ਜੋਗਿੰਦਰ ਸਿੰਘ ਓਬਰਾਏ
ਦੋਰਾਹਾ, 23 ਜੂਨ
ਡੇਢ ਮਹੀਨੇ ਤੋਂ ਨਗਰ ਕੌਂਸਲ ’ਚ ਅਣਮਿੱਥੇ ਸਮੇਂ ਲਈ ਹੜਤਾਲ ਕਰ ਰਹੇ ਠੇਕੇ ਤੇ ਰੱਖੇ ਸਫ਼ਾਈ ਕਾਮਿਆਂ ਨੇ ਆਪਣੀਆਂ ਹੱਕੀਂ ਮੰਗਾਂ ਸਬੰਧੀ ਦਿੱਲੀ-ਲੁਧਿਆਣਾ ਰਾਸ਼ਟਰੀ ਮਾਰਗ ਜਾਮ ਕਰਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਸਫ਼ਾਈ ਕਾਮਿਆਂ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਇਹ ਸੰਘਰਸ਼ ਲਗਾਤਾਰ ਜਾਰੀ ਰਹੇਗਾ ਅਤੇ ਆਉਣ ਵਾਲੇ ਸਮੇਂ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ਦਾ ਘਿਰਾਓ ਵੀ ਕੀਤਾ ਜਾਵੇਗਾ। ਮੁਲਾਜ਼ਮਾਂ ਨੇ ਮੰਗ ਕੀਤੀ ਕਿ ਠੇਕੇਦਾਰੀ ਸਿਸਟਮ ਬੰਦ ਕੀਤਾ ਜਾਵੇ, ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣ, 2004 ਤੋਂ ਨਵੀਂ ਪੈਨਸ਼ਨ ਬਹਾਲ ਕੀਤੀ ਜਾਵੇ, ਆਊਟਸੋਰਸਿੰਗ ਵਾਲੇ ਕੱਚੇ ਕਾਮੇ ਪੱਕੇ ਕੀਤੇ ਜਾਣ। ਇਸ ਜਾਮ ਦੌਰਾਨ ਆਵਜਾਈ ਵਿਚ ਭਾਰੀ ਵਿਘਨ ਕਾਰਨ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਐੱਸਡੀਐੱਮ ਪਾਇਲ ਮਨਕੰਵਲ ਸਿੰਘ ਚਾਹਲ ਨੇ ਸਫ਼ਾਈ ਕਾਮਿਆਂ ਦੀਆਂ ਮੰਗਾਂ ਨੂੰ ਮੁੱਖ ਮੰਤਰੀ ਤੱਕ ਪੁੱਜਦਾ ਕਰਨ ਦਾ ਭਰੋਸਾ ਦੇ ਕੇ ਜਾਮ ਹਟਵਾਇਆ।