ਪੰਜਾਬ ’ਚ ਤਤਕਾਲੀ ਸਰਕਾਰਾਂ ਦੇ ਰਾਜ ’ਚ ਨਸ਼ਾ ਵਧਿਆ: ਸਿਸੋਦੀਆ
ਮਹਿੰਦਰ ਸਿੰਘ ਰੱਤੀਆਂ
ਮੋਗਾ, 26 ਜੂਨ
ਦਿੱਲੀ ਦੇ ਸਾਬਕਾ ਉੱਪ ਮੁੱਖ ਮੰਤਰੀ ਅਤੇ ‘ਆਪ’ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਦਾਅਵਾ ਕੀਤਾ ਕਿ ਸੂਬੇ ’ਚ ਤਤਕਾਲੀ ਸਰਕਾਰਾਂ ਨੇ ਨਸ਼ਿਆਂ ਨੂੰ ਖ਼ਤਮ ਕਰਨ ਦੀ ਬਜਾਏ ਵਧਾਉਣ ਦਾ ਕੰਮ ਕੀਤਾ ਹੈ। ਉਹ ਅੱਜ ਇੱਥੇ ਪਿੰਡ ਦਾਰਾਪੁਰ ’ਚ 22 ਲੱਖ ਦੀ ਲਾਗਤ ਨਾਲ ਤਿਆਰ ਸੂਬੇ ਦੇ ਪਹਿਲੇ ਸਰਕਾਰੀ ਜਿਮ ਦਾ ਉਦਘਾਟਨ ਕਰਨ ਪੁੱਜੇ ਸਨ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਨੀਸ਼ ਸਿਸੋਦੀਆ ਨੇ ਕਿਹਾ ਕਿ ਪੰਜਾਬ ’ਚ ਨਸ਼ਿਆਂ ਦੀ ਆਦਤ ਅੱਜ ਮਹਾਂਮਾਰੀ ਬਣ ਗਈ ਹੈ ਜਿਹੜੀ ਕਿ ਨੌਜਵਾਨ ਪੀੜ੍ਹੀ ਨੂੰ ਘੁਣ ਵਾਂਗ ਖਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਪਹਿਲਾਂ ਕਈ ਸਰਕਾਰਾਂ ਆਈਆਂ ਅਤੇ ਗਈਆਂ ਪਰ ਕਿਸੇ ਨੇ ਵੀ ਨਸ਼ਾ ਖ਼ਤਮ ਨਹੀਂ ਕੀਤਾ। ਤਤਕਾਲੀ ਸਰਕਾਰਾਂ ਨੇ ਸਿਆਸੀ ਲਾਹਾ ਲੈਣ ਲਈ ਨਸ਼ਿਆਂ ਨੂੰ ਹਥਿਆਰ ਵਜੋਂ ਵਰਤਦੇ ਹੋਏ ਇਸ ਨੂੰ ਫੈਲਾਉਣ ਦਾ ਕੰਮ ਕੀਤਾ, ਜਦੋਂ ਕਿ ਮਾਨ ਸਰਕਾਰ ਨਸ਼ਿਆਂ ਖ਼ਿਲਾਫ਼ ਜੰਗ ਲੜ ਰਹੀ ਹੈ।
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਤਹਿਤ ਪਿੰਡ ਦਾਰਾਪੁਰ ਵਿੱਚ ਸੂਬੇ ਦਾ ਪਹਿਲਾ ਆਧੁਨਿਕ ਮਸ਼ੀਨਾਂ ਵਾਲਾ ਜਿਮ ਸਥਾਪਤ ਕੀਤਾ ਗਿਆ ਹੈ। ਮਾਨ ਸਰਕਾਰ ਨੇ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਵੀ ਕਈ ਅਹਿਮ ਕਦਮ ਚੁੱਕੇ ਹਨ। ਇਸ ਦੌਰਾਨ ਸਿਸੋਦੀਆ ਨੇ ਦਾਰਾਪੁਰ ਦੀ ਪੰਚਾਇਤ ਦੇ ਉਪਰਾਲੇ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਸਰਪੰਚ ਆਪਣੇ ਪਿੰਡ ਨੂੰ ਬਿਹਤਰ ਬਣਾਉਣ ਲਈ ਬਹੁਤ ਕੁਝ ਕਰ ਸਕਦਾ ਹੈ, ਇਹ ਪਿੰਡ ਪੰਜਾਬ ਵਿੱਚ ਇੱਕ ਮਿਸਾਲ ਬਣ ਗਿਆ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਸਾਗਰ ਸੇਤੀਆ, ਐੱਸਐੱਸਪੀ ਅਜੈ ਗਾਂਧੀ ਤੇ ਏਡੀਸੀ ਜਗਵਿੰਦਰਜੀਤ ਸਿੰਘ ਗਰੇਵਾਲ ਸਮੇਤ ਹੋਰ ਅਧਿਕਾਰੀ ਮੌਜੂਦ ਸਨ।