ਡਾ. ਹਿਮਾਂਸ਼ੂ ਸੂਦ
ਫ਼ਤਹਿਗੜ੍ਹ ਸਾਹਿਬ, 27 ਅਗਸਤ
ਪੰਜਾਬ ਸਰਕਾਰ ਵੱਲੋਂ ਬੇਜ਼ਮੀਨੇ ਕਿਸਾਨਾਂ ਤੇ ਖੇਤ ਕਾਮਿਆਂ ਨੂੰ ਸਹਿਕਾਰੀ ਸਭਾਵਾਂ ਸਬੰਧੀ ਕਰਜ਼ਾ ਰਾਹਤ ਦੇਣ ਦੀ ਸਹੂਲਤ ਤਹਿਤ ਸਹਿਕਾਰੀ ਪਿੰਡ ਸੌਂਢਾ ਦੇ 140 ਮੈਂਬਰਾਂ ਨੂੰ ਕਰੀਬ 9 ਲੱਖ ਰੁਪਏ ਦੇ ਕਰਜ਼ਾ ਰਾਹਤ ਦੇ ਚੈੱਕ ਵਿਧਾਇਕ ਕੁਲਜੀਤ ਸਿੰਘ ਨਾਗਰਾ ਵੱਲੋਂ ਲਾਭਪਾਤਰੀਆਂ ਨੂੰ ਸੌਂਪੇ ਗਏ। ਸ੍ਰੀ ਨਾਗਰਾ ਨੇ ਕਿਹਾ ਕਿ ਕਿਸਾਨਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ 8 ਲੱਖ 50 ਹਜ਼ਾਰ ਪਰਿਵਾਰਾਂ ਨੂੰ ਸਰਬੱਤ ਸਿਹਤ ਬੀਮਾ ਯੋਜਨਾ ਹੇਠ ਲਿਆਂਦਾ ਗਿਆ ਹੈ।
ਬਸੀ ਪਠਾਣਾਂ/ਫ਼ਤਹਿਗੜ੍ਹ ਸਾਹਿਬ (ਅਜੇ ਮਲਹੋਤਰਾ): ਬਸੀ ਪਠਾਣਾਂ ਸਰਕਲ ਦੀਆਂ 13 ਸਹਿਕਾਰੀ ਸਭਾਵਾਂ ਦੇ 588 ਬੇਜ਼ਮੀਨੇ ਕਿਸਾਨਾਂ ਅਤੇ ਕਾਮਿਆਂ ਦਾ ਤਕਰੀਬਨ 37 ਲੱਖ ਰੁਪਏ ਦਾ ਕਰਜ਼ਾ ਮੁਆਫ਼ ਕਰਨ ਦੇ ਪ੍ਰਮਾਣ ਪੱਤਰ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਨੇ ਐੱਸਡੀਐੱਮ ਬਸੀ ਪਠਾਣਾਂ ਯਸ਼ਪਾਲ ਸ਼ਰਮਾ ਦੀ ਮੌਜੂਦਗੀ ’ਚ ਲਾਭਪਾਤਰੀਆਂ ਨੂੰ ਸੌਂਪੇ। ਵਿਧਾਇਕ ਨੇ ਦੱਸਿਆ ਕਿ ਸਰਕਲ ਦੀ ਸਹਿਕਾਰੀ ਸਭਾਵਾਂ ਨੌਗਾਵਾਂ, ਜੈ ਸਿੰਘ ਵਾਲਾ, ਕੋਟਲਾ-ਨੰਦਪੁਰ ਕਲੌੜ, ਘੁਮੰਡਗੜ੍ਹ ਅਤੇ ਲੁਹਾਰੀ ਕਲਾਂ ਦੇ ਲਾਭਪਾਤਰੀਆਂ ਨੂੰ ਕਰਜ਼ਾ ਰਾਹਤ ਦੇ ਪ੍ਰਮਾਣ ਪੱਤਰ ਸੌਂਪੇ ਗਏ ਹਨ।
ਅਮਲੋਹ (ਰਾਮ ਸਰਨ ਸੂਦ): ਵਿਧਾਇਕ ਰਣਦੀਪ ਸਿੰਘ ਨਾਭਾ ਨੇ 800 ਬੇਜ਼ਮੀਨੇ ਕਿਸਾਨ ਅਤੇ ਖੇਤ ਮਜ਼ਦੂਰਾਂ ਨੂੰ ਕਰਜ਼ਾ ਮੁਆਫ਼ੀ ਦੇ ਸਰਟੀਫ਼ਿਕੇਟ ਵੰਡੇ। ਉਨ੍ਹਾਂ ਕਿਹਾ ਕਿ ਅਮਲੋਹ ਹਲਕੇ ਦੇ ਇਨ੍ਹਾਂ 800 ਮੈਂਬਰਾਂ ਦੇ ਖਾਤੇ ਵਿੱਚ ਇਹ ਰਾਸ਼ੀ ਸਿੱਧੇ ਤੌਰ ’ਤੇ ਪਾ ਦਿੱਤੀ ਜਾਵੇਗੀ।
ਲਾਲੜੂ (ਸਰਬਜੀਤ ਸਿੰਘ ਭੱਟੀ): ਪਿੰਡ ਹਮਾਯੂੰਪੁਰ-ਤਸਿੰਬਲੀ ਵਿੱਚ ‘ਦਿ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਲਿਮਟਿਡ’ ਵਿੱਚ ਕਾਂਗਰਸ ਦੇ ਹਲਕਾ ਇੰਚਾਰਜ ਦੀਪਇੰਦਰ ਸਿੰਘ ਢਿੱਲੋਂ ਵੱਲੋਂ ਪੰਜਾਬ ਸਰਕਾਰ ਦੀ ਕਰਜ਼ਾ ਮੁਆਫ਼ੀ ਸਕੀਮ ਤਹਿਤ 86 ਬੇਜ਼ਮੀਨੇ ਤੇ ਖੇਤ ਮਜ਼ਦੂਰ ਲਾਭਪਾਤਰੀਆਂ ਨੂੰ 29 ਲੱਖ 64 ਹਜ਼ਾਰ ਰੁਪਏ ਦੇ ਚੈੱਕ ਸੌਂਪੇ ਗਏ।