ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪੰਜਾਬ ’ਚ ਮੀਂਹ ਨਾਲ ਦਰਜਨਾਂ ਸ਼ਹਿਰਾਂ ’ਚ ਜਲ-ਥਲ

ਮੌਸਮ ਵਿਭਾਗ ਵੱਲੋਂ ਅਗਲੇ ਦੋ ਦਿਨ ਮੀਂਹ ਪੈਣ ਦੀ ਪੇਸ਼ੀਨਗੋਈ; ਅੱਜ ਤੇ ਭਲਕ ਲਈ ‘ਯੈਲੋ ਅਲਰਟ’ ਜਾਰੀ
Advertisement

ਆਤਿਸ਼ ਗੁਪਤਾ

ਪੰਜਾਬ ਦੇ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਵਿੱਚ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਪੈ ਰਹੇ ਮੀਂਹ ਕਾਰਨ ਜਿੱਥੇ ਪੰਜਾਬ ਦੇ ਸਾਰੇ ਡੈਮਾਂ ਤੇ ਦਰਿਆਵਾਂ ਵਿੱਚ ਪਾਣੀ ਵਧ ਗਿਆ ਹੈ, ਉੱਥੇ ਤਿੰਨ ਦਿਨਾਂ ਤੋਂ ਸੂਬੇ ਵਿੱਚ ਰੁਕ-ਰੁਕ ਕੇ ਪੈਂ ਰਹੇ ਮੀਂਹ ਨੇ ਵੀ ਦਰਜਨਾਂ ਸ਼ਹਿਰਾਂ ’ਚ ਜਲ-ਥਲ ਕਰ ਕੇ ਰੱਖ ਦਿੱਤਾ ਹੈ। ਕਈ ਸ਼ਹਿਰਾਂ ਦੀਆਂ ਸੜਕਾਂ ਪਾਣੀ ਵਿੱਚ ਡੁੱਬੀਆਂ ਹੋਈਆਂ ਹਨ, ਜਿਸ ਕਾਰਨ ਲੋਕਾਂ ਨੂੰ ਵਾਹਨ ਚਲਾਉਣ ਵਿੱਚ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸੇ ਦੌਰਾਨ ਕਈ ਇਲਾਕਿਆਂ ਵਿੱਚ ਲੋਕਾਂ ਦੇ ਘਰਾਂ ਵਿੱਚ ਪਾਣੀ ਵੜ ਗਿਆ ਹੈ। ਪੰਜਾਬ ਵਿੱਚ ਪਿਛਲੇ ਤਿੰਨ ਦਿਨਾਂ ਦੌਰਾਨ ਔਸਤਨ 300 ਐੱਮਐੱਮ ਤੋਂ ਵੱਧ ਮੀਂਹ ਪੈ ਚੁੱਕਾ ਹੈ। ਮੌਸਮ ਵਿਗਿਆਨੀਆਂ ਨੇ ਪੰਜਾਬ ਵਿੱਚ ਅਗਲੇ ਦੋ ਦਿਨ ਹੋਰ ਰੁਕ-ਰੁਕ ਕੇ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਮੌਸਮ ਵਿਗਿਆਨੀਆਂ ਨੇ 18 ਤੇ 19 ਅਗਸਤ ਲਈ ‘ਯੈਲੋ ਐਲਰਟ’ ਵੀ ਜਾਰੀ ਕੀਤਾ ਹੈ।

Advertisement

ਹਾਲਾਂਕਿ ਇਹ ਮੀਂਹ ਝੋਨੇ ਦੀ ਫ਼ਸਲ ਲਈ ਲਾਹੇਵੰਦ ਸਾਬਤ ਹੋ ਰਿਹਾ ਹੈ, ਪਰ ਦਰਿਆਵਾਂ ਨਾਲ ਲੱਗਦੇ ਇਲਾਕਿਆਂ ਵਿੱਚ ਝੋਨੇ ਦੀ ਫ਼ਸਲ ਪਾਣੀ ਵਿੱਚ ਡੁੱਬਣ ਕਾਰਨ 14 ਹਜ਼ਾਰ ਏਕੜ ਰਕਬੇ ’ਚ ਨੁਕਸਾਨ ਹੋਇਆ ਹੈ। ਜਾਣਕਾਰੀ ਅਨੁਸਾਰ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਪਿਛਲੇ 24 ਘੰਟਿਆਂ ਦੌਰਾਨ 2.4 ਐੱਮਐੱਮ ਮੀਂਹ ਪਿਆ ਹੈ। ਇਸੇ ਤਰ੍ਹਾਂ ਪੰਜਾਬ ਦੇ ਅੰਮ੍ਰਿਤਸਰ ਵਿੱਚ 39.6 ਐੱਮਐੱਮ, ਪਠਾਨਕੋਟ ਵਿੱਚ 78.5 ਐੱਮਐੱਮ, ਨਵਾਂ ਸ਼ਹਿਰ ਵਿੱਚ 17.2 ਐੱਮਐੱਮ, ਹੁਸ਼ਿਆਰਪੁਰ ਵਿੱਚ 30 ਐੱਮਐੱਮ, ਰੋਪੜ ਵਿੱਚ 38 ਐੱਮਐੱਮ, ਬਲਾਚੌਰ ਵਿੱਚ 16 ਐੱਮਐੱਮ ਅਤੇ ਮੁਹਾਲੀ ਵਿੱਚ 0.5 ਐੱਮਐੱਮ ਮੀਂਹ ਪਿਆ ਹੈ। ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਤੜਕੇ ਤੋਂ ਪੈ ਰਹੇ ਮੀਂਹ ਕਰਕੇ ਸੂਬੇ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਤਾਪਮਾਨ 2 ਤੋਂ 4 ਡਿਗਰੀ ਸੈਲਸੀਅਸ ਤੱਕ ਹੇਠਾਂ ਡਿੱਗ ਗਿਆ ਹੈ।

Advertisement