ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 18 ਦਸੰਬਰ
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਚੋਣ ਕਮਿਸ਼ਨ ਤੋਂ ਕਾਂਗਰਸ ਸਰਕਾਰ ਨੂੰ ਸਿਆਸੀ ਬਦਲਾਖੋਰੀ ਕਰਨ ਤੋਂ ਰੋਕਣ ਦੀ ਮੰਗ ਕੀਤੀ ਹੈ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਸਰਕਾਰ ਅਕਾਲੀ ਆਗੂਆਂ ਖ਼ਿਲਾਫ਼ ਕੇਸ ਦਰਜ ਕਰਨ ਵਾਸਤੇ ਪੁਲੀਸ ਪ੍ਰਸ਼ਾਸਨ ਵਿਚ ਨਿਯੁਕਤ ਕੀਤੇ ਗਏ ਕਾਰਜਕਾਰੀ ਅਫ਼ਸਰਾਂ ਦੀ ਦੁਰਵਰਤੋਂ ਕਰਨ ’ਤੇ ਤੁਲੀ ਹੋਈ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਸਿਧਾਰਥ ਚਟੋਪਾਧਿਆਏ ਨੂੰ 16 ਦਸੰਬਰ ਦੀ ਅੱਧੀ ਰਾਤ ਕਾਰਜਕਾਰੀ ਡੀਜੀਪੀ ਲਗਾ ਦਿੱਤਾ ਤੇ ਪਹਿਲੇ ਕਾਰਜਕਾਰੀ ਡੀਜੀਪੀ ਆਈਪੀਐੱਸ ਸਹੋਤਾ ਨੂੰ ਅਹੁਦੇ ਤੋਂ ਹਟਾ ਦਿੱਤਾ ਕਿਉਂਕਿ ਉਹ ਚਿੱਠੀ ਬਾਹਰ ਆ ਗਈ ਸੀ, ਜਿਸ ਵਿਚ ਕਾਂਗਰਸ ਸਰਕਾਰ ਵੱਲੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਸਮੇਤ ਅਕਾਲੀ ਲੀਡਰਸ਼ਿਪ ਨੂੰ ਝੂਠੇ ਕੇਸਾਂ ਵਿਚ ਫਸਾਉਣ ਦੀ ਵਿਉਂਤਬੰਦੀ ’ਤੇ ਸਵਾਲ ਚੁੱਕੇ ਹੋਏ ਸਨ। ਉਨ੍ਹਾਂ ਕਿਹਾ ਕਿ ਯੂਪੀਐੱਸਸੀ ਨੇ ਸੂਬੇ ਵਾਸਤੇ ਰੈਗੂਲਰ ਡੀਜੀਪੀ ਦੀ ਨਿਯੁਕਤੀ ਵਾਸਤੇ ਤਿੰਨ ਮੈਂਬਰੀ ਪੈਨਲ ’ਤੇ ਫ਼ੈਸਲਾ ਲੈਣ ਲਈ 21 ਦਸੰਬਰ ਦੀ ਤਾਰੀਕ ਤੈਅ ਕੀਤੀ ਹੋਈ ਹੈ ਅਤੇ ਸ੍ਰੀ ਚਟੋਪਾਧਿਆਏ ਦਾ ਨਾਂ ਸਿਖ਼ਰਲੇ ਅਹੁਦੇ ’ਤੇ ਵਿਚਾਰੇ ਜਾਣ ਵਾਲੇ ਉਮੀਦਵਾਰਾਂ ਵਿਚ ਸ਼ਾਮਲ ਨਹੀਂ ਹੈ।
ਡਾ. ਚੀਮਾ ਨੇ ਕਾਂਗਰਸ ਸਰਕਾਰ ਨੂੰ ਆਖਿਆ ਕਿ ਉਹ ਦੱਸਣ ਕਿ ਚਟੋਪਾਧਿਆਏ ਨੂੰ ਸਿਰਫ ਚਾਰ ਦਿਨ ਵਾਸਤੇ ਡੀਜੀਪੀ ਲਗਾਉਣ ਪਿੱਛੇ ਕੀ ਕਾਰਨ ਹੈ। ਉਨ੍ਹਾਂ ਕਿਹਾ ਕਿ ਇਹ ਕਾਰਜਕਾਰੀ ਨਿਯੁਕਤੀਆਂ ਦਾ ਦੌਰ ਜਾਣ-ਬੁੱਝ ਕੇ ਅਫਸਰਾਂ ਨੂੰ ਟੰਗੀ ਰੱਖਣ ਅਤੇ ਉਨ੍ਹਾਂ ਨੂੰ ਅਕਾਲੀ ਲੀਡਰਸ਼ਿਪ ਖ਼ਿਲਾਫ਼ ਕਾਰਵਾਈ ਕਰਨ ਲਈ ਮਜਬੂਰ ਕਰਨ ਵਾਸਤੇ ਬਣਾਇਆ ਗਿਆ ਹੈ।