ਆਤਿਸ਼ ਗੁਪਤਾ
ਚੰਡੀਗੜ੍ਹ, 10 ਜਨਵਰੀ
ਪੰਜਾਬ ਵਿਧਾਨ ਸਭਾ ਚੋਣਾਂ ਲਈ ‘ਆਪ’ ਹਾਈ ਕਮਾਨ ਵੱਲੋਂ ਕੀਤੀ ਜਾ ਰਹੀ ਟਿਕਟਾਂ ਦੀ ਵੰਡ ਸਬੰਧੀ ਪਾਰਟੀ ਵਿੱਚ ਬਗਾਵਤ ਸ਼ੁਰੂ ਹੋ ਗਈ ਹੈ।
‘ਆਪ’ ਦੇ ਨੌਜਵਾਨ ਆਗੂਆਂ ਨੇ ਟਿਕਟਾਂ ਦੀ ਵੰਡ ਲਈ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਸਮੁੱਚੀ ਲੀਡਰਸ਼ਿਪ ਨੂੰ ਕਟਹਿਰੇ ਵਿੱਚ ਖੜ੍ਹਾ ਕੀਤਾ ਹੈ।
ਇਸ ਲਈ ‘ਆਪ’ ਮੁਹਾਲੀ ਦੇ ਯੂਥ ਵਿੰਗ ਦੇ ਪ੍ਰਧਾਨ ਗੁਰਤੇਜ ਸਿੰਘ ਪੰਨੂ, ਪੰਜਾਬ ਯੂਥ ਵਿੰਗ ਦੇ ਮੀਤ ਪ੍ਰਧਾਨ ਸ਼ੇਰਾ ਭੰਬੂਰਾ ਅਤੇ ਫਾਊਂਡਰ ਮੈਂਬਰ ਮੌੜਾ ਸਿੰਘ ਅਣਜਾਣ ਨੇ ਚੰਡੀਗੜ੍ਹ ਪ੍ਰੈੱਸ ਕਲੱਬ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਾਰਟੀ ’ਤੇ ਟਿਕਟਾਂ ਵੇਚਣ ਦੇ ਦੋਸ਼ ਲਾਏ ਹਨ। ਸ੍ਰੀ ਪੰਨੂ ਨੇ ਕਿਹਾ ਕਿ ਪਾਰਟੀ ਨੇ ਹੁਣ ਤੱਕ 109 ਸੀਟਾਂ ਦੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ ਜਿਨ੍ਹਾਂ ਵਿੱਚੋਂ 56 ਵਿਧਾਨ ਸਭਾ ਹਲਕਿਆਂ ’ਤੇ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਵਰਗੀਆਂ ਪਾਰਟੀਆਂ ਤੋਂ ਆਏ ਵਿਅਕਤੀਆਂ ਨੂੰ ਹੀ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਇਸ ਵਿੱਚੋਂ 13 ਉਮੀਦਵਾਰ ਅਜਿਹੇ ਹਨ, ਜੋ ਦੋ ਦਿਨ ਪਹਿਲਾਂ ਹੀ ਪਾਰਟੀ ’ਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਜਿਹੜੇ ਨੌਜਵਾਨ ਕਈ ਸਾਲਾਂ ਤੋਂ ਪਾਰਟੀ ਲਈ ਕੰਮ ਕਰ ਰਹੇ ਹਨ, ਉਨ੍ਹਾਂ ਨਾਲ ਪਾਰਟੀ ਨੇ ਧੋਖਾ ਕੀਤਾ ਹੈ। ਸ਼ੇਰਾ ਭੰਬੂਰਾ ਨੇ ਕਿਹਾ ਕਿ ‘ਆਪ’ ਪਹਿਲੇ ਦਿਨ ਤੋਂ ਪੰਜਾਬ ਦੇ ਕਰਜ਼ਈ ਹੋਣ ਦਾ ਅਸਲ ਕਾਰਨ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਦੀ ਲੋਕ ਵਿਰੋਧੀ ਨੀਤੀਆਂ ਨੂੰ ਦਸਦੀ ਆਈ ਹੈ। ਅੱਜ ਉਸ ਪਾਰਟੀ ਨੇ ਹੀ ਕਾਂਗਰਸ ਅਤੇ ਅਕਾਲੀ ਦਲ ਦੇ ਆਗੂਆਂ ਨੂੰ ਅੱਧੀ ਤੋਂ ਵੱਧ ਟਿਕਟਾਂ ਦੇ ਦਿੱਤੀਆਂ ਹਨ। ਫਾਊਂਡਰ ਮੈਂਬਰ ਅਤੇ ਫਿਰੋਜ਼ਪੁਰ ਦਿਹਾਤੀ ਤੋਂ ਮੌੜਾ ਸਿੰਘ ਅਣਜਾਣ ਨੇ ਕਿਹਾ ਕਿ ਪਾਰਟੀ ਜਿਸ ਵਿਚਾਰਧਾਰਾਂ ਨੂੰ ਲੈ ਕੇ ਚੱਲੀ ਸੀ, ਅੱਜ ਉਸ ਤੋਂ ਪੂਰੀ ਤਰ੍ਹਾਂ ਭਟਕ ਚੁੱਕੀ ਹੈ। ਇਸੇ ਦੌਰਾਨ ਪੰਜਾਬ ਦੇ ਵਿਧਾਨ ਸਭਾ ਹਲਕਾ ਅਮਰਗੜ੍ਹ, ਮੁਹਾਲੀ, ਫਿਰੋਜ਼ਪੁਰ ਦਿਹਾਤੀ, ਤਰਨ ਤਾਰਨ ਅਤੇ ਮਾਲੇਰਕੋਟਲਾ ਤੋਂ ਚੰਡੀਗੜ੍ਹ ਪਹੁੰਚੇ ਸੈਂਕੜੇ ਨੌਜਵਾਨਾਂ ਨੇ ਅੱਜ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਦੇ ਸੀਨੀਅਰ ਆਗੂਆਂ ਨਾਲ ਕਈ ਵਾਰ ਸੰਪਰਕ ’ਤੇ ਕੋਈ ਸੁਣਵਾਈ ਨਹੀਂ ਹੋਈ ਹੈ।
‘ਆਪ’ ਆਗੂ ਨੇ ਦੋਸ਼ ਨਕਾਰੇ
‘ਆਪ’ ਪੰਜਾਬ ਦੇ ਬੁਲਾਰੇ ਨੀਲ ਗਰਗ ਨੇ ਪਾਰਟੀ ’ਤੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਪਾਰਟੀ ਨੇ ਸੂਬੇ ਭਰ ਵਿੱਚ ਸਰਵੇਖਣ ਕਰਵਾਉਣ ਤੋਂ ਬਾਅਦ ਸਾਫ਼-ਸੁਥਰੇ ਤੇ ਇਮਾਨਦਾਰ ਵਿਅਕਤੀਆਂ ਨੂੰ ਟਿਕਟਾਂ ਦਿੱਤੀਆਂ ਹਨ। ਇਸ ਲਈ ਸਥਾਨਕ ਵਰਕਰਾਂ ਨਾਲ ਵੀ ਸਲਾਹ-ਮਸ਼ਵਰਾ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਪਾਰਟੀ ਨੇ ਯੋਗ ਉਮੀਦਵਾਰਾਂ ਨੂੰ ਟਿਕਟ ਦਿੱਤੀ ਹੈ।