ਪੱਤਰ ਪ੍ਰੇਰਕ
ਚੰਡੀਗੜ੍ਹ, 31 ਜੁਲਾਈ
ਪੰਜਾਬ ਵਿਚ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੀਆਂ 46 ਵਿੱਚੋਂ 18 ਅਸਾਮੀਆਂ ਖਾਲੀ ਹਨ ਜਿਸ ਦਾ ਗੰਭੀਰ ਨੋਟਿਸ ਲੈਂਦਿਆਂ ਡੈਮੋਕ੍ਰੈਟਿਕ ਟੀਚਰਜ਼ ਫਰੰਟ (ਡੀਟੀਐੱਫ) ਨੇ ਇਸ ਨੂੰ ‘ਆਪ’ ਸਰਕਾਰ ਦੀ ਕਹਿਣੀ ਅਤੇ ਕਰਨੀ ਵਿੱਚ ਵੱਡਾ ਫਰਕ ਕਰਾਰ ਦਿੱਤਾ ਹੈ। ਦੱਸਣਯੋਗ ਹੈ ਕਿ ਸੂਬੇ ਦੇ ਸਿੱਖਿਆ ਵਿਭਾਗ ਵਿਚ ਵੱਡੀ ਗਿਣਤੀ ਅਧਿਕਾਰੀਆਂ, ਟੀਚਿੰਗ ਅਤੇ ਨਾਨ-ਟੀਚਿੰਗ ਅਮਲੇ ਦੀਆਂ ਅਸਾਮੀਆਂ ਖਾਲੀ ਹੋਣ ਕਾਰਨ ਸਿੱਖਿਆ ਪ੍ਰਬੰਧ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ ਅਤੇ ਕਈ ਜ਼ਿਲ੍ਹਿਆਂ ਦੇ ਸਿੱਖਿਆ ਅਫ਼ਸਰਾਂ ਤੋਂ ਵਾਂਝੇ ਹੋਣ ਕਾਰਨ ਮੁਲਾਜ਼ਮਾਂ ਦੀਆਂ ਤਨਖਾਹਾਂ ਵੀ ਰੁਕੀਆਂ ਹੋਈਆਂ ਹਨ। ਡੀਟੀਐੱਫ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ ਅਤੇ ਵਿੱਤ ਸਕੱਤਰ ਅਸ਼ਵਨੀ ਅਵਸਥੀ ਨੇ ਦੱਸਿਆ ਕਿ ਪੰਜਾਬ ਭਰ ਦੇ 23 ਜ਼ਿਲ੍ਹਿਆਂ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰਾਂ (ਸੈ.ਸਿ.) ਦੀਆਂ 22 ਅਸਾਮੀਆਂ ਵਿੱਚੋਂ 11 ਖਾਲੀ ਹਨ। ਇਸੇ ਤਰ੍ਹਾਂ ਜ਼ਿਲ੍ਹਾ ਸਿੱਖਿਆ ਅਫ਼ਸਰਾਂ (ਐ.ਸਿ.) ਦੀਆਂ 22 ਵਿੱਚੋਂ 5 ਅਸਾਮੀਆਂ ਖਾਲੀ ਹਨ ਜਦਕਿ ਨਵੇਂ ਬਣੇ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਹਾਲੇ ਤੱਕ ਜ਼ਿਲ੍ਹਾ ਸਿੱਖਿਆ ਅਫ਼ਸਰ ਦੀ ਅਸਾਮੀ ਨਹੀਂ ਦਿੱਤੀ ਗਈ। ਇੱਥੇ ਬਾਹਰਲੇ ਜ਼ਿਲ੍ਹਿਆਂ ਵਿੱਚੋਂ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਵਾਧੂ ਚਾਰਜ ਦੇ ਕੇ ਡੰਗ ਟਪਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜਲੰਧਰ, ਨਵਾਂ ਸ਼ਹਿਰ ਅਤੇ ਕਪੂਰਥਲਾ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੀਆਂ ਦੋਵੇਂ ਅਸਾਮੀਆਂ (ਐਲੀਮੈਂਟਰੀ ਅਤੇ ਸੈਕੰਡਰੀ) ਖਾਲੀ ਹਨ। ਇਨ੍ਹਾਂ ਜ਼ਿਲ੍ਹਿਆਂ ਦਾ ਚਾਰਜ ਦੂਜੇ ਜ਼ਿਲ੍ਹਿਆਂ ਦੇ ਸਿੱਖਿਆ ਅਫ਼ਸਰਾਂ ਨੂੰ ਦੇ ਕੇ ਕੰਮ ਸਾਰਿਆ ਜਾ ਰਿਹਾ ਹੈ।