ਜਸਵੰਤ ਜੱਸ
ਫ਼ਰੀਦਕੋਟ, 6 ਜੁਲਾਈ
ਜੂਨ 2015 ਵਿੱਚ ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਵਿੱਚੋਂ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਚੋਰੀ ਹੋਣ ਦੇ ਮਾਮਲੇ ’ਚ ਡੀ.ਆਈ.ਜੀ. ਰਣਬੀਰ ਸਿੰਘ ਖੱਟੜਾ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ ਨੇ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁੱਖ ਸਾਜਿਸ਼ਕਾਰ ਵਜੋਂ ਦੋਸ਼ੀ ਨਾਮਜ਼ਦ ਕੀਤਾ ਹੈ। ਡੇਰਾ ਮੁਖੀ ਇਸ ਵੇਲੇ ਜਬਰ-ਜਨਾਹ ਦੇ ਦੋਸ਼ਾਂ ਤਹਿਤ ਹਰਿਆਣਾ ਦੀ ਸੁਨਾਰੀਆ ਜੇਲ੍ਹ ਵਿੱਚ 20 ਸਾਲਾਂ ਦੀ ਦੂਹਰੀ ਸਜ਼ਾ ਕੱਟ ਰਿਹਾ ਹੈ। ਪਿੰਡ ਬੁਰਜ ਜਵਾਹਰ ਸਿੰਘ ਵਾਲਾ ’ਚੋਂ 1 ਜੂਨ 2015 ਨੂੰ ਗੁਰੂ ਗ੍ਰੰਥ ਸਾਹਿਬ ਦੀ ਬੀੜ ਚੋਰੀ ਹੋ ਗਈ ਸੀ ਅਤੇ ਉਸ ਤੋਂ ਬਾਅਦ ਬੀੜ ਦੇ ਪੱਤਰੇ ਗਲੀਆਂ ’ਚ ਖਿਲਾਰੇ ਗਏ ਸਨ, ਜਿਸ ਮਗਰੋਂ ਬਹਬਿਲ ਤੇ ਕੋਟਕਪੂਰਾ ਗੋਲੀ ਕਾਂਡ ਵਾਪਰਿਆ ਸੀ।
ਵਿਸ਼ੇਸ਼ ਜਾਂਚ ਟੀਮ ਨੇ ਚਾਰ ਦਿਨ ਪਹਿਲਾਂ ਪੰਜ ਡੇਰਾ ਪ੍ਰੇਮੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ, ਜਿਨ੍ਹਾਂ ਤੋਂ ਪੁੱਛਗਿੱਛ ਪੜਤਾਲ ਦੌਰਾਨ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੀ ਸਾਜਿਸ਼ ਸਾਹਮਣੇ ਆਈ ਹੈ। ਜਾਂਚ ਟੀਮ ਨੇ ਮੁੱਢਲੀ ਪੜਤਾਲ ਮੁਕੰਮਲ ਹੋਣ ਮਗਰੋਂ ਅੱਜ ਅਦਾਲਤ ਸਾਹਮਣੇ ਚਲਾਨ ਵੀ ਪੇਸ਼ ਕਰ ਦਿੱਤਾ, ਜਿਸ ’ਚ ਡੇਰੇ ਦੀ ਕੌਮੀ ਕਮੇਟੀ ਦੇ ਮੈਂਬਰ ਹਰਸ਼ ਪੁਰੀ, ਪ੍ਰਦੀਪ ਕਲੇਰ ਅਤੇ ਸੰਦੀਪ ਬਰੇਟਾ ਦੇ ਨਾਂਅ ਵੀ ਸ਼ਾਮਲ ਹਨ।
ਜਾਂਚ ਟੀਮ ਨੇ ਦਾਅਵਾ ਕੀਤਾ ਕਿ 2007 ਤੋਂ ਲੈ ਕੇ 2015 ਤੱਕ ਡੇਰਾ ਸਿਰਸਾ ਅਤੇ ਸਿੱਖਾਂ ਦਰਮਿਆਨ ਤਿੱਖਾ ਟਕਰਾਅ ਚੱਲਦਾ ਰਿਹਾ ਅਤੇ ਸਿੱਖ ਪ੍ਰਚਾਰਕ ਭਾਈ ਹਰਜਿੰਦਰ ਸਿੰਘ ਮਾਂਝੀ ਦੇ ਕਹਿਣ ’ਤੇ ਕੁਝ ਡੇਰਾ ਪ੍ਰੇਮੀਆਂ ਨੇ ਸੱਚਾ ਸੌਦਾ ਦੇ ਲੌਕੇਟ ਉਤਾਰ ਕੇ ਸੁੱਟ ਦਿੱਤੇ ਸਨ। ਡੇਰਾ ਪ੍ਰੇਮੀਆਂ ਨੇ ਸਿੱਖਾਂ ਤੋਂ ਲੌਕੇਟਾਂ ਦੀ ਬੇਅਦਬੀ ਦਾ ਬਦਲਾ ਲੈਣ ਲਈ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੀ ਸਾਜਿਸ਼ ਰਚੀ। ਜਾਂਚ ਟੀਮ ਅਨੁਸਾਰ ਗੁਰੂ ਗ੍ਰੰਥ ਸਾਹਿਬ ਚੋਰੀ ਅਤੇ ਇਸ ਦੀ ਬੇਅਦਬੀ ਕਰਨ ਦੀ ਸਾਜਿਸ਼ ਡੇਰਾ ਸੱਚਾ ਸੌਦਾ ’ਚ ਹੀ ਰਚੀ ਗਈ ਸੀ ਅਤੇ ਡੇਰਾ ਮੁਖੀ ਇਸ ਸਾਜਿਸ਼ ’ਚ ਪੂਰੀ ਤਰ੍ਹਾਂ ਸ਼ਾਮਲ ਸੀ।
ਡੀ.ਆਈ.ਜੀ. ਰਣਬੀਰ ਸਿੰਘ ਖੱਟੜਾ ਨੇ ਕਿਹਾ ਕਿ ਜੇਕਰ ਡੇਰਾ ਸੱਚਾ ਸੌਦਾ ਦੇ ਕੌਮੀ ਕਮੇਟੀ ਮੈਂਬਰ ਗ੍ਰਿਫ਼ਤਾਰ ਹੋ ਜਾਂਦੇ ਹਨ ਤਾਂ ਹੋਰ ਮੁਲਜ਼ਮਾਂ ਦੀ ਸ਼ਨਾਖਤ ਵੀ ਹੋ ਸਕਦੀ ਹੈ। ਪੜਤਾਲ ਦੌਰਾਨ ਉਨ੍ਹਾਂ ਨੂੰ ਅਹਿਮ ਸਬੂਤ, ਗਵਾਹ ਅਤੇ ਦਸਤਾਵੇਜ਼ ਮਿਲੇ ਹਨ, ਜੋ ਉਨ੍ਹਾਂ ਨੇ ਚਲਾਨ ਦੇ ਨਾਲ ਡਿਊਟੀ ਜੱਜ ਚੇਤਨ ਸ਼ਰਮਾ ਦੀ ਅਦਾਲਤ ਵਿੱਚ ਪੇਸ਼ ਕਰ ਦਿੱਤੇ ਹਨ।
ਦੱਸਣਯੋਗ ਹੈ ਕਿ ਬਾਜਾਖਾਨਾ ਪੁਲੀਸ ਨੇ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਚੋਰੀ ਹੋਣ ਸਬੰਧੀ 2 ਜੂਨ 2015 ਨੂੰ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਧਾਰਾ 295-ਏ, 380, 120-ਬੀ, 201 ਤਹਿਤ ਦਰਜ ਕੇਸ ’ਚ ਧਾਰਾ 414 ਅਤੇ 451 ਤਹਿਤ ਦੋਸ਼ਾਂ ਦਾ ਵਾਧਾ ਕੀਤਾ ਹੈ। ਜਾਂਚ ਟੀਮ ਨੇ ਕੌਮੀ ਕਮੇਟੀ ਮੈਂਬਰ ਹਰਸ਼ ਪੁਰੀ, ਪ੍ਰਦੀਪ ਕਲੇਰ ਅਤੇ ਸੰਦੀਪ ਬਰੇਟਾ ਨੂੰ ਗ੍ਰਿਫ਼ਤਾਰ ਕਰਨ ਲਈ ਅਦਾਲਤ ਤੋਂ ਗ੍ਰਿਫ਼ਤਾਰੀ ਵਾਰੰਟਾਂ ਦੀ ਮੰਗ ਕੀਤੀ ਹੈ। ਅਦਾਲਤ ਵਾਰੰਟ ਜਾਰੀ ਕਰਨ ਬਾਰੇ 8 ਜੁਲਾਈ ਨੂੰ ਸੁਣਵਾਈ ਕਰੇਗੀ।
ਪੰਜ ਡੇਰਾ ਪ੍ਰੇਮੀਆਂ ਦਾ 20 ਤੱਕ ਜੁਡੀਸ਼ਲ ਰਿਮਾਂਡ
ਫ਼ਰੀਦਕੋਟ (ਨਿੱਜੀ ਪੱਤਰ ਪ੍ਰੇਰਕ): ਗੁਰੂ ਗ੍ਰੰਥ ਸਾਹਿਬ ਦਾ ਸਰੂਪ ਦੀ ਬੇਅਦਬੀ ਦੇ ਦੋਸ਼ਾਂ ’ਚ ਗ੍ਰਿਫ਼ਤਾਰ ਕੀਤੇ ਗਏ ਪੰਜ ਡੇਰਾ ਪ੍ਰੇਮੀਆਂ ਨੂੰ ਅੱਜ ਇੱਥੇ ਡਿਊਟੀ ਮੈਜਿਸਟਰੇਟ ਚੇਤਨ ਸ਼ਰਮਾ ਦੀ ਅਦਾਲਤ ’ਚ ਪੇਸ਼ ਕੀਤਾ ਗਿਆ। ਜ਼ਿਲ੍ਹਾ ਅਟਾਰਨੀ ਰਜਨੀਸ਼ ਕੁਮਾਰ ਗੋਇਲ ਨੇ ਅਦਾਲਤ ਨੂੰ ਦੱਸਿਆ ਕਿ ਮੁਲਜ਼ਮਾਂ ਦੇ ਹੋਰ ਪੁਲੀਸ ਰਿਮਾਂਡ ਦੀ ਲੋੜ ਨਹੀਂ ਹੈ। ਜਿਸ ’ਤੇ ਅਦਾਲਤ ਨੇ ਪੰਜੇ ਮੁਲਜ਼ਮਾਂ ਰਣਦੀਪ ਸਿੰਘ ਉਰਫ਼ ਨੀਲਾ, ਰਣਜੀਤ ਸਿੰਘ ਉਰਫ਼ ਭੋਲਾ, ਬਲਜੀਤ ਸਿੰਘ, ਨਰਿੰਦਰ ਸ਼ਰਮਾ ਤੇ ਨਿਸ਼ਾਨ ਸਿੰਘ ਨੂੰ 20 ਜੁਲਾਈ ਤੱਕ ਅਦਾਲਤੀ ਹਿਰਾਸਤ ਤਹਿਤ ਜੇਲ੍ਹ ਭੇਜ ਦਿੱਤਾ। ਇਸੇ ਦੌਰਾਨ ਅੱਜ ਡੇਰਾ ਪ੍ਰੇਮੀਆਂ ਦੀ ਅਦਾਲਤ ’ਚ ਪੇਸ਼ੀ ਮੌਕੇ ਸਿੱਖ ਜਥੇਬੰਦੀਆਂ ਦੇ ਕੁਝ ਆਗੂਆਂ ਨੇ ਅਦਾਲਤ ਦੇ ਬਾਹਰ ਡੇਰਾ ਪ੍ਰੇਮੀਆਂ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਜ਼ਿਲ੍ਹਾ ਪੁਲੀਸ ਵੱਲੋਂ ਸਿੱਖ ਜਥੇਬੰਦੀਆਂ ਦੇ ਆਗੂਆਂ ਨੂੰ ਅਦਾਲਤੀ ਕੰਪਲੈਕਸ ਦੇ ਅੰਦਰ ਨਹੀਂ ਜਾਣ ਦਿੱਤਾ ਗਿਆ।