ਜਗਮੋਹਨ ਸਿੰਘ
ਰੂਪਨਗਰ, 23 ਦਸੰਬਰ
ਕਾਂਗਰਸ ਸਰਕਾਰ ਵੱਲੋਂ ਪੂਰੇ ਜਿੱਥੇ ਪੰਜਾਬ ਅੰਦਰ ਵਿਕਾਸ ਦੀ ਹਨ੍ਹੇਰੀ ਲਿਆਉਣ ਦੇ ਦਾਅਵੇ ਕੀਤੇ ਜਾ ਰਹੇ ਹਨ, ਉੱਥੇ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਆਪਣੇ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਰੂਪਨਗਰ ਦੇ ਸਰਪੰਚਾਂ ਨੇ ਸਰਕਾਰੀ ਦਾਅਵਿਆਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ। ਅੱਜ ਇੱਥੇ ਸਰਪੰਚ ਯੂਨੀਅਨ ਦੇ ਬਲਾਕ ਪ੍ਰਧਾਨ ਚਰਨਜੀਤ ਸਿੰਘ ਮਿਆਣੀ ਦੀ ਅਗਵਾਈ ਵਿੱਚ ਵੱਡੀ ਗਿਣਤੀ ਵਿੱਚ ਇਕੱਤਰ ਹੋਏ ਵੱਖ ਵੱਖ ਪਿੰਡਾਂ ਦੇ ਸਰਪੰਚਾਂ ਜਿਨ੍ਹਾਂ ਵਿੱਚ ਕਾਂਗਰਸ ਪਾਰਟੀ ਨਾਲ ਸਬੰਧਤ ਸਰਪੰਚ ਵੀ ਸ਼ਾਮਲ ਸਨ, ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਰੂਪਨਗਰ ਅਧੀਨ ਪੈਂਦੇ ਪਿੰਡਾਂ ਦੀਆਂ ਪੰਚਾਇਤਾਂ ਨਾਲ ਗਰਾਂਟਾਂ ਦੇ ਮਾਮਲੇ ਵਿੱਚ ਵਿਤਕਰੇਬਾਜ਼ੀ ਕੀਤੀ ਜਾ ਰਹੀ ਹੈ ਤੇ ਉਨ੍ਹਾਂ ਨੂੰ ਗਰਾਂਟਾਂ ਨਾ ਮਿਲਣ ਕਾਰਨ ਪਿੰਡਾਂ ਦੇ ਵਿਕਾਸ ਕਾਰਜ ਪੂਰੀ ਤਰ੍ਹਾਂ ਰੁਕੇ ਪਏ ਹਨ। ਸਰਪੰਚਾਂ ਨੇ ਚਿਤਾਵਨੀ ਦਿੱਤੀ ਕਿ ਜੇ ਦੋ ਦਿਨਾਂ ਦੇ ਅੰਦਰ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਗਰਾਂਟਾਂ ਜਾਰੀ ਨਾ ਕੀਤੀਆਂ ਗਈਆਂ ਤਾਂ ਉਹ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਘਿਰਾਓ ਕਰਨਗੇ ਅਤੇ ਲੋੜ ਪੈਣ ਤੇ ਭੁੱਖ ਹੜਤਾਲ ਕਰਨ ਤੋਂ ਵੀ ਗੁਰੇਜ਼ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਗਰਾਂਟਾਂ ਨਾ ਮਿਲਣ ’ਤੇ ਕਾਂਗਰਸੀਆਂ ਨੂੰ ਪਿੰਡਾਂ ਵਿੱਚ ਨਹੀਂ ਵੜਨ ਦਿੱਤਾ ਜਾਵੇਗਾ ਤੇ ਸਮੁੱਚੇ ਪਿੰਡਾਂ ਵੱਲੋਂ ਕਾਂਗਰਸ ਪਾਰਟੀ ਦਾ ਬਾਈਕਾਟ ਕੀਤਾ ਜਾਵੇਗਾ।