ਜਸਵੰਤ ਜੱਸ
ਫ਼ਰੀਦਕੋਟ, 9 ਜੁਲਾਈ
ਵਿਸ਼ੇਸ਼ ਜਾਂਚ ਟੀਮ ਵੱਲੋਂ ਬੇਅਦਬੀ ਕਾਂਡ ’ਚ 11 ਡੇਰਾ ਪ੍ਰੇਮੀਆਂ ਖ਼ਿਲਾਫ਼ ਇੱਥੇ ਅਦਾਲਤ ’ਚ ਦਿੱਤੀ ਚਾਰਜਸ਼ੀਟ ਵਿਵਾਦਾਂ ’ਚ ਘਿਰ ਗਈ ਹੈ। ਸੀਬੀਆਈ ਤੋਂ ਬਾਅਦ ਗ੍ਰਿਫ਼ਤਾਰ ਕੀਤੇ ਗਏ ਡੇਰਾ ਪ੍ਰੇਮੀਆਂ ਨੇ ਅੱਜ ਇੱਥੇ ਇਲਾਕਾ ਮੈਜਿਸਟਰੇਟ ਦੀ ਅਦਾਲਤ ਵਿੱਚ ਅਰਜ਼ੀ ਦੇ ਕੇ ਮੰਗ ਕੀਤੀ ਕਿ ਜਾਂਚ ਟੀਮ ਵੱਲੋਂ ਪੇਸ਼ ਕੀਤੀ ਗਈ ਚਾਰਜਸ਼ੀਟ ਤੇ ਸਮੁੱਚੀ ਪੜਤਾਲ ਗ਼ੈਰ-ਕਾਨੂੰਨੀ ਹੈ। ਇਸ ਲਈ ਜਾਂਚ ਟੀਮ ਵੱਲੋਂ ਪੇਸ਼ ਕੀਤਾ ਚਲਾਨ ਵਾਪਸ ਕੀਤਾ ਜਾਵੇ। ਜੁਡੀਸ਼ਲ ਮੈਜਿਸਟਰੇਟ ਸੁਰੇਸ਼ ਕੁਮਾਰ ਨੇ ਡੇਰਾ ਪ੍ਰੇਮੀਆਂ ਦੀ ਅਰਜ਼ੀ ’ਤੇ ਪੰਜਾਬ ਸਰਕਾਰ ਅਤੇ ਵਿਸ਼ੇਸ਼ ਜਾਂਚ ਟੀਮ ਨੂੰ 20 ਜੁਲਾਈ ਲਈ ਨੋਟਿਸ
ਜਾਰੀ ਕੀਤਾ ਹੈ। ਦੱਸਣਯੋਗ ਹੈ ਕਿ ਦੋ ਦਿਨ ਪਹਿਲਾਂ ਸੀਬੀਆਈ ਨੇ ਵਿਸ਼ੇਸ਼ ਜਾਂਚ ਟੀਮ ਵੱਲੋਂ ਅਦਾਲਤ ’ਚ ਪੇਸ਼ ਕੀਤੇ ਚਲਾਨ ਉੱਤੇ ਸਖ਼ਤ ਇਤਰਾਜ਼ ਜਤਾਇਆ ਸੀ। ਸੀਬੀਆਈ ਦੀ ਅਰਜ਼ੀ ਉੱਤੇ ਭਲਕੇ 10 ਜੁਲਾਈ ਨੂੰ ਸੀਬੀਆਈ ਅਦਾਲਤ ਦੇ ਵਿਸ਼ੇਸ਼ ਜੱਜ ਜੀਐੱਸ ਸੇਖੋਂ ਸੁਣਵਾਈ ਕਰਨਗੇ। ਸੀਬੀਆਈ ਨੇ ਤਰਕ ਦਿੱਤਾ ਹੈ ਕਿ ਪੰਜਾਬ ਸਰਕਾਰ ਨੇ 14 ਮਈ ਨੂੰ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਸਬੰਧੀ ਬਾਜਾਖਾਨਾ ਥਾਣੇ ਅਧੀਨ ਦਰਜ ਹੋਏ ਤਿੰਨਾਂ ਮੁਕੱਦਮਿਆਂ ਦੀਆਂ ਫਾਈਲਾਂ ਵਾਪਸ ਮੰਗੀਆਂ ਸਨ ਪਰ ਸੀਬੀਆਈ ਨੇ ਪੰਜਾਬ ਸਰਕਾਰ ਨੂੰ ਸੂਚਿਤ ਕੀਤਾ ਸੀ ਕਿ ਸੀਬੀਆਈ ਬੇਅਦਬੀ ਕਾਂਡ ਦੀ ਤਫਤੀਸ਼ ਜਾਰੀ ਰੱਖਣਾ ਚਾਹੁੰਦੀ ਹੈ। ਇਸ ਬਾਰੇ ਸੁਪਰੀਮ ਕੋਰਟ ’ਚ ਵਿਸ਼ੇਸ਼ ਪਟੀਸ਼ਨ ਦਾਇਰ ਕਰਕੇ ਅਪੀਲ ਕੀਤੀ ਸੀ ਕਿ ਇਸ ਜਾਂਚ ਨੂੰ ਸੀਬੀਆਈ ਕੋਲ ਹੀ ਰਹਿਣ ਦਿੱਤਾ ਜਾਵੇ। ਇਸੇ ਦੌਰਾਨ ‘ਆਪ’ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਆਖਿਆ ਕਿ ਬੇਅਦਬੀ ਕਾਂਡ ਦੀ ਪੜਤਾਲ ਪਾਰਦਰਸ਼ੀ ਤੇ ਨਿਰਪੱਖ ਤਰੀਕੇ ਨਾਲ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜਾਂਚ ਏਜੰਸੀਆਂ ਦਾ ਆਪਸੀ ਟਕਰਾਅ ਮੰਦਭਾਗਾ ਹੈ ਅਤੇ ਇਸ ਉਲਝਣ ਨਾਲ ਬੇਅਦਬੀ ਕਾਂਡ ਦੇ ਅਸਲ ਮੁਲਜ਼ਮਾਂ ਨੂੰ ਫਾਇਦਾ ਮਿਲ ਸਕਦਾ ਹੈ। ਜਾਂਚ ਟੀਮ ਦੇ ਮੁਖੀ ਡੀਆਈਜੀ ਰਣਬੀਰ ਸਿੰਘ ਖੱਟੜਾ ਨੇ ਆਖਿਆ ਕਿ ਅਦਾਲਤ ਵਿੱਚ ਚਾਰਜਸ਼ੀਟ ਕਾਨੂੰਨੀ ਰਾਇ ਲੈਣ ਤੋਂ ਬਾਅਦ ਹੀ ਦਾਇਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜਾਂਚ ਟੀਮ ਅਦਾਲਤ ਸਾਹਮਣੇ ਆਪਣਾ ਪੱਖ ਰੱਖੇਗੀ।
ਬੇਅਦਬੀ ਮਾਮਲੇ ਨਾਲ ਡੇਰਾ ਮੁਖੀ ਦਾ ਸਬੰਧ ਨਹੀਂ: ਡੇਰਾ ਸਿਰਸਾ
ਸਿਰਸਾ (ਨਿੱਜੀ ਪੱਤਰ ਪ੍ਰੇਰਕ): ਡੇਰਾ ਸਿਰਸਾ ਦੀ ਪ੍ਰਬੰਧਕ ਕਮੇਟੀ ਨੇ ਅੱਜ ਇੱਥੇ ਪ੍ਰੈੱਸ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਪੰਜਾਬ ’ਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਵਿੱਚ ਡੇਰਾ ਮੁਖੀ ਨੂੰ ਫਸਾਇਆ ਜਾ ਰਿਹਾ ਹੈ। ਡੇਰਾ ਮੁਖੀ ਦਾ ਇਸ ਮਾਮਲੇ ਵਿੱਚ ਕੋਈ ਲੈਣਾ ਦੇਣਾ ਨਹੀਂ ਹੈ। ਉਨ੍ਹਾਂ ਕਿਹਾ ਗਿਆ ਹੈ ਕਿ ਡੇਰਾ ਸਾਰੇ ਧਰਮਾਂ ਦਾ ਆਦਰ ਕਰਦਾ ਹੈ। ਪ੍ਰੈੱਸ ਨੋਟ ਵਿੱਚ ਕਿਹਾ ਗਿਆ ਹੈ ਕਿ ਸੀਬੀਆਈ ਜਾਂਚ ਦੌਰਾਨ ਇਸ ਮਾਮਲੇ ਵਿੱਚ ਡੇਰਾ ਤੇ ਡੇਰਾ ਪ੍ਰੇਮੀਆਂ ਨੂੰ ਨਿਰਦੋਸ਼ ਸਾਬਿਤ ਕੀਤਾ ਗਿਆ ਸੀ।
ਵਾਰੰਟ ਅਫਸਰ ਵੱਲੋਂ ਥਾਣਿਆਂ ’ਤੇ ਛਾਪੇੇ
ਫਰੀਦਕੋਟ (ਨਿੱਜੀ ਪੱਤਰ ਪ੍ਰੇਰਕ): ਡੇਰਾ ਪ੍ਰੇਮੀਆਂ ਦੀ ਸ਼ਿਕਾਇਤ ’ਤੇ ਪੰਜਾਬ ਤੇ ਹਰਿਅਣਾ ਹਾਈ ਕੋਰਟ ਦੇ ਵਾਰੰਟ ਅਫ਼ਸਰ ਨੇ ਦੇਰ ਰਾਤ ਫਰੀਦਕੋਟ ਤੇ ਬਾਜਾਖਾਨਾ ਦੇ ਥਾਣਿਆਂ ਤੇ ਛਾਪੇ ਮਾਰੇ। ਪ੍ਰਾਪਤ ਸੂਚਨਾ ਅਨੁਸਾਰ ਹਾਈ ਕੋਰਟ ਨੂੰ ਸ਼ਿਕਾਇਤ ਮਿਲੀ ਸੀ ਕਿ ਵਿਸ਼ੇਸ਼ ਜਾਂਚ ਟੀਮ ਨੇ ਕੁਝ ਡੇਰਾ ਪ੍ਰੇਮੀਆਂ ਨੂੰ ਗ਼ੈਰ ਕਾਨੂੰਨੀ ਹਿਰਾਸਤ ’ਚ ਰੱਖਿਆ ਹੋਇਆ ਹੈ। ਇਸ ਦੀ ਪੁਸ਼ਟੀ ਕਰਦਿਆਂ ਜ਼ਿਲ੍ਹਾ ਪੁਲੀਸ ਮੁਖੀ ਸਵਰਨਦੀਪ ਸਿੰਘ ਨੇ ਕਿਹਾ ਕਿ ਫਰੀਦਕੋਟ ਤੇ ਬਾਜਾਖਾਨਾ ਥਾਣੇ ’ਚੋਂ ਕੋਈ ਵੀ ਵਿਅਕਤੀ ਗ਼ੈਰ ਕਾਨੂੰਨੀ ਹਿਰਾਸਤ ਵਿੱਚੋਂ ਨਹੀਂ ਮਿਲਿਆ। ਜਾਂਚ ਟੀਮ ਦੇ ਮੁਖੀ ਰਣਬੀਰ ਸਿੰਘ ਖੱਟੜਾ ਨੇ ਕਿਹਾ ਕਿ ਉਨ੍ਹਾਂ ਕਿਸੇ ਵੀ ਡੇਰਾ ਪ੍ਰੇਮੀ ਨੂੰ ਗ਼ੈਰਕਾਨੂੰਨੀ ਹਿਰਾਸਤ ਵਿੱਚ ਨਹੀਂ ਰੱਖਿਆ।
ਸਾਬਕਾ ਜਥੇਦਾਰ ਗੁਰਬਚਨ ਸਿੰਘ ਨੂੰ ਅਕਾਲ ਤਖ਼ਤ ’ਤੇ ਤਲਬ ਕਰਨ ਦੀ ਮੰਗ
ਅੰਮ੍ਰਿਤਸਰ: ਆਲ ਇੰਡੀਆ ਕਾਂਗਰਸ ਕਮੇਟੀ (ਏਆਈਸੀਸੀ) ਦੇ ਕਿਸਾਨ ਕਾਂਗਰਸ ਦੇ ਕੋਆਰਡੀਨੇਟਰ ਪ੍ਰਿਤਪਾਲ ਸਿੰਘ ਬਲੀਏਵਾਲ ਨੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਪੱਤਰ ਭੇਜ ਕੇ ਮੰਗ ਕੀਤੀ ਹੈ ਕਿ ਡੇਰਾ ਮੁਖੀ ਨੂੰ ਮੁਆਫ਼ੀ ਦੇਣ ਦੇ ਮਾਮਲੇ ਵਿੱਚ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਕੋਲੋਂ ਸਪੱਸ਼ਟੀਕਰਨ ਲਿਆ ਜਾਵੇ ਤੇ ਸ਼੍ਰੋਮਣੀ ਕਮੇਟੀ ਕੋਲੋਂ ਮੁਆਫ਼ੀਨਾਮੇ ਦਾ ਸਮਰਥਨ ਕਰਨ ਲਈ ਖਰਚ ਕੀਤੇ 95 ਲੱਖ ਰੁਪਏ ਬਾਰੇ ਪੁੱਛ-ਪੜਤਾਲ ਕੀਤੀ ਜਾਵੇ। ਪੱਤਰ ਵਿਚ ਕਾਂਗਰਸੀ ਆਗੂ ਨੇ ਲਿਖਿਆ ਕਿ ਗਿਆਨੀ ਗੁਰਬਚਨ ਸਿੰਘ ਨੇ ਡੇਰਾ ਸਿਰਸਾ ਮੁਖੀ ਨੂੰ ਬਿਨਾਂ ਮੁਆਫ਼ੀ ਮੰਗਿਆਂ ਮੁਆਫ਼ ਕਰ ਦਿੱਤਾ ਸੀ। ਉਨ੍ਹਾਂ ਨੇ ਮੌਜੂਦਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਪੀਲ ਕੀਤੀ ਹੈ ਕਿ ਇਸ ਮਾਮਲੇ ਵਿਚ ਸਪੱਸ਼ਟੀਕਰਨ ਲੈਣ ਵਾਸਤੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਤਲਬ ਕੀਤਾ ਜਾਵੇ ਤੇ ਉਨ੍ਹਾਂ ਤੋਂ ਡੇਰਾ ਸਿਰਸਾ ਮੁਖੀ ਨੂੰ ਮੁਆਫ਼ ਕਰਨ ਦਾ ਕਾਰਨ ਪੁੱਛਿਆ ਜਾਵੇ।
ਮੁਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ’ਚ ਸੁਣਵਾਈ ਅੱਜ
ਐਸ.ਏ.ਐਸ. ਨਗਰ (ਮੁਹਾਲੀ) (ਦਰਸ਼ਨ ਸਿੰਘ ਸੋਢੀ): ਬੇਅਦਬੀ ਮਾਮਲਿਆਂ (ਕਲੋਜ਼ਰ ਰਿਪੋਰਟ ਅਤੇ ਨਵੇਂ ਸਿਰਿਓਂ ਜਾਂਚ) ਸਬੰਧੀ ਸੁਣਵਾਈ ਭਲਕੇ 10 ਜੁਲਾਈ ਨੂੰ ਮੁਹਾਲੀ ਸਥਿਤ ਸੀਬੀਆਈ ਦੇ ਵਿਸ਼ੇਸ਼ ਜੱਜ ਜੀਐੱਸ ਸੇਖੋਂ ਦੀ ਅਦਾਲਤ ਵਿੱਚ ਹੋਵੇਗੀ। ਉੱਧਰ ਸੀਬੀਆਈ ਦੀ ਜਾਂਚ ਟੀਮ ਨੇ ਸ਼ੁੱਕਰਵਾਰ ਨੂੰ ਸੁਣਵਾਈ ਮੌਕੇ ਸਾਰੀਆਂ ਧਿਰਾਂ ਦੀ ਹਾਜ਼ਰੀ ਨੂੰ ਯਕੀਨੀ ਬਣਾਉਣ ਲਈ ਅੱਜ ਸਾਰੀਆਂ ਧਿਰਾਂ ਤੇ ਵਕੀਲਾਂ ਨੂੰ ਦਸਤੀ ਸੰਮਨ ਭੇਜੇ ਹਨ। ਸੀਬੀਆਈ ਦੇ ਇੰਸਪੈਕਟਰ ਦੀਨ ਦਿਆਲਨ ਨੇ ਅੱਜ ਸ਼ਿਕਾਇਤਕਰਤਾਵਾਂ ਰਣਜੀਤ ਸਿੰਘ ਵਾਸੀ ਪਿੰਡ ਬੁਰਜ ਸਿੰਘ ਵਾਲਾ ਅਤੇ ਗੁਰਦੁਆਰਾ ਸਾਹਿਬ ਦੇ ਗਰੰਥੀ ਗੋਰਾ ਸਿੰਘ ਸਮੇਤ ਇਤਿਹਾਸਕ ਗੁਰਦੁਆਰਾ ਬਰਗਾੜੀ ਦੇ ਮੈਨੇਜਰ ਭਾਈ ਕੁਲਵਿੰਦਰ ਸਿੰਘ ਨੂੰ ਦਸਤੀ ਸੰਮਨ ਸੌਂਪਦਿਆਂ ਭਲਕੇ ਸੁਣਵਾਈ ਮੌਕੇ ਅਦਾਲਤ ਵਿੱਚ ਹਾਜ਼ਰ ਹੋਣ ਲਈ ਕਿਹਾ ਹੈ।