ਪੱਤਰ ਪ੍ਰੇਰਕ
ਮਾਨਸਾ, 13 ਜੂਨ
ਮਾਨਸਾ ਤੋਂ ਵਿਧਾਇਕ ਅਤੇ ਸਾਬਕਾ ਸਿਹਤ ਮੰਤਰੀ ਡਾ. ਵਿਜੈ ਸਿੰਗਲਾ ਨੇ ਹੁਣ ਆਪਣੀ ਜ਼ਮਾਨਤ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦਾ ਦਰਵਾਜ਼ਾ ਖੜਕਾਇਆ ਹੈ। ਉਹ ਪਿਛਲੇ 18 ਦਿਨਾਂ ਤੋਂ ਨਿਆਂਇਕ ਹਿਰਾਸਤ ਤਹਿਤ ਰੋਪੜ ਜੇਲ੍ਹ ਵਿੱਚ ਬੰਦ ਹਨ। ਇੱਥੇ ਡਾ. ਸਿੰਗਲਾ ਦੇ ਭਰਾ ਸੇਵਾਮੁਕਤ ਬੈਂਕ ਅਧਿਕਾਰੀ ਕੇਵਲ ਸਿੰਗਲਾ ਨੇ ਦੱਸਿਆ ਕਿ ਉਨ੍ਹਾਂ ਦੀ ਜ਼ਮਾਨਤ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਵਿੱਚ ਅਰਜ਼ੀ ਦਾਖ਼ਲ ਕੀਤੀ ਗਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਡਾ. ਸਿੰਗਲਾ ਨੂੰ ਸਾਜ਼ਿਸ਼ ਤਹਿਤ ਫਸਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਨਿਆਂਪਾਲਿਕਾ ’ਤੇ ਪੂਰਾ ਭਰੋਸਾ ਹੈ ਅਤੇ ਇਸ ਕੇਸ ਵਿੱਚੋਂ ਡਾ. ਵਿਜੈ ਸਿੰਗਲਾ ਪਾਕ-ਸਾਫ਼ ਹੋ ਕੇ ਬਾਹਰ ਆਉਣਗੇ। ਦੱਸਿਆ ਜਾ ਰਿਹਾ ਹੈ ਕਿ ਡਾ. ਵਿਜੈ ਸਿੰਗਲਾ ਦੀ ਜ਼ਮਾਨਤ ਅਰਜ਼ੀ ਵਿੱਚ ਉਨ੍ਹਾਂ ਵੱਲੋਂ ਕੀਤੀ ਗਈ ਸਮਾਜਸੇਵਾ ਦੇ ਕਾਰਜਾਂ ਦਾ ਵੀ ਜ਼ਿਕਰ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪਹਿਲਾਂ ਮੁਹਾਲੀ ਅਦਾਲਤ ਵੱਲੋਂ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਰੱਦ ਕੀਤੀ ਜਾ ਚੁੱਕੀ ਹੈ।