ਮਾਨਸਾ ਜ਼ਿਲ੍ਹੇ ਦੇ ਦਰਜਨਾਂ ਸਕੂਲਾਂ ਵਿੱਚ ਪਾਣੀ ਭਰਿਆ; ਕਈ ਥਾਵਾਂ 'ਤੇ ਆਇਆ ਕਰੰਟ, ਮਾਪਿਆਂ ’ਚ ਸਹਿਮ
ਮਾਨਸਾ ਜ਼ਿਲ੍ਹੇ ਵਿੱਚ ਪਿਛਲੇ ਦਿਨਾਂ ਤੋਂ ਪੈ ਰਹੀ ਭਰਵੇਂ ਮੀਂਹ ਕਾਰਨ ਦਰਜਨਾਂ ਪਿੰਡਾਂ ਦੇ ਸਕੂਲਾਂ ਵਿੱਚ ਪਾਣੀ ਭਰ ਗਿਆ ਹੈ, ਜਿਸ ਕਾਰਨ ਅਧਿਆਪਕ, ਮਾਪੇ ਤੇ ਵਿਦਿਆਰਥੀ ਸਹਿਮ ਵਿਚ ਹਨ।
ਕਈ ਸਕੂਲਾਂ ਵਿੱਚ ਕਰੰਟ ਦੀਆਂ ਖ਼ਬਰਾਂ ਆ ਰਹੀਆਂ ਹਨ, ਦੂਜੇ ਬੰਨੇ ਪਿੰਡਾਂ ਦੇ ਅਨੇਕਾਂ ਰਸਤਿਆਂ ’ਤੇ ਪਾਣੀ ਖੜ੍ਹਨ ਕਾਰਨ ਅਧਿਆਪਕਾਂ ਤੇ ਵਿਦਿਆਰਥੀਆਂ ਦਾ ਸਕੂਲਾਂ ਵਿੱਚ ਜਾਣਾ ਮੁਸ਼ਕਲ ਹੋ ਗਿਆ ਹੈ। ਅਧਿਆਪਕਾਂ ਵਿੱਚ ਰੋਸ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ, ਸਿੱਖਿਆ ਵਿਭਾਗ ਬਿਲਕੁਲ ਚੁੱਪ ਧਾਰ ਗਿਆ ਹੈ।
ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ ਤੇ ਸਿੱਖਿਆ ਅਧਿਕਾਰੀਆਂ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ ਕਿਸੇ ਸਕੂਲ ਵਿੱਚ ਕੋਈ ਅਣਸੁਖਾਵੀਂ ਘਟਨਾ ਵਾਪਰਦੀ ਹੈ ਤਾਂ ਸਾਰੀ ਜ਼ਿੰਮੇਵਾਰੀ ਸਬੰਧਤ ਅਧਿਕਾਰੀਆਂ ਦੀ ਹੋਵੇਗੀ।
ਡੈਮੋਕਰੈਟਿਕ ਟੀਚਰਜ਼ ਫਰੰਟ ਦੇ ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਤਾਮਕੋਟ ਨੇ ਜ਼ਿਲ੍ਹੇ ਦੇ ਸਿੱਖਿਆ ਅਧਿਕਾਰੀਆਂ ਕੋਲ ਇਹ ਪੂਰਾ ਮਾਮਾਲਾ ਰੱਖਿਆ ਹੈ, ਪਰ ਅਜੇ ਤੱਕ ਉਨ੍ਹਾਂ ਵੱਲ੍ਹੋਂ ਰਿਪੋਰਟਾਂ ਇਕੱਠੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮਾਨਸਾ ਜ਼ਿਲ੍ਹੇ ’ਚ ਵੀ ਤਿੰਨ ਦਿਨ ਦੀਆਂ ਛੁੱਟੀਆਂ ਕੀਤੀਆਂ ਜਾਣ।
ਉਧਰ ਇਸ ਮਸਲੇ ਨੂੰ ਲੈਣ ਕੇ ਜਦੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਭੁਪਿੰਦਰ ਕੌਰ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੂੰ ਮਾਨਸਾ ਜ਼ਿਲ੍ਹੇ ਦੇ ਸਕੂਲਾਂ ਦੀ ਰਿਪੋਰਟ ਭੇਜ ਦਿੱਤੀ ਹੈ, ਉਨ੍ਹਾਂ ਵੱਲੋਂ ਜਲਦੀ ਕੋਈ ਫੈਸਲਾ ਲਿਆ ਜਾਵੇਗਾ।