ਕੁਲਦੀਪ ਸਿੰਘ
ਚੰਡੀਗੜ੍ਹ, 13 ਜੁਲਾਈ
ਜੁਆਇੰਟ ਗੌਰਮਿੰਟ ਡਾਕਟਰਜ਼ ਕੋਆਰਡੀਨੇਸ਼ਨ ਕਮੇਟੀ ਦੇ ਸੱਦੇ ’ਤੇ ਪੰਜਾਬ ਭਰ ਦੇ ਮੈਡੀਕਲ ਅਤੇ ਵੈਟਰਨਰੀ ਡਾਕਟਰਾਂ ਨੇ ਸੂਬੇ ਵਿੱਚ ਜ਼ਿਲ੍ਹਾ ਅਤੇ ਤਹਿਸੀਲ ਪੱਧਰ ’ਤੇ ਮੈਡੀਕਲ ਅਤੇ ਵੈਟਰਨਰੀ ਹਸਪਤਾਲਾਂ ਵਿੱਚ ਇਕੱਠੇ ਹੋ ਕੇ ਆਪਣੀ ਹੜਤਾਲ ਅੱਜ ਦੂਸਰੇ ਦਿਨ ਵੀ ਜਾਰੀ ਰੱਖੀ, ਜਿਸ ਦੇ ਚਲਦਿਆਂ ਐਮਰਜੈਂਸੀ, ਮੈਡੀਕਲ/ਵੈਟਰੋ ਲੀਗਲ ਅਤੇ ਕੋਵਿਡ ਡਿਊਟੀ ਤੋਂ ਸਿਵਾਏ ਹਰ ਤਰ੍ਹਾਂ ਦੀਆਂ ਓਪੀਡੀ ਅਤੇ ਬਾਕੀ ਸਾਰੇ ਕੰਮਾਂ ਦਾ ਮੁਕੰਮਲ ਬਾਈਕਾਟ ਕੀਤਾ ਗਿਆ। ਇਸ ਦੇ ਨਾਲ ਹੀ ਤਨਖਾਹ ਕਮਿਸ਼ਨ ਦੀਆਂ ਕਾਪੀਆਂ ਸਾੜਦਿਆਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ। ਜੁਆਇੰਟ ਕਮੇਟੀ ਵੱਲੋਂ ਡਾ. ਗਗਨਦੀਪ ਸਿੰਘ, ਡਾ. ਸਰਬਜੀਤ ਸਿੰਘ ਰੰਧਾਵਾ, ਡਾ. ਗਗਨਦੀਪ ਸਿੰਘ ਸ਼ੇਰਗਿੱਲ, ਡਾ. ਪਵਨਪ੍ਰੀਤ ਕੌਰ, ਡਾ. ਸੰਜੀਵ ਪਾਠਕ, ਡਾ. ਬਲਵਿੰਦਰ ਸਿੰਘ, ਡਾ. ਦੀਪਇੰਦਰ ਸਿੰਘ ਵੱਲੋਂ ਸਾਂਝੇ ਤੌਰ ’ਤੇ ਕਿਹਾ ਗਿਆ ਕਿ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਜੁਲਾਈ ਦੀ ਤਨਖਾਹ ਦੇਣ ਲਈ ਛੇਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਮੁਤਾਬਕ ਵਿਕਲਪ ਦੇਣ ਲਈ ਮੁਲਾਜ਼ਮਾਂ ’ਤੇ ਜ਼ੋਰ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਡਾਕਟਰਾਂ ਅਤੇ ਹੋਰ ਮੁਲਾਜ਼ਮਾਂ ਦੀਆਂ ਮੰਗਾਂ ਬਾਰੇ ਸਰਕਾਰ ਵੱਲੋਂ ਅਜੇ ਤੱਕ ਕੋਈ ਫ਼ੈਸਲਾ ਹੀ ਨਹੀਂ ਕੀਤਾ ਗਿਆ ਤਾਂ ਸਰਕਾਰ ਵੱਲੋਂ ਜਾਰੀ ਇਸ ਵਿਕਲਪ ਦੇਣ ਵਾਲੀ ਚਿੱਠੀ ਦਾ ਕੋਈ ਮਤਲਬ ਨਹੀਂ ਹੈ।
ਤਾਲਮੇਲ ਕਮੇਟੀ ਵੱਲੋਂ ਮੁੱਖ ਮੰਤਰੀ ਪੰਜਾਬ ਨੂੰ ਵੀ ਅਪੀਲ ਕੀਤੀ ਗਈ ਕਿ ਉਹ ਨਿਜੀ ਤੌਰ ’ਤੇ ਦਖਲ ਦੇ ਕੇ ਡਾਕਟਰਾਂ ਦੇ ਐੱਨ.ਪੀ.ਏ. ਦੇ ਮਸਲੇ ਦਾ ਤੁਰੰਤ ਹੱਲ ਕਰਨ।