ਨਿੱਜੀ ਪੱਤਰ ਪ੍ਰੇਰਕ
ਫ਼ਰੀਦਕੋਟ, 20 ਨਵੰਬਰ
ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਵਿੱਚ 1 ਜੂਨ 2015 ਨੂੰ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਨੂੰ ਚੋਰੀ ਕਰਨ ਦੇ ਦੋਸ਼ਾਂ ਹੇਠ ਮੁਲਜ਼ਮ ਵਜੋਂ ਨਾਮਜ਼ਦ ਕੀਤੇ ਗਏ ਡੇਰਾ ਸੱਚਾ ਸੌਦਾ ਦੀ ਕੌਮੀ ਕਮੇਟੀ ਦੇ ਮੁੱਖ ਮੈਂਬਰ ਹਰਸ਼ ਧੂਰੀ, ਪ੍ਰਦੀਪ ਕਲੇਰ ਅਤੇ ਸੰਦੀਪ ਬਰੇਟਾ ਨੂੰ ਸਥਾਨਕ ਅਦਾਲਤ ਨੇ ਭਗੌੜਾ ਐਲਾਨਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਦੀ ਪੜਤਾਲ ਕਰ ਰਹੇ ਆਈਜੀ ਰਣਬੀਰ ਸਿੰਘ ਖੱਟੜਾ ਦੀ ਅਗਵਾਈ ਵਾਲੀ ਜਾਂਚ ਟੀਮ ਨੇ ਆਪਣੀ ਪੜਤਾਲ ਰਿਪੋਰਟ ਵਿੱਚ ਦਾਅਵਾ ਕੀਤਾ ਸੀ ਕਿ ਉਪਰੋਕਤ ਕੌਮੀ ਮੈਂਬਰਾਂ ਨੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ’ਚੋਂ ਸਾਜ਼ਿਸ਼ ਤਹਿਤ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਚੋਰੀ ਕੀਤਾ ਸੀ ਅਤੇ ਇਹ ਸਰੂਪ ਚੋਰੀ ਕਰਕੇ ਉਹ ਸਿੱਖ ਪ੍ਰਚਾਰਕਾਂ ਵੱਲੋਂ ਡੇਰਾ ਸੱਚਾ ਸੌਦਾ ਦੇ ਧਾਰਮਿਕ ਚਿੰਨ੍ਹਾਂ ਦੀ ਕੀਤੀ ਗਈ ਬੇਅਦਬੀ ਦਾ ਬਦਲਾ ਲੈਣਾ ਚਾਹੁੰਦੇ ਸਨ। ਵਿਸ਼ੇਸ਼ ਜਾਂਚ ਟੀਮ ਇਨ੍ਹਾਂ ਤਿੰਨਾਂ ਕੌਮੀ ਮੈਂਬਰਾਂ ਨੂੰ ਹਾਲੇ ਗ੍ਰਿਫ਼ਤਾਰ ਨਹੀਂ ਕਰ ਸਕੀ। ਇਲਾਕਾ ਮੈਜਿਸਟਰੇਟ ਫ਼ਰੀਦਕੋਟ ਨੇ 8 ਜੁਲਾਈ 2020 ਨੂੰ ਇਨ੍ਹਾਂ ਦੇ ਗ੍ਰਿਫ਼ਤਾਰੀ ਵਰੰਟ ਜਾਰੀ ਕੀਤੇ ਸਨ।
ਵਿਸ਼ੇਸ਼ ਜਾਂਚ ਟੀਮ ਨੇ ਇਸ ਸੰਬੰਧੀ ਅੱਜ ਅਦਾਲਤ ਨੂੰ ਦੱਸਿਆ ਕਿ ਹਰੀਸ਼ ਧੂਰੀ, ਪ੍ਰਦੀਪ ਕਲੇਰ ਅਤੇ ਸੰਦੀਪ ਬਰੇਟਾ ਹਰਿਆਣਾ ਸੂਬੇ ਦੇ ਵਸਨੀਕ ਹਨ, ਜਿਨਾਂ ਦੀ ਗ੍ਰਿਫ਼ਤਾਰੀ ਲਈ ਦੇਸ਼ ਭਰ ਵਿੱਚ ਛਾਪੇ ਮਾਰੇ ਜਾ ਰਹੇ ਹਨ ਪਰ ਹਾਲੇ ਤਕ ਇਨ੍ਹਾਂ ਦੀ ਗ੍ਰਿਫ਼ਤਾਰੀ ਨਹੀਂ ਹੋ ਸਕੀ। ਇਸ ਤੋਂ ਬਾਅਦ ਅਦਾਲਤ ਨੇ ਇਨ੍ਹਾਂ ਡੇਰਾ ਪ੍ਰੇਮੀਆਂ ਨੂੰ ਭਗੌੜਾ ਐਲਾਨਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਜਨਤਕ ਇਸ਼ਤਿਹਾਰ ਜਾਰੀ ਕਰਕੇ ਤਿੰਨੋਂ ਡੇਰਾ ਪ੍ਰੇਮੀਆਂ ਨੂੰ ਚਿਤਾਵਨੀ ਦਿੱਤੀ ਹੈ ਕਿ ਜੇ ਉਹ 18 ਜਨਵਰੀ ਤੱਕ ਅਦਾਲਤ ਸਾਹਮਣੇ ਪੇਸ਼ ਨਹੀਂ ਹੁੰਦੇ ਤਾਂ ਉਨ੍ਹਾਂ ਨੂੰ ਭਗੌੜਾ ਐਲਾਨ ਦਿੱਤਾ ਜਾਵੇਗਾ।
ਦੱਸਣਯੋਗ ਹੈ ਕਿ ਇਸ ਮਾਮਲੇ ਵਿੱਚ ਜਾਂਚ ਟੀਮ ਵੱਲੋਂ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਵੀ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਹੈ।