ਜਸਵੰਤ ਜੱਸ
ਫਰੀਦਕੋਟ, 6 ਅਕਤੂਬਰ
ਗੁਰੂ ਗ੍ਰੰਥ ਸਾਹਿਬ ਦੇ ਪੱਤਰੇ ਗਲੀਆਂ ਵਿੱਚ ਖਿਲਾਰਨ ਅਤੇ ਇਤਰਾਜ਼ਯੋਗ ਪੋਸਟਰ ਲਾਉਣ ਦੇ ਮਾਮਲੇ ਵਿੱਚ ਨਾਮਜ਼ਦ ਡੇਰਾ ਪ੍ਰੇਮੀਆਂ ਖ਼ਿਲਾਫ਼ ਅੱਜ ਇੱਥੇ ਦੋਸ਼ ਆਇਦ ਨਹੀਂ ਹੋ ਸਕੇ। ਵਿਸ਼ੇਸ਼ ਜਾਂਚ ਟੀਮ ਇਨ੍ਹਾਂ ਕੇਸਾਂ ਵਿੱਚ ਛੇ ਡੇਰਾ ਪ੍ਰੇਮੀਆਂ ਖ਼ਿਲਾਫ਼ ਚਲਾਨ ਪੇਸ਼ ਕਰ ਚੁੱਕੀ ਹੈ। ਡੇਰਾ ਪ੍ਰੇਮੀਆਂ ਨੇ ਜੁਡੀਸ਼ਲ ਮੈਜਿਸਟਰੇਟ ਤਰਜਨੀ ਦੀ ਅਦਾਲਤ ਵਿੱਚ ਅਰਜ਼ੀ ਦੇ ਕੇ ਮੰਗ ਕੀਤੀ ਹੈ ਕਿ ਦੋਸ਼ ਆਇਦ ਕਰਨ ਤੋਂ ਪਹਿਲਾਂ ਉਨ੍ਹਾਂ ਨੂੰ ਗੁਰੂ ਗ੍ਰੰਥ ਸਾਹਿਬ ਦੇ ਖਿਲਾਰੇ ਗਏ ਪੱਤਰਿਆਂ ਦੀਆਂ ਤਸਵੀਰਾਂ ਦਿੱਤੀਆਂ ਜਾਣ ਅਤੇ ਨਾਲ ਹੀ ਗੁਰੂ ਗ੍ਰੰਥ ਸਾਹਿਬ ਚੋਰੀ ਕਰਨ ਦੇ ਦੋਸ਼ਾਂ ਵਿੱਚ ਸਭ ਤੋਂ ਪਹਿਲਾਂ ਗ੍ਰਿਫ਼ਤਾਰ ਕੀਤੇ ਗਏ ਰੁਪਿੰਦਰ ਸਿੰਘ ਅਤੇ ਜਸਵਿੰਦਰ ਸਿੰਘ ਦੀ ਫੋਨ ਰਿਕਾਰਡਿੰਗ ਦਾ ਰਿਕਾਰਡ ਮੁਹੱਈਆ ਕਰਵਾਇਆ ਜਾਵੇ।
ਡੇਰਾ ਪ੍ਰੇਮੀਆਂ ਨੇ ਅਦਾਲਤ ਵਿੱਚ ਅਰਜ਼ੀ ਦੇ ਕੇ ਮੰਗ ਕੀਤੀ ਹੈ ਕਿ ਵਿਵਾਦਤ ਪੋਸਟਰ ਦੀ ਪਰਖ ਰਿਪੋਰਟ ਨਕਲ ਵੀ ਉਨ੍ਹਾਂ ਨੂੰ ਮੁਹੱਈਆ ਕਰਵਾਈ ਜਾਵੇ ਅਤੇ ਇਨ੍ਹਾਂ ਮਾਮਲਿਆਂ ਦੀ ਪੜਤਾਲ ਦੌਰਾਨ ਸੀਬੀਆਈ ਵੱਲੋਂ ਜਿਹੜੇ ਗਵਾਹਾਂ ਦੇ ਬਿਆਨ ਲਿਖੇ ਗਏ ਸਨ, ਉਨ੍ਹਾਂ ਦੀਆਂ ਨਕਲਾਂ ਵੀ ਦਿੱਤੀਆਂ ਜਾਣ। ਅਦਾਲਤ ਨੇ ਇਸ ਮਾਮਲੇ ਵਿੱਚ ਵਿਸ਼ੇਸ਼ ਜਾਂਚ ਟੀਮ ਨੂੰ ਆਪਣਾ ਪੱਖ ਅਦਾਲਤ ਵਿੱਚ ਲਿਖਤੀ ਤੌਰ ’ਤੇ ਰੱਖਣ ਲਈ ਕਿਹਾ ਹੈ। ਇਸ ਅਰਜ਼ੀ ਦੇ ਨਿਪਟਾਰੇ ਤੋਂ ਬਾਅਦ ਹੀ ਮੁਲਜ਼ਮਾਂ ਖ਼ਿਲਾਫ਼ ਚਾਰਜ ਲਾਉਣ ਦੇ ਮੁੱਦੇ ’ਤੇ ਬਹਿਸ ਹੋਵੇਗੀ। ਅਦਾਲਤ ਨੇ ਇਸ ਮਾਮਲੇ ਦੀ ਸੁਣਵਾਈ 27 ਅਕਤੂਬਰ ਤੱਕ ਮੁਲਤਵੀ ਕਰ ਦਿੱਤੀ ਹੈ।