ਪੱਤਰ ਪ੍ਰੇਰਕ
ਐੱਸ.ਏ.ਐੱਸ. ਨਗਰ (ਮੁਹਾਲੀ), 27 ਜੂਨ
ਬਹੁ-ਚਰਚਿਤ ਨਸ਼ਾ ਤਸਕਰੀ ਮਾਮਲੇ ਵਿੱਚ ਨਾਮਜ਼ਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਵੀਡੀਓ ਕਾਨਫ਼ਰੰਸਿੰਗ ਰਾਹੀਂ ਪੇਸ਼ੀ ਭੁਗਤੀ। ਇਸ ਕੇਸ ਦੀ ਸੁਣਵਾਈ ਮੁਹਾਲੀ ਅਦਾਲਤ ਵਿੱਚ ਹੋਈ। ਮਿਲੀ ਜਾਣਕਾਰੀ ਮੁਤਾਬਕ ਅਦਾਲਤ ਨੇ ਅਕਾਲੀ ਆਗੂ ਦੀ ਨਿਆਂਇਕ ਹਿਰਾਸਤ ਵਿੱਚ ਫਿਰ ਤੋਂ 14 ਦਿਨਾਂ ਦਾ ਵਾਧਾ ਕਰਦਿਆਂ ਅਗਲੀ ਸੁਣਵਾਈ ਲਈ 11 ਜੁਲਾਈ ਦਾ ਦਿਨ ਨਿਰਧਾਰਤ ਕੀਤਾ ਹੈ। ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਸਰਕਾਰ ਵੱਲੋਂ ਇੱਥੋਂ ਦੇ ਫੇਜ਼-4 ਸਥਿਤ ਪੰਜਾਬ ਪੁਲੀਸ ਦੇ ਸਟੇਟ ਕ੍ਰਾਈਮ ਵਿੰਗ ਦੇ ਥਾਣੇ ਵਿੱਚ ਮਜੀਠੀਆ ਵਿਰੁੱਧ ਨਸ਼ਾ ਤਸਕਰੀ ਮਾਮਲੇ ਵਿੱਚ ਅਪਰਾਧਿਕ ਕੇਸ ਦਰਜ ਕੀਤਾ ਸੀ। ਉਸ ਦਿਨ ਤੋਂ ਮਜੀਠੀਆ ਪਟਿਆਲਾ ਜੇਲ੍ਹ ਵਿੱਚ ਬੰਦ ਹਨ।