ਚੰਡੀਗੜ੍ਹ (ਦਵਿੰਦਰ ਪਾਲ): ਸ਼੍ਰੋਮਣੀ ਅਕਾਲੀ ਦਲ ਨੇ ਪਿਛਲੇ ਦਿਨੀਂਂ ਸ੍ਰੀ ਹਰਿਮੰਦਰ ਸਾਹਿਬ ਤੇ ਹੋਰਨਾਂ ਥਾਵਾਂ ’ਤੇ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਹਾਈ ਕੋਰਟ ਦੇ ਮੌਜੂਦਾ ਜੱਜ ਦੀ ਨਿਗਰਾਨੀ ਹੇਠ ਜਾਂਚ ਕਰਾਉਣ ਦੀ ਮੰਗ ਕੀਤੀ ਹੈ। ਪਾਰਟੀ ਦੀ ਕੋਰ ਕਮੇਟੀ ਨੇ ਅੱਜ ਇੱਥੇ ਇਹ ਵੀ ਫ਼ੈਸਲਾ ਕੀਤਾ ਹੈ ਕਿ ਪੁਲੀਸ ਵੱਲੋਂ ਬੇਅਦਬੀ ਮਾਮਲਿਆਂ ਵਿਚ ਕਾਰਵਾਈ ਨਾ ਕਰਨ ਦੇ ਰੋਸ ਵਜੋਂ 2 ਜਨਵਰੀ ਨੂੰ ਅੰਮ੍ਰਿਤਸਰ ਦੇ ਮੰਜੀ ਸਾਹਿਬ ਵਿਖੇ ਪੰਥਕ ਰੋਸ ਇਕੱਠ ਕੀਤਾ ਜਾਵੇਗਾ। ਮੀਟਿੰਗ ਦੀ ਪ੍ਰਧਾਨਗੀ ਸੁਖਬੀਰ ਸਿੰਘ ਬਾਦਲ ਨੇ ਕੀਤੀ ਅਤੇ ਪਾਰਟੀ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਤੇ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਲੰਮੇ ਸਮੇਂ ਬਾਅਦ ਮੀਟਿੰਗ ’ਚ ਸ਼ਾਮਲ ਹੋਏ। ਸੁਖਬੀਰ ਬਾਦਲ ਨੇ ਕੋਰ ਕਮੇਟੀ ’ਚ ਲਏ ਫ਼ੈਸਲਿਆਂ ਬਾਰੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਿੱਖਾਂ ਅਤੇ ਪੰਜਾਬੀਆਂ ਨੂੰ ਕਾਂਗਰਸ ਸਰਕਾਰ ਤੇ ਸੂਬੇ ਦੇ ਗ੍ਰਹਿ ਮੰਤਰੀ ’ਤੇ ਕੋਈ ਵਿਸ਼ਵਾਸ ਨਹੀਂ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਅਜਿਹੇ ਮਾਮਲਿਆਂ ਪਿਛਲੀ ਸਾਜ਼ਿਸ਼ ਬੇਨਕਾਬ ਕਰਨ ਵਿਚ ਨਾਕਾਮ ਰਹੀ ਹੈ ਹਾਲਾਂਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਟਕਾ ਸਾਹਿਬ ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ਵਿਚ ਸੁੱਟਣ ਵਾਲਾ ਵਿਅਕਤੀ ਪੁਲੀਸ ਹਵਾਲੇ ਵੀ ਕਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਸਰਕਾਰ ਨੇ 15 ਦਸੰਬਰ ਨੂੰ ਵਾਪਰੇ ਬੇਅਦਬੀ ਮਾਮਲੇ ’ਚ 48 ਘੰਟਿਆਂ ਅੰਦਰ ਸਾਰੀ ਸਾਜ਼ਿਸ਼ ਬੇਨਕਾਬ ਕਰਨ ਦਾ ਵਾਅਦਾ ਕੀਤਾ ਸੀ ਪਰ ਹੁਣ ਤੱਕ ਕੁਝ ਵੀ ਜਨਤਕ ਨਹੀਂ ਕੀਤਾ ਗਿਆ।
ਅਕਾਲੀ ਦਲ ਵੱਲੋਂ ਰੋਸ ਪ੍ਰਦਰਸ਼ਨ ਅੱਜ
ਸ਼੍ਰੋਮਣੀ ਅਕਾਲੀ ਦਲ ਵੱਲੋਂ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵਿਰੁੱਧ ਪੁਲੀਸ ਵੱਲੋਂ ਦਰਜ ਕੀਤੇ ਕੇਸ ਦੇ ਰੋਸ ਵਜੋਂ ਭਲਕੇ ਪੰਜਾਬ ਭਰ ’ਚ ਐੱਸਐੱਸਪੀ ਦਫ਼ਤਰਾਂ ਦੇ ਅੱਗੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਅਕਾਲੀ ਦਲ ਦਾ ਕਹਿਣਾ ਹੈ ਕਿ ਸਾਬਕਾ ਮੰਤਰੀ ਨੂੰ ਸਾਜ਼ਿਸ਼ ਤਹਿਤ ਝੂਠੇ ਮਾਮਲੇ ਵਿੱਚ ਫਸਾਇਆ ਹੈ।
ਘਟਨਾਵਾਂ ਦਾ ਸਬੰਧ 2022 ਦੇ ਚੋਣ ਨਤੀਜਿਆਂ ਨਾਲ: ਬਾਦਲ
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਸੂਬੇ ’ਚ ਵਾਪਰੀਆਂ ਬੇਅਦਬੀ ਤੇ ਹਿੰਸਾ ਦੀਆਂ ਘਟਨਾਵਾਂ ਦਾ ਸਬੰਧ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਨਤੀਜੇ ਨਾਲ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਉਭਾਰ ਨਾਲ ਉਹ ਬੌਖਲਾ ਗਏ ਹਨ ਜਿਨ੍ਹਾਂ ਨੂੰ ਅਕਾਲੀ ਦਲ ਦੇ ਸੱਤਾ ਵਿਚ ਪਰਤਣ ਨਾਲ ਨੁਕਸਾਨ ਹੋਵੇਗਾ। ਉਨ੍ਹਾਂ ਕਿਹਾ ਕਿ ਸਿੱਖ ਗੁਰਧਾਮਾਂ ਦੀ ਸਿੱਖ ਸੰਗਤ ਵੱਲੋਂ ਚੁਣੇ ਨੁਮਾਇੰਦਿਆਂ ਰਾਹੀਂ ਕੀਤੀ ਜਾਂਦੀ ਸੇਵਾ ਸੰਭਾਲ ਖੋਹ ਕੇ ਸਰਕਾਰ ਹਵਾਲੇ ਕੀਤੇ ਜਾਣ ਦੀ ਸਾਜ਼ਿਸ਼ ਰਚੀ ਜਾ ਰਹੀ ਹੈ।