ਕੁਲਦੀਪ ਸਿੰਘ
ਚੰਡੀਗੜ੍ਹ, 24 ਫਰਵਰੀ
ਸੂਬੇ ਦੇ ਬਹੁਤ ਸਾਰੇ ਸੀਨੀਅਰ ਸੈਕੰਡਰੀ, ਹਾਈ ਸਕੂਲਾਂ ਅਤੇ ਪ੍ਰਾਇਮਰੀ ਬਲਾਕਾਂ ਵਿੱਚ ਲੋੜੀਦਾਂ ਤਨਖਾਹ ਬਜਟ ਨਾ ਹੋਣ ਕਰਕੇ ਹਜ਼ਾਰਾਂ ਅਧਿਆਪਕਾਂ ਅਤੇ ਨਾਨ-ਟੀਚਿੰਗ ਸਟਾਫ਼ ਦੀਆਂ ਜਨਵਰੀ ਮਹੀਨੇ ਦੀਆਂ ਤਨਖਾਹਾਂ ਅਤੇ ਤਨਖਾਹ ਕਮਿਸ਼ਨ ਦੇ ਬਕਾਏ ਰੁਕੇ ਹੋਏ ਹਨ। ਸਮੁੱਚੇ ਪੰਜਾਬ ਵਿੱਚ ਫ਼ਰਵਰੀ ਮਹੀਨੇ ਦੀ ਤਨਖਾਹ ਬਣਾਉਣ ਲਈ ਵੀ ਬਜਟ ਨਹੀਂ ਹੈ। ਦੂਜੇ ਪਾਸੇ ਅਧਿਆਪਕ ਜਥੇਬੰਦੀਆਂ ਨੇ ਰੁਕੀਆਂ ਤਨਖਾਹਾਂ ਤੇ ਬਕਾਏ ਜਾਰੀ ਕਰਨ ਦਾ ਮਸਲਾ ਹੱਲ ਨਾ ਹੋਣ ਦੀ ਸੂਰਤ ਵਿੱਚ ਸਾਂਝੇ ਅਧਿਆਪਕ ਮੋਰਚੇ ਦੀ ਅਗਵਾਈ ਹੇਠ 4 ਮਾਰਚ ਨੂੰ ਪੰਜਾਬ ਭਰ ਵਿੱਚ ਜ਼ਿਲ੍ਹਾ ਪੱਧਰੀ ਰੋਸ ਮੁਜ਼ਾਹਰੇ ਕਰਨ ਦੀ ਚਿਤਾਵਨੀ ਦਿੱਤੀ ਹੈ।
ਇਸ ਸਬੰਧੀ ਡੈਮੋਕ੍ਰੈਟਿਕ ਟੀਚਰਜ਼ ਫਰੰਟ (ਡੀਟੀਐੱਫ) ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ ਤੇ ਵਿੱਤ ਸਕੱਤਰ ਅਸ਼ਵਨੀ ਅਵਸਥੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਵਿੱਤ ਵਿਭਾਗ ਤੇ ਸਿੱਖਿਆ ਵਿਭਾਗ ਵੱਲੋਂ ਜਨਵਰੀ ਮਹੀਨੇ ਦੀ ਤਨਖਾਹ ਤੇ ਪਿਛਲੇ ਤਨਖਾਹ ਬਕਾਏ ਦੀ ਅਦਾਇਗੀ ਲਈ ਸਮੇਂ ਸਿਰ ਬਜਟ ਨਾ ਭੇਜਣ ਕਰਕੇ, ਕਰਮਚਾਰੀਆਂ ਨੂੰ ਗੰਭੀਰ ਆਰਥਿਕ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਿੱਖਿਆ ਵਿਭਾਗ ਵੱਲੋਂ ਕੁਝ ਅਧਿਆਪਕਾਂ ਦੇ ਤਨਖਾਹ ਏਰੀਅਰ ਕਢਵਾਉਣ ਨੂੰ ਇਸ ਸੰਕਟ ਲਈ ਜ਼ਿੰਮੇਵਾਰ ਦੱਸਣ ਦੀ ਸਖ਼ਤ ਨਿਖੇਧੀ ਕਰਦਿਆਂ ਡੀਟੀਐੱਫ਼ ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਦਿੱਤੇ ਅੱਧੇ ਅਧੂਰੇ ਤਨਖਾਹ ਕਮਿਸ਼ਨ ਦੇ ਵੀ ਪਿਛਲੇ ਸਾਢੇ ਪੰਜ ਸਾਲਾਂ ਦੇ ਬਕਾਏ ਅਤੇ ਮਹਿੰਗਾਈ ਭੱਤੇ ਦੇ ਏਰੀਅਰ ਰੁਕੇ ਹੋਏ ਹਨ ਅਤੇ ਸਰਕਾਰੀ ਫੈ਼ਸਲੇ ਅਨੁਸਾਰ ਮਹਿਜ਼ ਚਾਰ ਮਹੀਨਿਆਂ ਦਾ ਬਕਾਇਆ ਹੀ ਜਾਰੀ ਕੀਤਾ ਜਾ ਰਿਹਾ ਹੈ, ਜਿਸ ਲਈ ਵੀ ਲੋੜੀਂਦਾ ਬਜਟ ਮੌਜੂਦ ਨਾ ਹੋਣਾ ਸਰਕਾਰ ਦੀ ਨਾਕਾਮੀ ਹੈ।