ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 19 ਜੁਲਾਈ
ਪੰਜਾਬ ਦੇ ਜ਼ਿਆਦਾਤਰ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਪੂਰੀਆਂ ਪੁਸਤਕਾਂ ਨਾ ਮਿਲਣ ਸਬੰਧੀ ਅੱਜ ਡੈਮੋਕ੍ਰੈਟਿਕ ਟੀਚਰਜ਼ ਫਰੰਟ (ਡੀਟੀਐੱਫ਼) ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ ਦੀ ਅਗਵਾਈ ਹੇਠ ਵਫ਼ਦ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਪ੍ਰੋਫੈਸਰ ਯੋਗਰਾਜ ਨਾਲ ਮੁਲਾਕਾਤ ਕੀਤੀ। ਡੀਟੀਐੱਫ਼ ਦੇ ਜਨਰਲ ਸਕੱਤਰ ਮੁਕੇਸ਼ ਕੁਮਾਰ ਨੇ ਦੱਸਿਆ ਕਿ ਵਫ਼ਦ ਨੇ ਅਧਿਕਾਰੀ ਨੂੰ ਚਾਲੂ ਵਿੱਦਿਅਕ ਸੈਸ਼ਨ ਦੇ ਕਰੀਬ ਸਾਢੇ ਤਿੰਨ ਮਹੀਨੇ ਬੀਤਣ ਦੇ ਬਾਵਜੂਦ ਵਿਦਿਆਰਥੀਆਂ ਕੋਲ ਪੂਰੀਆਂ ਪੁਸਤਕਾਂ ਨਾ ਪੁੱਜਣ ਮਾਮਲਾ ਚੁੱਕਿਆ। ਉਨ੍ਹਾਂ ਦੱਸਿਆ ਕਿ ਜਥੇਬੰਦੀ ਦੇ ਇਸ ਇਤਰਾਜ਼ ’ਤੇ ਬੋਰਡ ਮੁਖੀ ਨੇ ਕਾਗਜ਼ ਖ਼ਰੀਦਣ ਵਿੱਚ ਹੋਈ ਦੇਰੀ ਨੂੰ ਇਸ ਦਾ ਕਾਰਨ ਦੱਸਦੇ ਹੋਏ ਬਾਕੀ ਪੁਸਤਕਾਂ ਵਿਦਿਆਰਥੀਆਂ ਤੱਕ ਛੇਤੀ ਪਹੁੰਚਾਉਣ ਦਾ ਭਰੋਸਾ ਦਿੱਤਾ।