ਥਾਣਾ ਵਲਟੋਹਾ ਦੀ ਪੁਲੀਸ ਨੇ ਇੱਕ ਵਿਅਕਤੀ ਨੂੰ 14 ਕਿੱਲੋ 110 ਗ੍ਰਾਮ ਅਫ਼ੀਮ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਐੱਸ ਪੀ (ਡੀ) ਰਿਪੁਤਾਪਨ ਸਿੰਘ ਨੇ ਅੱਜ ਇੱਥੇ ਪ੍ਰੈੱਸ ਕਾਨਫਰੰਸ ਦੌਰਾਨ ਦਿੱਤੀ।
ਐੱਸ ਪੀ (ਡੀ) ਰਿਪੁਤਾਪਨ ਸਿੰਘ ਨੇ ਦੱਸਿਆ ਕਿ ਸਬ-ਇੰਸਪੈਕਟਰ ਬਲਜਿੰਦਰ ਸਿੰਘ ਵਲਟੋਹਾ ਦੀ ਨਿਗਰਾਨੀ ਹੇਠ ਪੁਲੀਸ ਵੱਲੋਂ ਪਿੰਡ ਦਾਸੂਵਾਲ ਵਿੱਚ ਗੁਰੂ ਅਰਜਨ ਦੇਵ ਸਕੂਲ ਨੇੜੇ ਵਿਸ਼ੇਸ਼ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਪੱਟੀ ਵਾਲੀ ਸਾਈਡ ਤੋਂ ਆ ਰਹੀ ਇੱਕ ਵਰਨਾ ਕਾਰ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਤਲਾਸ਼ੀ ਲਈ ਗਈ। ਕਾਰ ਚਾਲਕ ਦੀ ਪਛਾਣ ਗੁਰਮੀਤ ਸਿੰਘ ਉਰਫ਼ ਗੀਤੂ ਪੁੱਤਰ ਅਮਰੀਕ ਸਿੰਘ ਵਾਸੀ ਮਰਗਿੰਦਪੁਰਾ ਵਜੋਂ ਹੋਈ।
ਪੁਲੀਸ ਵੱਲੋਂ ਕਾਰ ਦੀ ਤਲਾਸ਼ੀ ਲੈਣ ’ਤੇ ਉਸ ਵਿੱਚੋਂ 14 ਕਿੱਲੋ 110 ਗ੍ਰਾਮ ਅਫ਼ੀਮ ਅਤੇ ਇੱਕ ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ। ਪੁਲੀਸ ਨੇ ਨਸ਼ੀਲਾ ਪਦਾਰਥ ਅਤੇ ਡਰੱਗ ਮਨੀ ਕਬਜ਼ੇ ਵਿੱਚ ਲੈ ਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ। ਐੱਸ ਪੀ ਨੇ ਦੱਸਿਆ ਕਿ ਇਸ ਸਬੰਧੀ ਥਾਣਾ ਵਲਟੋਹਾ ਵਿੱਚ ਮੁਕੱਦਮਾ ਨੰਬਰ 117, ਮਿਤੀ 1 ਸਤੰਬਰ 2026 ਨੂੰ ਐੱਨ ਡੀ ਪੀ ਐੱਸ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਦਰਜ ਕੀਤਾ ਗਿਆ ਹੈ। ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਪੁਲੀਸ ਇਹ ਪਤਾ ਲਗਾਉਣ ਵਿੱਚ ਜੁਟੀ ਹੋਈ ਹੈ ਕਿ ਬਰਾਮਦ ਕੀਤੀ ਅਫ਼ੀਮ ਕਿੱਥੋਂ ਲਿਆਂਦੀ ਗਈ ਸੀ ਅਤੇ ਇਸ ਦੀ ਸਪਲਾਈ ਕਿੱਥੇ ਕੀਤੀ ਜਾਣੀ ਸੀ। ਪੁਲੀਸ ਅਧਿਕਾਰੀਆਂ ਅਨੁਸਾਰ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਪੁੱਛਗਿੱਛ ਦੌਰਾਨ ਨਸ਼ਾ ਤਸਕਰੀ ਨਾਲ ਜੁੜੇ ਹੋਰ ਵਿਅਕਤੀਆਂ ਬਾਰੇ ਜਾਣਕਾਰੀ ਮਿਲਣ ਦੀ ਵੀ ਉਮੀਦ ਹੈ।

