ਗਗਨਦੀਪ ਅਰੋੜਾ
ਲੁਧਿਆਣਾ, 3 ਮਈ
ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਬੇਅਦਬੀ ਕਾਂਡ ਸਬੰਧੀ ਹਾਈ ਕੋਰਟ ਵੱਲੋ ਰੱਦ ਕੀਤੀ ਗਈ ਸਿਟ ਦੀ ਰਿਪੋਰਟ ਬਾਰੇ ਵਿਧਾਨ ਸਭਾ ਦਾ ਹੰਗਾਮੀ ਸੈਸ਼ਨ ਸੱਦਣ ਦੀ ਮੰਗ ਕੀਤੀ ਹੈ। ਬੈਂਸ ਨੇ ਪੱਤਰ ਵਿੱਚ ਲਿਖਿਆ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਗਿਣੀ ਮਿੱਥੀ ਸਾਜ਼ਿਸ਼ ਦਾ ਹਿੱਸਾ ਸੀ। ਇਸ ਮਗਰੋਂ ਕੋਟਕਪੂਰਾ ਵਿੱਚ ਸ਼ਾਂਤਮਈ ਢੰਗ ਨਾਲ ਰੋਸ ਜਤਾ ਰਹੀ ਸੰਗਤ ’ਤੇ ਗੋਲੀਆਂ ਚਲਾਈਆਂ ਗਈਆਂ। ਉਨ੍ਹਾਂ ਮੁੱਖ ਮੰਤਰੀ ਨੂੰ ਯਾਦ ਕਰਵਾਇਆ ਕਿ ਉਨ੍ਹਾਂ 2017 ਵਿੱਚ ਕਾਂਗਰਸ ਦੀ ਸਰਕਾਰ ਆਉਣ ’ਤੇ ਕਸੂਰਵਾਰਾਂ ਨੂੰ ਸਜ਼ਾਵਾਂ ਦਿਵਾਉਣ ਦਾ ਵਾਅਦਾ ਕੀਤਾ ਸੀ। ਇਸੇ ਵਾਅਦੇ ਕਰਕੇ ਸੂਬਾ ਦੇ ਲੋਕਾਂ ਨੇ ਕਾਂਗਰਸ ਨੂੰ ਵੱਡੀ ਗਿਣਤੀ ਵਿੱਚ ਵੋਟਾਂ ਵੀ ਪਾਈਆਂ ਪਰ ਸਰਕਾਰ ਕਸੂਰਵਾਰਾਂ ਨੂੰ ਸਜ਼ਾ ਦਿਵਾਉਣ ਦੀ ਜਗ੍ਹਾ ਉਨ੍ਹਾਂ ਨੂੰ ਕਥਿਤ ਤੌਰ ’ਤੇ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਹਾਈ ਕੋਰਟ ਵੱਲੋਂ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਰਿਪੋਰਟ ਖਾਰਜ ਕਰ ਦਿੱਤੀ ਗਈ। ਇਸ ਸਬੰਧੀ ਮੁੱਖ ਮੰਤਰੀ ਨੇ ਇੱਕ ਇੰਟਰਵਿਊ ਵਿਚ ਕਿਹਾ ਹੈ ਕਿ ਜੱਜ ਨੇ ਰਾਜਨੀਤਕ ਪ੍ਰਭਾਵ ਹੇਠ ਇਹ ਗਲਤ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੋਲ ਸਾਰੀਆਂ ਜਾਣਕਾਰੀਆਂ ਦੇ ਪੁਖਤਾ ਸਬੂਤ ਹਨ। ਇਸ ਸਬੰਧੀ ਵਿਧਾਨ ਸਭਾ ਦਾ ਹੰਗਾਮੀ ਸੈਸ਼ਨ ਬੁਲਾ ਕੇ ਬਹਿਸ ਕਰਵਾਈ ਜਾਣੀ ਚਾਹੀਦੀ ਹੈ। ਉਸ ਬਹਿਸ ’ਚੋਂ ਜੋ ਵੀ ਨਿਚੋੜ ਨਿਕਲ ਕੇ ਆਵੇ, ਉੁਸ ਮੁਤਾਬਕ ਪੰਜਾਬ ਸਰਕਾਰ ਕਸੂਰਵਾਰਾਂ ਨੂੰ ਸਜ਼ਾ ਦਿਵਾਏ।