ਸੁੱਚਾ ਸਿੰਘ ਪਸਨਾਵਾਲ
ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਭੰਗ ਕਰਨ ਨੂੰ ਸੀ ਪੀ ਆ ਈ ਐੱਮ ਐੱਲ ਲਿਬਰੇਸ਼ਨ ਨੇ ਅਤਿ ਨਿੰਦਣਯੋਗ ਕਾਰਵਾਈ ਦੱਸਿਆ ਹੈ। ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬਖਤਪੁਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਨੇ ਚੰਡੀਗੜ੍ਹ ’ਤੇ ਕੇਂਦਰ ਦਾ ਕਬਜ਼ਾ ਕਰਾਉਣ ਲਈ ਪੰਜਾਬ ਯੂਨੀਵਰਸਿਟੀ ’ਤੇ ਹੱਲਾ ਬੋਲ ਦਿੱਤਾ ਹੈ। ਪੰਜਾਬ ਨੂੰ ਪੂਰੀ ਤਰ੍ਹਾਂ ਰਾਜਧਾਨੀ ’ਚੋਂ ਬਾਹਰ ਧੱਕਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਨੂੰ ਭੰਗ ਕਰਨਾ ਸਧਾਰਨ ਘਟਨਾ ਨਹੀਂ ਬਲਕਿ ਮੋਦੀ ਸਰਕਾਰ ਵੱਲੋਂ ਦੇਸ਼ ਦੀਆਂ ਸਮੁੱਚੀਆਂ ਯੂਨੀਵਰਸਿਟੀਆਂ ਨੂੰ ਆਪਣੇ ਕਬਜ਼ੇ ’ਚ ਲੈ ਕੇ ਸਿੱਖਿਆ ਦਾ ਭਗਵਾਂਕਰਨ ਦੀ ਨੀਤੀ ਦਾ ਹਿੱਸਾ ਹੈ। ਮੋਦੀ-ਸ਼ਾਹ ਦੇ ਇਸ ਹਮਲੇ ਨੂੰ ਪੰਜਾਬੀ ਸਹਿਣ ਨਹੀਂ ਕਰਨਗੇ। ਲਿਬਰੇਸ਼ਨ ਨੇ ਇਸ ਦਾ ਤਿੱਖਾ ਵਿਰੋਧ ਕਰਦਿਆਂ ਫੈਸਲੇ ਨੂੰ ਵਾਪਸ ਲੈਣ ਦੀ ਮੰਗ ਕੀਤੀ ਹੈ।
ਫ਼ੈਸਲੇ ਵਿਰੁੱਧ ਵਿਧਾਨ ਸਭਾ ਸੈਸ਼ਨ ਸੱਦੇ ਸਰਕਾਰ: ਢੀਂਡਸਾ
ਸੰਗਰੂਰ (ਨਿਜੀ ਪੱਤਰ ਪ੍ਰੇਰਕ): ਪੰਜਾਬ ਦੇ ਸਾਬਕਾ ਵਿੱਤ ਮੰਤਰੀ ਤੇ ਸ੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਪਰਮਿੰਦਰ ਸਿੰਘ ਢੀਡਸਾ ਨੇ ਸੈਨੇਟ ਤੇ ਸਿੰਡੀਕੇਟ ਭੰਗ ਕਰਨ ਦੇ ਫੈਸਲੇ ਨੂੰ ਪੰਜਾਬ ਨਾਲ ਇੱਕ ਹੋਰ ਧੱਕਾ ਕਰਾਰ ਦਿੰਦਿਆਂ ਫੈਸਲੇ ਦੇ ਵਿਰੋਧ ਵਿੱਚ ਤੁਰੰਤ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਸੱਦਣ ਦੀ ਮੰਗ ਕੀਤੀ ਹੈ। ਉਨ੍ਹਾਂ ਸਮੂਹ ਸਿਆਸੀ ਪਾਰਟੀਆਂ ਤੇ ਸਮੂਹ ਵਿਦਿਆਰਥੀ ਜਥੇਬੰਦੀਆਂ ਨੂੰ ਕੇਂਦਰ ਸਰਕਾਰ ਦੇ ਤਾਨਾਸ਼ਾਹੀ ਫਰਮਾਨ ਦਾ ਇੱਕਜੁਟ ਹੋ ਕੇ ਵਿਰੋਧ ਕਰਨ ਲਈ ਅੱਗੇ ਆਉਣ ਦੀ ਅਪੀਲ ਕੀਤੀ ਹੈ।
ਪੰਜਾਬ ਦੇ ਜਮਹੂਰੀ ਹੱਕਾਂ ’ਤੇ ਹਮਲਾ: ਚੰਦੂਮਾਜਰਾ
ਚੰਡੀਗੜ੍ਹ (ਟਨਸ): ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਤੇ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕੇਂਦਰ ਸਰਕਾਰ ਦੇ ਇਸ ਫ਼ੈਸਲੇ ਨੂੰ ਪੰਜਾਬ ਦੇ ਜਮਹੂਰੀ ਹੱਕਾਂ ’ਤੇ ਹਮਲਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਇਸ ਫੈਸਲੇ ਨੇ ਪੰਜਾਬੀਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਫ਼ੈਸਲੇ ਸਬੰਧੀ ਨੋਟੀਫ਼ਿਕੇਸ਼ਨ ਨੂੰ ਤੁਰੰਤ ਰੱਦ ਕੀਤਾ ਜਾਵੇਪੰਜਾਬੀਆਂ ਦੇ ਸਵੈ-ਮਾਣ ’ਤੇ ਹਮਲਾ: ਸਿਸੋਦੀਆ
ਨਵੀਂ ਦਿੱਲੀ (ਪੱਤਰ ਪ੍ਰੇਰਕ): ‘ਆਪ’ ਦੇ ਸੀਨੀਅਰ ਆਗੂ ਤੇ ਪੰਜਾਬ ‘ਆਪ’ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਕੇਂਦਰ ਸਰਕਾਰ ਦੇ ਇਸ ਫੈਸਲੇ ਦਾ ਵਿਰੋਧ ਕਰਦਿਆਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਪੰਜਾਬ ਨੂੰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਪ੍ਰਬੰਧ ਵਿੱਚੋਂ ਬਾਹਰ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ ਇਸ ਫ਼ੈਸਲੇ ਨਾਲ ਪੰਜਾਬ ਦੇ ਸਵੈ-ਮਾਣ ’ਤੇ ਹਮਲਾ ਕੀਤਾ ਹੈ। ਉਨ੍ਹਾਂ ਐਕਸ ’ਤੇ ਲਿਖਿਆ ਕਿ ਇਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

