ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 3 ਦਸੰਬਰ
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐੱਸਪੀ ਸਿੰਘ ਓਬਰਾਏ ਨੂੰ ਆਪਣਾ ਆਨਰੇਰੀ ਸਲਾਹਕਾਰ ਨਿਯੁਕਤ ਕਰਨ ਦਾ ਐਲਾਨ ਕੀਤਾ ਗਿਆ ਹੈ ਪਰ ਅੱਜ ਇੱਥੇ ਸ੍ਰੀ ਓਬਰਾਏ ਨੇ ਇਸ ਪੇਸ਼ਕਸ਼ ਬਾਰੇ ਅਸਿੱਧੇ ਢੰਗ ਨਾਲ ਆਖਿਆ ਕਿ ਉਹ ਸਿਆਸਤ ਤੋਂ ਨਿਰਲੇਪ ਰਹਿ ਕੇ ਸਿਹਤ ਤੇ ਹੁਨਰ ਵਿਕਾਸ ਦੇ ਖੇਤਰ ਵਿਚ ਕੰਮ ਕਰਨਾ ਚਾਹੁੰਦੇ ਹਨ। ਇਸ ਸਬੰਧ ਵਿੱਚ ਟਰੱਸਟ ਵੱਲੋਂ ਜਾਰੀ ਬਿਆਨ ਵਿਚ ਉਨ੍ਹਾਂ ਕਾਂਗਰਸ ਸਰਕਾਰ ਦੀ ਪੇਸ਼ਕਸ਼ ਨੂੰ ਨਾ ਤਾਂ ਸਿੱਧੇ ਤੌਰ ’ਤੇ ਸਵੀਕਾਰ ਕੀਤਾ ਹੈ ਤੇ ਨਾ ਹੀ ਅਸਵੀਕਾਰ ਕੀਤਾ ਹੈ। ਮੁੱਖ ਮੰਤਰੀ ਦੀ ਪੇਸ਼ਕਸ਼ ਦਾ ਧੰਨਵਾਦ ਕਰਦਿਆਂ ਉਨ੍ਹਾਂ ਸਪੱਸ਼ਟ ਕੀਤਾ ਕਿ ਟਰੱਸਟ ਕਿਸੇ ਵੀ ਤਰ੍ਹਾਂ ਦੀ ਸਿਆਸਤ ਤੋਂ ਨਿਰਲੇਪ ਰਹਿ ਕੇ ਕੰਮ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਟਰੱਸਟ ਨੌਜਵਾਨਾਂ ਲਈ ਹੁਨਰ ਵਿਕਾਸ ਅਤੇ ਸਿਹਤ ਸਹੂਲਤਾਂ ਦੇ ਖੇਤਰ ਵਿਚ ਸਰਕਾਰ ਦੇ ਸਹਿਯੋਗ ਨਾਲ ਕੰਮ ਕਰਨਾ ਚਾਹੁੰਦਾ ਹੈ। ਉਨ੍ਹਾਂ ਸਪੱਸਟ ਕੀਤਾ ਕਿ ਟਰੱਸਟ ਦਾ ਕਿਸੇ ਸਿਆਸੀ ਪਾਰਟੀ ਨਾਲ ਕੋਈ ਸਬੰਧ ਨਹੀਂ ਹੈ।