ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 18 ਅਕਤੂਬਰ
ਇੱਥੋਂ ਦੇ ਸੈਕਟਰ-27 ਤੇ 28 ਲਾਈਟ ਪੁਆਇੰਟ ਦੇ ਨਜ਼ਦੀਕ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੀ ਐਸਕਾਰਟ ਗੱਡੀ ਦੀ ਮੋਟਰਸਾਈਕਲ ਨਾਲ ਟੱਕਰ ਹੋਣ ਦੇ ਮਾਮਲੇ ’ਚ ਪੁਲੀਸ ਨੇ ਗੱਡੀ ਚਾਲਕ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਹ ਕੇਸ ਥਾਣਾ ਸੈਕਟਰ-26 ਦੀ ਪੁਲੀਸ ਨੇ ਪੀੜਤ ਅੰਕੂਸ਼ ਵਾਸੀ ਕਾਂਗੜਾ ਦੀ ਸ਼ਿਕਾਇਤ ’ਤੇ ਦਰਜ ਕੀਤਾ ਹੈ। ਸ਼ਿਕਾਇਤਕਰਤਾ ਦਾ ਕਹਿਣਾ ਹੈ ਕਿ ਉਹ ਆਪਣੇ ਦੋਸਤ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਾ ਰਿਹਾ ਸੀ, ਜਦੋਂ ਉਹ ਸੈਕਟਰ-27-28 ਦੀਆਂ ਲਾਈਟਾਂ ’ਤੇ ਪਹੁੰਚਿਆ ਤਾਂ ਤੇਜ਼ ਰਫ਼ਤਾਰ ਐਸਕਾਰਟ ਗੱਡੀ ਨੇ ਉਸ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ਦੌਰਾਨ ਦੋਵਾਂ ਦੇ ਕਾਫੀ ਸੱਟਾ ਵਜੀਆਂ ਅਤੇ ਸੈਕਟਰ-32 ਦੇ ਹਸਪਤਾਲ ’ਚ ਇਲਾਜ ਲਈ ਭਰਤੀ ਕਰਵਾਇਆ ਗਿਆ ਸੀ।