ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 23 ਸਤੰਬਰ
ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਚਕਾਰ ਤਲਖੀ ਵਧਦੀ ਜਾ ਰਹੀ ਹੈ। ਅੱਜ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਸਰਕਾਰ ਨੂੰ ਲਿਖੇ ਪੱਤਰ ’ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਰਾਜਪਾਲ ਨੂੰ ਪੰਜਾਬ ਦੇ ਕਰਜ਼ੇ ਦੀ ਗੱਲ ਨਹੀਂ ਕਰਨੀ ਚਾਹੀਦੀ, ਕਿਉਂਕਿ ਪਿਛਲੀ ਅਕਾਲੀ-ਭਾਜਪਾ ਤੇ ਕਾਂਗਰਸ ਸਰਕਾਰ ਨੇ ਮੌਜੂਦਾ ਸਰਕਾਰ ਨੂੰ 3 ਲੱਖ ਕਰੋੜ ਰੁਪਏ ਦਾ ਕਰਜ਼ਾ ਵਿਰਾਸਤ ਵਿੱਚ ਦਿੱਤਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੂੰ ਅਕਾਲੀ-ਭਾਜਪਾ ਤੇ ਕਾਂਗਰਸ ਸਰਕਾਰਾਂ ਵੱਲੋਂ ਪੰਜਾਬ ’ਤੇ ਥੋਪੇ ਗਏ ਕਰੀਬ 3 ਲੱਖ ਕਰੋੜ ਰੁਪਏ ਦੇ ਕਰਜ਼ੇ ਕਰਕੇ ਹਜ਼ਾਰਾਂ ਕਰੋੜ ਰੁਪਏ ਵਿਆਜ ਵਜੋਂ ਅਦਾ ਕਰਨੇ ਪੈ ਰਹੇ ਹਨ।
ਸ੍ਰੀ ਚੀਮਾ ਨੇ ਕਿਹਾ ਕਿ ਰਾਜਪਾਲ ਨੂੰ ਇਸ ਕਰਕੇ ਪੱਤਰ ਲਿਖਿਆ ਗਿਆ ਹੈ ਕਿਉਂਕਿ ਉਹ ਪੰਜਾਬ ਸਰਕਾਰ ਨੂੰ ਵਾਰ-ਵਾਰ ਪੱਤਰ ਲਿਖਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਆਰਡੀਐੱਫ ਦੀ ਰਕਮ ਜਾਰੀ ਕਰਨ ਸਬੰਧੀ ਕਈ ਵਾਰ ਕੇਂਦਰ ਸਰਕਾ ਨੂੰ ਪੱਤਰ ਲਿੱਖ ਚੁੱਕੇ ਹਨ ਜਿਸ ਦੇ ਬਾਵਜੂਦ ਪੈਸੇ ਜਾਰੀ ਨਾ ਹੋਣ ਕਰਕੇ ਸੂਬਾ ਸਰਕਾਰ ਨੂੰ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਉਣਾ ਪਿਆ ਹੈ। ਵਿੱਤ ਮੰਤਰੀ ਨੇ ਕਿਹਾ ਕਿ ਰਾਜਪਾਲ ਪੁਰੋਹਿਤ ਜੇਕਰ ਪੰਜਾਬ ਹਿਤੈਸ਼ੀ ਹਨ ਤਾਂ ਉਹ ਆਰਡੀਐੱਫ ਦਾ ਮੁੱਦਾ ਕੇਂਦਰ ਸਰਕਾਰ ਕੋਲ ਚੁੱਕਣ ’ਤੇ ਆਰਡੀਐੱਫ ਦੀ ਬਕਾਇਆ ਰਾਸ਼ੀ ਜਲਦ ਜਾਰੀ ਕਰਵਾ ਕੇ ਸੂਬੇ ਦੀ ਮਦਦ ਕਰਨ।