ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 12 ਅਗਸਤ
ਪੰਜਾਬ ਸਰਕਾਰ ਨੇ ਫਗਵਾੜਾ ਗੰਨਾ ਮਿੱਲ ਅੱਗੇ ਚੱਲ ਰਹੇ ਕਿਸਾਨ ਧਰਨੇ ਦੌਰਾਨ ਗੰਨਾ ਕਾਸ਼ਤਕਾਰਾਂ ਦੀ 100 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਜਾਰੀ ਕਰ ਦਿੱਤੀ ਤੇ ਇਹ ਰਾਸ਼ੀ ਅੱਜ ਕਿਸਾਨਾਂ ਦੇ ਖਾਤਿਆਂ ਵਿੱਚ ਜਮ੍ਹਾਂ ਵੀ ਹੋ ਚੁੱਕੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਭਰ ਦੀਆਂ ਸਰਕਾਰੀ/ਸਹਿਕਾਰੀ ਖੰਡ ਮਿੱਲਾਂ ਵੱਲ ਕੁੱਲ 295.60 ਕਰੋੜ ਰੁਪਏ ਦਾ ਬਕਾਇਆ ਖੜ੍ਹਾ ਹੈ। ਉਨ੍ਹਾਂ ਕਿਹਾ ਕਿ ਇਸ ਵਿੱਚੋਂ 100 ਕਰੋੜ ਰੁਪਏ ਸਰਕਾਰ ਨੇ ਲੰਘੀ 29 ਜੁਲਾਈ ਨੂੰ ਅਦਾ ਕੀਤੇ ਸਨ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਗੰਨਾ ਕਾਸ਼ਤਕਾਰਾਂ ਦਾ ਹੁਣ ਸ਼ੂਗਰਫੈੱਡ ਵੱਲ 195.60 ਕਰੋੜ ਰੁਪਏ ਦਾ ਬਕਾਇਆ ਖੜ੍ਹਾ ਸੀ ਅਤੇ ਉਨ੍ਹਾਂ ਕਿਸਾਨਾਂ ਨਾਲ ਵਾਅਦਾ ਕੀਤਾ ਸੀ ਕਿ 100 ਕਰੋੜ ਰੁਪਏ 15 ਅਗਸਤ ਤੱਕ ਜਾਰੀ ਕਰ ਦਿੱਤੇ ਜਾਣਗੇ ਜਦਕਿ ਬਾਕੀ 95.60 ਕਰੋੜ ਰੁਪਏ ਦਾ ਬਕਾਇਆ 7 ਸਤੰਬਰ ਤੱਕ ਨਬਿੇੜ ਦਿੱਤਾ ਜਾਵੇਗਾ। ਭਗਵੰਤ ਮਾਨ ਨੇ ਦੱਸਿਆ ਕਿ ਫਗਵਾੜਾ ਖੰਡ ਮਿੱਲ ਨੂੰ ਛੱਡ ਕੇ ਬਾਕੀ ਪ੍ਰਾਈਵੇਟ ਖੰਡ ਮਿੱਲਾਂ ਨੇ ਭਰੋਸਾ ਦਿੱਤਾ ਹੈ ਕਿ ਉਹ 7 ਸਤੰਬਰ ਤੱਕ ਕਿਸਾਨਾਂ ਦੇ ਖੰਡ ਮਿੱਲਾਂ ਵੱਲ ਬਕਾਏ ਅਦਾ ਕਰ ਦੇਣਗੀਆਂ। ਉਨ੍ਹਾਂ ਦੱਸਿਆ ਕਿ ਅੱਜ ਕੀਤੀ ਗਈ 100 ਕਰੋੜ ਰੁਪਏ ਦੀ ਅਦਾਇਗੀ ਨਾਲ ਸੂਬੇ ਦੀਆਂ ਸਹਿਕਾਰੀ ਖੰਡ ਮਿੱਲਾਂ ਵੱਲ ਹੁਣ ਤੱਕ ਦੇ 619.62 ਕਰੋੜ ਰੁਪਏ ਦੇ ਕੁੱਲ ਬਕਾਏ ਵਿੱਚੋਂ 526.27 ਕਰੋੜ ਰੁਪਏ ਦੀ ਅਦਾਇਗੀ ਹੋ ਚੁੱਕੀ ਹੈ। ਇਹ ਅਦਾਇਗੀ ਸਾਲ 2021-22 ਦੇ ਸੀਜ਼ਨ ਦੀ ਹੈ ਅਤੇ ਸੂਬਾ ਸਰਕਾਰ ਬਕਾਇਆਂ ਦੀ ਅਦਾਇਗੀ ਬਿਨਾਂ ਕਿਸੇ ਦੇਰੀ ਤੋਂ ਕਰਨ ਲਈ ਸੁਹਿਰਦ ਯਤਨ ਕਰ ਰਹੀ ਹੈ।