ਸ਼ਹੀਦ ਭਗਤ ਸਿੰਘ ਦੀ ਵਿਰਾਸਤ ਦੀ ਮਸ਼ਾਲ ਨੂੰ ਬੁਝਣ ਨਾ ਦਿਓ; ਭਾਵੇਂ ਲਹੂ ਹੀ ਕਿਉਂ ਨਾ ਦੇਣਾ ਪਵੇ: CM Mann
‘ਜਸ਼ਨ-ਏ-ਇਨਕਲਾਬ’ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਵਿਰੋਧੀਆਂ ’ਤੇ ਸੇਧਿਆ ਨਿਸ਼ਾਨਾ
“ਇਸ਼ਕ ਕਰਨਾ ਸਬ ਕਾ ਪੈਦਾਇਸ਼ੀ ਹੱਕ ਹੈ, ਕਿਉਂ ਨਾ ਇਸ ਬਾਰ ਵਤਨ ਕੀ ਸਰਜ਼ਮੀਨ ਕੋ ਮਹਿਬੂਬ ਬਣਾ ਲੀਆ ਜਾਏ...” ਸ਼ਹੀਦ-ਏ-ਆਜ਼ਮ ਭਗਤ ਸਿੰਘ ਬਾਰੇ ਇਸ ਸ਼ੇਅਰ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ.ਏ.ਯੂ. ਦੇ ਮੈਦਾਨਾਂ ਵਿੱਚ ਕਰਵਾਏ ਗਏ ‘ਜਸ਼ਨ-ਏ-ਇਨਕਲਾਬ’ ਸਮਾਗਮ ਦੌਰਾਨ ਆਪਣੇ ਸੰਬੋਧਨ ਦੀ ਸ਼ੁਰੂਆਤ ਕੀਤੀ।ਸੂਬਾ ਸਰਕਾਰ ਵੱਲੋਂ ਸ਼ਹੀਦ ਭਗਤ ਸਿੰਘ ਦੀ ਯਾਦ ਵਿੱਚ ਕਰਵਾਏ ਗਏ ਇਸ ਸਮਾਗਮ ਵਿੱਚ ਸ਼ਿਰਕਤ ਕਰਨ ਲਈ ਦੂਰ-ਦੁਰਾਡੇ ਪਿੰਡਾਂ ਤੋਂ ਹਜ਼ਾਰਾਂ ਲੋਕ ਪਹੁੰਚੇ ਅਤੇ ਮੈਦਾਨ ਪੂਰੀ ਤਰ੍ਹਾਂ ਭਰਿਆ ਹੋਇਆ ਸੀ।
ਇਕੱਠ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਅੱਜ ਮਹਾਨ ਸ਼ਹੀਦ ਭਗਤ ਸਿੰਘ ਦੀ ਆਤਮਾ ਨੂੰ ਜ਼ਰੂਰ ਸਕੂਨ ਮਿਲ ਰਿਹਾ ਹੋਵੇਗਾ ਕਿਉਂਕਿ ਉਨ੍ਹਾਂ ਨੂੰ ਅਜਿਹੇ ਲੋਕ ਯਾਦ ਕਰ ਰਹੇ ਹਨ ਜੋ ਉਨ੍ਹਾਂ ਦੀ ਵਿਚਾਰਧਾਰਾ ਦੀ ਅਸਲ ਵਿੱਚ ਕਦਰ ਕਰਦੇ ਹਨ। ਵਿਰੋਧੀ ਪਾਰਟੀਆਂ ’ਤੇ ਤਨਜ਼ ਕੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਗਤ ਸਿੰਘ ਦੀ ਆਤਮਾ ਇਹ ਵੀ ਸੋਚ ਰਹੀ ਹੋਵੇਗੀ ਕਿ ਉਨ੍ਹਾਂ ਨੇ ਉਸ ਦੇਸ਼ ਲਈ ਕੁਰਬਾਨੀ ਦਿੱਤੀ ਜਿੱਥੇ ਭ੍ਰਿਸ਼ਟਾਚਾਰ ਅਤੇ ਬੇਈਮਾਨੀ ਦਾ ਰਾਜ ਹੈ। ਪਰ ਉਨ੍ਹਾਂ ਕਿਹਾ ਕਿ ਆਪ ਸਰਕਾਰ ਨੇ ਆਪਣੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਵਿੱਚ ਬਦਲਾਅ ਲਿਆਂਦਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਨਿਸਵਾਰਥ ਭਾਵਨਾ ਨਾਲ ਹੋਰ ਵੀ ਬਹੁਤ ਕੁਝ ਕੀਤਾ ਜਾਣਾ ਹੈ।
ਉਨ੍ਹਾਂ ਕਿਹਾ ਕਿ ਜਦੋਂ ਆਪ ਸਰਕਾਰ ਨੇ 16 ਮਾਰਚ 2022 ਨੂੰ ਸਹੁੰ ਚੁੱਕੀ ਸੀ ਤਾਂ ਇਹ ਸਮਾਗਮ ਰਾਜ ਭਵਨ ਜਾਂ ਕਿਸੇ ਹੋਰ ਆਰਾਮਦਾਇਕ ਸਥਾਨ ’ਤੇ ਕੀਤਾ ਜਾ ਸਕਦਾ ਸੀ, ਪਰ ਇਸ ਦੀ ਬਜਾਏ ਉਨ੍ਹਾਂ ਨੇ ਸ਼ਹੀਦ ਦੇ ਪਿੰਡੋਂ ਅਸ਼ੀਰਵਾਦ ਲੈ ਕੇ ਆਪਣੇ ਕਾਰਜਕਾਲ ਦੀ ਸ਼ੁਰੂਆਤ ਕਰਨ ਨੂੰ ਤਰਜੀਹ ਦਿੱਤੀ।
ਨੌਜਵਾਨਾਂ ਨੂੰ ਮੁਖ਼ਾਤਿਬ ਹੁੰਦਿਆਂ ਮਾਨ ਨੇ ਅਪੀਲ ਕੀਤੀ ਕਿ ਉਹ ਭਗਤ ਸਿੰਘ ਦੀ ਵਿਰਾਸਤ ਦੀ ਮਸ਼ਾਲ ਨੂੰ ਬੁੱਝਣ ਨਾ ਦੇਣ, ਭਾਵੇਂ ਇਸ ਨੂੰ ਜਗਾਉਣ ਲਈ ਉਨ੍ਹਾਂ ਨੂੰ ਆਪਣੇ ਲਹੂ ਦੀ ਹੀ ਲੋੜ ਕਿਉਂ ਨਾ ਪਵੇ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਆਪ ਸਰਕਾਰ ਦੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਸੋਚ ਵਿੱਚ ਵੱਡਾ ਬਦਲਾਅ ਆਇਆ ਹੈ ਅਤੇ ਸਰਕਾਰ ਨੇ ਆਪਣੇ ਆਪ ਨੂੰ ਭਗਤ ਸਿੰਘ ਦੀ ਵਿਚਾਰਧਾਰਾ ਨੂੰ ਸਮਰਪਿਤ ਕਰ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੀ ਸਕੂਲੀ ਸਿੱਖਿਆ, ਜੋ ਪਹਿਲਾਂ 27ਵੇਂ ਨੰਬਰ ’ਤੇ ਸੀ, ਹੁਣ ਪਹਿਲੇ ਨੰਬਰ ’ਤੇ ਪਹੁੰਚ ਗਈ ਹੈ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਪੰਜਾਬ ਭਰ ਵਿੱਚ 1,100 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ, ਜਿੱਥੇ 5.5 ਕਰੋੜ ਲੋਕਾਂ ਨੇ ਬਿਨਾਂ ਕੋਈ ਬਿੱਲ ਜਾਂ ਟੈਸਟ ਫ਼ੀਸ ਦਿੱਤੇ ਮੁਫ਼ਤ ਇਲਾਜ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਮੁਫ਼ਤ ਬਿਜਲੀ ਵੀ ਮੁਹੱਈਆ ਕਰਵਾਈ ਜਾ ਰਹੀ ਹੈ। ਮਾਨ ਨੇ ਕਿਹਾ, “ਇਹ ਸਭ ਇਸ ਲਈ ਹੋ ਰਿਹਾ ਹੈ ਕਿਉਂਕਿ ਸਾਡੇ ਇਰਾਦੇ ਸਾਫ਼ ਹਨ। ਅਜੇ ਬਹੁਤ ਕੁਝ ਕਰਨਾ ਬਾਕੀ ਹੈ ਅਤੇ ਅਸੀਂ ਪੰਜਾਬੀਆਂ ਅਤੇ ਨੌਜਵਾਨਾਂ ਦੇ ਸਹਿਯੋਗ ਤੋਂ ਬਿਨਾਂ ਇਹ ਕੰਮ ਪੂਰਾ ਨਹੀਂ ਕਰ ਸਕਦੇ।”

