ਜ਼ਮੀਨ ਦੇ ਰੌਲੇ ਤੋਂ ਪ੍ਰੇਸ਼ਾਨ ਹੋ ਕੇ ਜ਼ਹਿਰ ਨਿਗਲੀ
ਇਸ ਸ਼ਹਿਰ ਵਾਸੀ ਨੇ ਆਪਣੇ ਭਰਾ, ਭਤੀਜੇ, ਜੀਜੇ ਅਤੇ ਭਾਣਜੇ ’ਤੇ ਜ਼ਮੀਨ ਨਾ ਦੇਣ ਦੇ ਦੋਸ਼ ਲਾਉਂਦੇ ਹੋਏ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰ ਲਈ ਹੈ। ਇਸ ਤੋਂ ਪਹਿਲਾਂ ਉਸ ਨੇ ਵੀਡੀਓ ਵੀ ਬਣਾਈ ਸੀ। ਪੁਲੀਸ ਨੇ ਮ੍ਰਿਤਕ ਦੀ ਪਤਨੀ...
ਇਸ ਸ਼ਹਿਰ ਵਾਸੀ ਨੇ ਆਪਣੇ ਭਰਾ, ਭਤੀਜੇ, ਜੀਜੇ ਅਤੇ ਭਾਣਜੇ ’ਤੇ ਜ਼ਮੀਨ ਨਾ ਦੇਣ ਦੇ ਦੋਸ਼ ਲਾਉਂਦੇ ਹੋਏ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰ ਲਈ ਹੈ। ਇਸ ਤੋਂ ਪਹਿਲਾਂ ਉਸ ਨੇ ਵੀਡੀਓ ਵੀ ਬਣਾਈ ਸੀ। ਪੁਲੀਸ ਨੇ ਮ੍ਰਿਤਕ ਦੀ ਪਤਨੀ ਦੇ ਬਿਆਨ ’ਤੇ ਚਾਰ ਜਣਿਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਜਾਣਕਾਰੀ ਅਨੁਸਾਰ ਪਾਤੜਾਂ ਵਾਸੀ ਪ੍ਰਗਟ ਸਿੰਘ ਨੇ ਸੋਸ਼ਲ ਮੀਡੀਆ ’ਤੇ ਪਾਈ ਵੀਡੀਓ ਵਿੱਚ ਕਿਹਾ ਹੈ ਕਿ ਉਸ ਦੀ ਪੰਜ ਕਨਾਲ ਜ਼ਮੀਨ ’ਤੇ ਉਸ ਦੇ ਭਰਾ ਨਾਲ ਵਿਵਾਦ ਚੱਲ ਰਿਹਾ ਹੈ। ਇਸ ਕਾਰਨ ਉਸ ਨੇ ਜ਼ਹਿਰੀਲੀ ਦਵਾਈ ਨਿਗਲ ਲਈ। ਮ੍ਰਿਤਕ ਦੀ ਪਤਨੀ ਰਾਣੀ ਕੌਰ ਨੇ ਦੱਸਿਆ ਹੈ ਕਿ ਉਸ ਦੇ ਪਤੀ ਨੇ ਆਪਣੇ ਭਰਾ ਤੋਂ ਘਰ ਪਾਉਣ ਲਈ ਜਗ੍ਹਾ ਦੇਣ ਦੀ ਮੰਗ ਕੀਤੀ ਸੀ ਪਰ ਉਨ੍ਹਾਂ ਨੇ ਕਥਿਤ ਧੱਕੇ ਮਾਰ ਕੇ ਉਸ ਨੂੰ ਬਾਹਰ ਕੱਢ ਦਿੱਤਾ। ਇਸ ਤੋਂ ਦੁਖੀ ਹੋ ਕੇ ਉਸ ਨੇ ਜ਼ਹਿਰੀਲੀ ਦਵਾਈ ਨਿਗਲ ਲਈ। ਇਸ ਬਾਰੇ ਪਤਾ ਲੱਗਣ ’ਤੇ ਉਸ ਨੇ ਤੁਰੰਤ ਆਪਣੇ ਪਤੀ ਨੂੰ ਹਸਪਤਾਲ ਦਾਖ਼ਲ ਕਰਵਾਇਆ ਪਰ ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ।
ਦੂਜੇ ਪਾਸੇ ਮ੍ਰਿਤਕ ਦੇ ਭਰਾ ਸੁਖਦੇਵ ਸਿੰਘ ਨੇ ਕਿਹਾ ਕਿ ਪ੍ਰਗਟ ਸਿੰਘ ਨਾਲ ਕੋਈ ਧੱਕਾ ਨਹੀਂ ਕੀਤਾ। ਉਹ ਆਪਣੇ ਹਿੱਸੇ ਦੀ ਜ਼ਮੀਨ ਵੇਚ ਚੁੱਕਿਆ ਹੈ। ਉਨ੍ਹਾਂ ਪੁਲੀਸ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਖਿਲਾਫ਼ ਦਰਜ ਕੇਸ ਦੀ ਡੂੰਗਾਈ ਨਾਲ ਪੜਤਾਲ ਕਰ ਕੇ ਇਨਸਾਫ਼ ਦਿੱਤਾ ਜਾਵੇ।
ਇਸ ਸਬੰਧੀ ਕੇਸ ਦੇ ਪੜਤਾਲੀਆ ਅਫ਼ਸਰ ਬਲਜਿੰਦਰ ਕੁਮਾਰ ਨੇ ਕਿਹਾ ਕਿ ਮ੍ਰਿਤਕ ਦੀ ਪਤਨੀ ਦੇ ਬਿਆਨਾਂ ਦੇ ਆਧਾਰ ’ਤੇ ਸੁਖਦੇਵ ਸਿੰਘ, ਮਹਿੰਦਰ ਸਿੰਘ, ਸੁਰਜੀਤ ਸਿੰਘ ਅਤੇ ਉਸ ਦੇ ਲੜਕੇ ਖ਼ਿਲਾਫ਼ ਕੇਸ ਦਰਜ ਕਰ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇ ਮਾਰੇ ਜਾ ਰਹੇ ਹਨ।

