ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਕੇ ਸਰਹੱਦ ਪਾਰੋਂ ਹਥਿਆਰਾਂ ਅਤੇ ਨਸ਼ੇ ਦੀ ਤਸਕਰੀ ਨਾਲ ਸਬੰਧਤ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ ਸਵਾ ਦੋ ਕਿਲੋ ਹੈਰੋਇਨ, ਛੇ ਆਧੁਨਿਕ ਪਿਸਤੌਲ ਅਤੇ 12 ਕਾਰਤੂਸ ਬਰਾਮਦ ਕੀਤੇ ਹਨ। ਡੀ ਜੀ ਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਚੀਚਾ ਦੇ ਵਸਨੀਕ ਸੁਖਦੇਵ ਸਿੰਘ ਉਰਫ਼ ਸੁੱਖ ਅਤੇ ਪਿੰਡ ਲੋਧੀ ਗੁੱਜਰ ਦੇ ਹਰਜਿੰਦਰ ਸਿੰਘ ਉਰਫ਼ ਜਿੰਦਰ (37) ਵਜੋਂ ਹੋਈ ਹੈ।
ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮ ਅਪਰਾਧਕ ਪਿਛੋਕੜ ਨਾਲ ਸਬੰਧਤ ਹਨ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸਰਹੱਦ ਪਾਰ ਦੇ ਤਸਕਰਾਂ ਦੇ ਸੰਪਰਕ ਵਿੱਚ ਸਨ, ਜੋ ਕਥਿਤ ਤੌਰ ’ਤੇ ਸਰਹੱਦ ਪਾਰੋਂ ਡਰੋਨ ਰਾਹੀਂ ਭੇਜੀ ਹੈਰੋਇਨ ਅਤੇ ਹਥਿਆਰਾਂ ਦੀ ਖੇਪ ਪ੍ਰਾਪਤ ਕਰ ਕੇ ਇਸ ਨੂੰ ਅੱਗੇ ਪੰਜਾਬ ਵਿੱਚ ਅਪਰਾਧਕ ਤੱਤਾਂ ਨੂੰ ਸਪਲਾਈ ਕਰਦੇ ਸਨ।
ਡੀ ਜੀ ਪੀ ਨੇ ਕਿਹਾ ਕਿ ਨੈੱਟਵਰਕ ਨਾਲ ਜੁੜੇ ਹੋਰ ਮੈਂਬਰਾਂ ਦੀ ਪਛਾਣ ਕਰਨ ਲਈ ਇਸ ਕੇਸ ਵਿੱਚ ਵਧੇਰੇ ਜਾਂਚ ਕੀਤੀ ਜਾ ਰਹੀ ਹੈ। ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਖੁਫ਼ੀਆ ਜਾਣਕਾਰੀ ’ਤੇ ਕਾਰਵਾਈ ਕਰਦਿਆਂ ਸੁਖਦੇਵ ਉਰਫ਼ ਸੁੱਖ ਨੂੰ 2.225 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ। ਹੋਰ ਜਾਂਚ ਦੌਰਾਨ ਪੁਲੀਸ ਨੇ ਹਰਜਿੰਦਰ ਸਿੰਘ ਉਰਫ਼ ਜਿੰਦਰ ਨਾਮੀ ਮੁਲਜ਼ਮ ਦੀ ਪਛਾਣ ਕਰ ਕੇ ਉਸ ਨੂੰ ਚਾਰ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰ ਲਿਆ। ਗ੍ਰਿਫ਼ਤਾਰ ਮੁਲਜ਼ਮ ਜਿੰਦਰ ਵੱਲੋਂ ਕੀਤੇ ਗਏ ਖੁਲਾਸਿਆਂ ਦੇ ਆਧਾਰ ’ਤੇ ਪੁਲੀਸ ਨੇ ਉਸ ਵੱਲੋਂ ਦੱਸੀ ਗਈ ਥਾਂ ਤੋਂ ਦੋ ਹੋਰ ਪਿਸਤੌਲ ਬਰਾਮਦ ਕੀਤੇ ਹਨ। ਪੁਲੀਸ ਕਮਿਸ਼ਨਰ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਦੋ ਵੱਖ-ਵੱਖ ਮਾਮਲੇ ਥਾਣਾ ਛੇਹਰਟਾ ਅਤੇ ਥਾਣਾ ਛਾਉਣੀ ਵਿੱਚ ਦਰਜ ਕੀਤੇ ਗਏ ਹਨ।
ਅਸਲੇ ਸਣੇ ਸਰਪੰਚ ਕਾਬੂ
ਡੇਰਾ ਬਾਬਾ ਨਾਨਕ (ਨਿੱਜੀ ਪੱਤਰ ਪ੍ਰੇਰਕ): ਪੁਲੀਸ ਨੇ ਪਿੰਡ ਮੰਗੀਆ ਦੇ ਮੌਜੂਦਾ ਸਰਪੰਚ ਨੂੰ ਨਾਜਾਇਜ਼ ਪਿਸਤੌਲ ਅਤੇ 5 ਕਾਰਤੂਸਾਂ ਸਮੇਤ ਕਾਬੂ ਕੀਤਾ ਗਿਆ ਹੈ। ਡੇਰਾ ਬਾਬਾ ਨਾਨਕ ਦੇ ਥਾਣਾ ਮੁਖੀ ਅਸ਼ੋਕ ਕੁਮਾਰ ਨੇ ਦੱਸਿਆ ਕਿ ਪਿੰਡ ਮੰਗੀਆਂ ਦੇ ਸਰਪੰਚ ਹਰਮਨਜੋਤ ਸਿੰਘ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।

