੀ ਸੀ। ਜਾਂਚ ਟੀਮ ਨੇ ਇਨ੍ਹਾਂ ਤਿੰਨਾਂ ਦੀ ਗ੍ਰਿਫ਼ਤਾਰੀ ਲਈ ਪੰਜਾਬ, ਹਰਿਆਣਾ ਅਤੇ ਹੋਰ ਸੂਬਿਆਂ ਵਿੱਚ ਛਾਪੇ ਮਾਰੇ ਸੀ ਪਰ ਮੁਲਜ਼ਮ ਪੁਲੀਸ ਦੇ ਹੱਥ ਨਹੀਂ ਲੱਗੇ। ਇਸ ਤੋਂ ਪਹਿਲਾਂ ਵੀ ਪੁਲੀਸ ਅੱਧੀ ਦਰਜਨ ਮੁਕੱਦਮਿਆਂ ਵਿੱਚ ਇਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇ ਮਾਰਦੀ ਰਹੀ ਹੈ। ਤਿੰਨ ਸਾਲ ਦੀ ਲੰਬੀ ਪੜਤਾਲ ਮਗਰੋਂ ਪੁਲੀਸ ਇਨ੍ਹਾਂ ਮੁਲਜ਼ਮਾਂ ਦੇ ਚਿਹਰੇ ਤੱਕ ਨਹੀਂ ਪਛਾਣ ਸਕੀ ਅਤੇ ਨਾ ਹੀ ਇਨ੍ਹਾਂ ਦਾ ਕੋਈ ਸਕੈੱਚ ਜਾਰੀ ਕੀਤਾ ਗਿਆ ਹੈ। ਜਾਂਚ ਟੀਮ ਤਿੰਨਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੇ ਨਾਲ-ਨਾਲ ਇਨ੍ਹਾਂ ਦੀਆਂ ਜਾਇਦਾਦਾਂ ਦੇ ਵੇਰਵੇ ਵੀ ਭਾਲ ਰਹੀ ਹੈ ਪਰ ਅਜੇ ਤੱਕ ਜਾਂਚ ਟੀਮ ਦੇ ਹੱਥ ਕੁਝ ਨਹੀਂ ਲੱਗਿਆ। ਪਤਾ ਲੱਗਾ ਹੈ ਕਿ ਇਹ ਤਿੰਨੋਂ ਕਮੇਟੀ ਮੈਂਬਰ ਵਿਵਾਦ ਸ਼ੁਰੂ ਹੋਣ ਮਗਰੋਂ ਤੁਰੰਤ ਦੇਸ਼ ਛੱਡ ਗਏ ਸਨ ਅਤੇ ਡੇਰਾ ਸੱਚਾ ਸੌਦਾ ਵਿੱਚ ਇਨ੍ਹਾਂ ਤਿੰਨਾਂ ਕਮੇਟੀ ਮੈਂਬਰਾਂ ਬਾਰੇ ਕੋਈ ਰਿਕਾਰਡ ਨਹੀਂ ਹੈ, ਜਿਸ ਕਰਕੇ ਜਾਂਚ ਟੀਮ ਨੂੰ ਇਨ੍ਹਾਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਵੱਡੀ ਚੁਣੌਤੀ ਦਾ ਸਾਹਮਣਾ ਕਰਨਾ ਪਿਆ ਹੈ। ਥਾਣਾ ਬਾਜਾਖਾਨਾ ਦੇ ਐੱਸਐੱਚਓ ਇਕਬਾਲ ਹੁਸੈਨ ਨੇ ਕਿਹਾ ਕਿ ਮੁਲਜ਼ਮਾਂ ਖ਼ਿਲਾਫ਼ ਪਰਚਾ ਦਰਜ ਕਰਨ ਮਗਰੋਂ ਉਨ੍ਹਾਂ ਦੀ ਜਾਇਦਾਦ ਦੇ ਵੇਰਵੇ ਇਕੱਠੇ ਕੀਤੇ ਜਾ ਰਹੇ ਹਨ।