ਗੁਰੂ ਰਵਿਦਾਸ ਦੇ ਪ੍ਰਕਾਸ਼ ਪੁਰਬ ’ਤੇ ਪਿੰਡਾਂ ’ਚ ਦਿਖਾਈ ਜਾਵੇਗੀ ਦਸਤਾਵੇਜ਼ੀ
ਗੁਰੂ ਰਵਿਦਾਸ ਦੇ ਸਮਾਨਤਾ ਦੇ ਸੰਦੇਸ਼ ਨੂੰ ਘਰ-ਘਰ ਪਹੁੰਚਾਵਾਂਗੇ: ਸੌਂਦ
ਪੰਜਾਬ ਸਰਕਾਰ ਵੱਲੋਂ ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸੂਬੇ ਭਰ ਵਿੱਚ ਮਨਾਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਲਈ ਪੰਜਾਬ ਸਰਕਾਰ ਵੱਲੋਂ ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਪੰਜਾਬ ਦੇ ਸਾਰੇ 13 ਹਜ਼ਾਰ ਪਿੰਡਾਂ ਵਿੱਚ ਗੁਰੂ ਰਵਿਦਾਸ ਦੇ ਜੀਵਨ ’ਤੇ ਆਧਾਰਿਤ ਦਸਤਾਵੇਜ਼ੀ ਫਿਲਮ ਦਿਖਾਈ ਜਾਵੇਗੀ। ਇਸ ਗੱਲ ਦਾ ਪ੍ਰਗਟਾਵਾ ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ 30 ਮਿੰਟ ਦੀ ਦਸਤਾਵੇਜ਼ੀ ਫ਼ਿਲਮ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਭਗਤੀ ਅਤੇ ਸਮਾਨਤਾ ਦੇ ਸੰਦੇਸ਼ ਨੂੰ ਘਰ-ਘਰ ਤੱਕ ਪਹੁੰਚਾਇਆ ਜਾਵੇਗਾ।
ਇਸੇ ਤਰ੍ਹਾਂ ਵਾਰਾਣਸੀ, ਫਰੀਦਕੋਟ, ਜੰਮੂ ਅਤੇ ਬਠਿੰਡਾ ਤੋਂ ਚਾਰ ਸ਼ੋਭਾ ਯਾਤਰਾਵਾਂ ਜਲਦ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਇਕੱਠੀਆਂ ਹੋਣਗੀਆਂ ਅਤੇ ਸਾਰੇ ਪੰਜਾਬ ਦੇ ਸ਼ਰਧਾਲੂ ਤੀਰਥ ਯਾਤਰਾਵਾਂ ਜ਼ਰੀਏ ਵਾਰਾਣਸੀ ਵਿੱਚ ਉਨ੍ਹਾਂ ਦੇ ਜਨਮ ਅਸਥਾਨ ਵਿਖੇ ਨਤਮਸਤਕ ਹੋਣਗੇ।
ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਸਾਰੇ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਸਿੱਖਿਆਵਾਂ ’ਤੇ ਸੈਮੀਨਾਰ ਵੀ ਕਰਵਾਏ ਜਾਣਗੇ, ਤਾਂ ਜੋ ਗੁਰੂ ਜੀ ਦਾ ਫ਼ਲਸਫ਼ਾ ਨੌਜਵਾਨ ਪੀੜ੍ਹੀ ਤੱਕ ਸਾਰਥਕ ਢੰਗ ਨਾਲ ਪਹੁੰਚਾਉਣਾ ਯਕੀਨੀ ਬਣਾਇਆ ਜਾ ਸਕੇ। ਇਸ ਤੋਂ ਇਲਾਵਾ ਹਰੇਕ ਜ਼ਿਲ੍ਹੇ ਵਿੱਚ 6.5 ਲੱਖ ਬੂਟੇ ਵੀ ਲਗਾਏ ਜਾਣਗੇ। ਪੰਜਾਬ ਸਰਕਾਰ ਵੱਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ’ਤੇ ਪੂਰਾ ਸਾਲ ਸਮਾਗਮ ਕਰਵਾਏ ਜਾਣਗੇ। ਇਸ ਦੌਰਾਨ ਸੂਬੇ ਵਿੱਚ ਵਿੱਚ ਖੂਨਦਾਨ ਕੈਂਪ, ਮੈਰਾਥਨ, ਸਾਈਕਲ ਰੈਲੀਆਂ ਅਤੇ ਕੀਰਤਨ ਸਮਾਗਮ ਵੀ ਕਰਵਾਏ ਜਾਣਗੇ।
