ਖੇਤਰੀ ਪ੍ਰਤੀਨਿਧ
ਬਰਨਾਲਾ, 26 ਜੂਨ
ਸਿੱਖਿਆ ਵਿਭਾਗ ਵੱਲੋਂ ਵਿਦੇਸ਼ ਜਾਣ ਵਾਲੇ ਅਧਿਆਪਕਾਂ ਵੱਲੋਂ ਲਈ ਜਾਣ ਵਾਲੀ ਛੁੱਟੀ ਨੂੰ ਗਰਮੀਆਂ ਅਤੇ ਸਰਦੀਆਂ ਦੀਆਂ ਛੁੱਟੀਆਂ ਦੇ ਸਮੇਂ ਦੌਰਾਨ ਲੈਣ ਦੀਆਂ ਹਦਾਇਤਾਂ ਦੀ ਨਿਖੇਧੀ ਕਰਦਿਆਂ ਡੈਮੋਕਰੈਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸੁਖਪੁਰ ਤੇ ਜ਼ਿਲ੍ਹਾ ਜਨਰਲ ਸਕੱਤਰ ਰਾਜੀਵ ਕੁਮਾਰ ਤੇ ਜ਼ਿਲ੍ਹਾ ਵਿੱਤ ਸਕੱਤਰ ਬਲਜਿੰਦਰ ਪ੍ਰਭੂ ਨੇ ਕਿਹਾ ਕਿ ਵਿਭਾਗ ਵੱਲੋੋਂ ਇਹ ਨਾਦਰਸ਼ਾਹੀ ਫੈਸਲਾ ਲਿਆ ਗਿਆ ਹੈ ਜਿਸ ਵਿੱਚ ਵਿਭਾਗ ਨੇ ਪਰਵਾਸ ਦੀਆਂ ਸਮੱਸਿਆਵਾਂ ਨੂੰ ਅੱਖੋਂ ਪਰੋਖੇ ਕੀਤਾ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ ਰਹਿ ਰਹੇ ਬੱਚਿਆਂ ਨੂੰ ਸੁੱਖ-ਦੁੱਖ ਗਰਮੀਆਂ ਜਾਂ ਸਰਦੀਆਂ ਦੀਆਂ ਛੁੱਟੀਆਂ ਦੇਖ ਕੇ ਆਵੇ, ਇਹ ਸੰਭਵ ਨਹੀਂ। ਡੈਮੋਕਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਕਮੇਟੀ ਮੈਂਬਰਾਂ ਗੁਰਮੇਲ ਭੁਟਾਲ, ਸੁਖਦੀਪ ਤਪਾ ਤੇ ਨਿਰਮਲ ਚੁਹਾਣਕੇ ਨੇ ਕਿਹਾ ਕਿ ਵਿਭਾਗ ਵੱਲੋਂ ਵਿਦੇਸ਼ ਛੁੱਟੀ ਸਬੰਧੀ ਲਾਈਆਂ ਇਹ ਪਾਬੰਦੀਆਂ ਸਿਵਲ ਸੇਵਾ ਨਿਯਮਾਂ ਦੇ ਉਲਟ, ਗੈਰ ਸੰਵਿਧਾਨਕ ਅਤੇ ਪੱਖਪਾਤੀ ਹਨ।