ਐੱਸਏਐੱਸ ਨਗਰ (ਮੁਹਾਲੀ) (ਪੱਤਰ ਪ੍ਰੇਰਕ): ਮੁਹਾਲੀ ਅਦਾਲਤ ਨੇ ਨਸ਼ਾ ਤਸਕਰੀ ਮਾਮਲੇ ਵਿੱਚ ਨਾਮਜ਼ਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਨਿਆਂਇਕ ਹਿਰਾਸਤ 4 ਮਈ ਤੱਕ ਵਧਾ ਦਿੱਤੀ ਹੈ। ਅਕਾਲੀ ਆਗੂ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਭੁਗਤੀ। ਮਜੀਠੀਆ ਨੇ 24 ਫਰਵਰੀ ਨੂੰ ਮੁਹਾਲੀ ਅਦਾਲਤ ਵਿੱਚ ਆਤਮ-ਸਮਰਪਣ ਕੀਤਾ ਸੀ ਅਤੇ ਉਹ ਪਿਛਲੇ ਕਰੀਬ ਦੋ ਮਹੀਨਿਆਂ ਤੋਂ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਹਨ। ਅਕਾਲੀ ਆਗੂ ਨੇ ਆਪਣੇ ਖਿਲਾਫ਼ ਦਰਜ ਅਪਰਾਧਿਕ ਕੇਸ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਦਿਆਂ ਜ਼ਮਾਨਤ ਅਰਜ਼ੀ ਦਾਇਰ ਕੀਤੀ ਸੀ ਪਰ ਅਦਾਲਤ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਅਰਜ਼ੀ ਨੂੰ ਮੁੱਢੋਂ ਰੱਦ ਕਰ ਦਿੱਤਾ ਸੀ। ਇਸ ਮਗਰੋਂ ਮਜੀਠੀਆ ਨੇ ਦੁਬਾਰਾ ਜ਼ਮਾਨਤ ਅਰਜ਼ੀ ਦਾਇਰ ਨਹੀਂ ਕੀਤੀ ਅਤੇ ਉਦੋਂ ਤੋਂ ਹੀ ਉਹ ਜੇਲ੍ਹ ਵਿੱਚ ਹਨ।