ਗੁਰਸੇਵਕ ਸਿੰਘ ਪ੍ਰੀਤ
ਸ੍ਰੀ ਮੁਕਤਸਰ ਸਾਹਿਬ, 29 ਅਗਸਤ
ਭਾਰਤੀ ਕਿਸਾਨ ਯੂਨੀਅਨ ਏਕਤਾ-ਉਗਰਾਹਾਂ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਨਰਮੇ ਦੇ ਖਰਾਬੇ ਦਾ ਮੁਆਵਜ਼ਾ ਲੈਣ ਲਈ ਇੱਥੇ ਚੱਲ ਰਹੇ ਧਰਨੇ ਵਿੱਚ ਸ਼ਾਮਲ ਹੋਣ ਆਏ ਬਠਿੰਡਾ ਜ਼ਿਲ੍ਹੇ ਦੇ ਬਲਾਕ ਸੰਗਤ ਦੇ ਪਿੰਡ ਰਾਏਕੇ ਕਲਾਂ ਦੇ ਕਿਸਾਨ ਬਲਵਿੰਦਰ ਸਿੰਘ (60) ਨੇ ਸਲਫਾਸ ਨਿਗਲ ਕੇ ਖੁਦਕੁਸ਼ੀ ਕਰ ਲਈ। ਇਸ ਸਬੰਧੀ ਲਛਮਣ ਸਿੰਘ ਰਾਏਕੇ ਕਲਾਂ ਅਤੇ ਅਜੈਪਾਲ ਸਿੰਘ ਘੁੱਦਾ ਨੇ ਦੱਸਿਆ ਕਿ ਬਲਵਿੰਦਰ ਸਿੰਘ ਧਰਨੇ ਦੌਰਾਨ ਅਚਾਨਕ ਹੀ ਉਲਟੀਆਂ ਕਰਨ ਲੱਗ ਪਿਆ ਸੀ।
ਉਸ ਨੇ ਸਲਫਾਸ ਦੀਆਂ ਗੋਲੀਆਂ ਨਿਗਲਣ ਦਾ ਦਾਅਵਾ ਕੀਤਾ। ਉਸ ਨੂੰ ਮੁਕਤਸਰ ਦੇ ਸਿਵਲ ਹਸਪਤਾਲ ਲਿਜਾਇਆ ਗਿਆ ਪਰ ਉਥੇ ਢੁੱਕਵੇਂ ਪ੍ਰਬੰਧ ਨਾ ਹੋਣ ਕਰਕੇ ਬਲਵਿੰਦਰ ਸਿੰਘ ਨੂੰ ਫਰੀਦਕੋਟ ਦੇ ਮੈਡੀਕਲ ਕਾਲਜ ਰੈਫ਼ਰ ਕਰ ਦਿੱਤਾ ਗਿਆ ਜਿੱਥੇ ਉਸ ਦੀ ਮੌਤ ਹੋ ਗਈ। । ਬਲਵਿੰਦਰ ਸਿੰਘ ਕੋਲ ਸਿਰਫ 4 ਏਕੜ ਜ਼ਮੀਨ ਹੈ ਅਤੇ ਉਸ ਦੇ ਦੋ ਪੁੱਤਰ ਹਨ। ਉਸਦੇ ਸਿਰ ਕਰਜ਼ਾ ਵੀ ਹੈ। ਇਸ ਦੌਰਾਨ ਕਿਸਾਨ ਆਗੂ ਪੂਰਨ ਸਿੰਘ ਦੋਦਾ, ਗੁਰਭਗਤ ਸਿੰਘ ਭਲਾਈਆਣਾ, ਗੁਰਪਾਸ਼ ਸਿੰਘ ਸਿੰਘੇਵਾਲਾ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਸਕੱਤਰ ਲਛਮਣ ਸਿੰਘ ਸੇਵੇਵਾਲਾ, ਜ਼ਿਲ੍ਹਾ ਸਕੱਤਰ ਤਰਸੇਮ ਸਿੰਘ ਖੁੰਡੇਹਲਾਲ ਤੇ ਗੁਰਜੰਟ ਸਿੰਘ ਸਾਉਂਕੇ ਨੇ ਪੰਜਾਬ ਸਰਕਾਰ ਅਤੇ ਮੁਕਤਸਰ ਪੁਲੀਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਜ਼ਮੀਨ ਕੁਰਕੀ ਦੇ ਹੁਕਮ ਰੱਦ ਕਰਕੇ ਸਮੁੱਚਾ ਕਰਜ਼ਾ ਮੁਆਫ ਕੀਤਾ ਜਾਵੇ, ਪਰਿਵਾਰ ਨੂੰ ਪੰਜ ਲੱਖ ਰੁਪਏ ਦਾ ਮੁਆਵਜ਼ਾ ਅਤੇ ਇਕ ਜੀਅ ਨੂੰ ਨੌਕਰੀ ਦਿੱਤੀ ਜਾਵੇ। ਇਸੇ ਦੌਰਾਨ ਦੇਰ ਸ਼ਾਮ ਕਿਸਾਨ ਤੇ ਖੇਤ ਮਜ਼ਦੂਰ ਜਥੇਬੰਦੀਆਂ ਨਾਲ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਲੰਬੀ ਚੱਲੀ ਬੈਠਕ ਤੋਂ ਬਾਅਦ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਧਰਨੇ ਵਿੱਚ ਪਹੁੰਚ ਕੇ ਖੁਦਕਸ਼ੀ ਕਰਨ ਵਾਲੇ ਕਿਸਾਨ ਬਲਵਿੰਦਰ ਸਿੰਘ ਰਾਏ ਕੇ ਕਲਾਂਦੀ ਮੌਤ ਤੇ ਅਫਸੋਸ ਪ੍ਰਗਟਾਵਾ ਕਰਦਿਆਂ ਐਲਾਨ ਕੀਤਾ ਕਿ ਇਸ ਸਬੰਧੀ ਮੁਕਤਸਰ ਪੁਲੀਸ ਵੱਲੋਂ ਕੇਸ ਦਰਜ ਕਰ ਕੇ ਕਾਰਵਾਈ ਕੀਤੀ ਜਾਵੇਗੀ|
ਮੁਕਤਸਰ ਦੇ ਜ਼ਿਲ੍ਹਾ ਹਸਪਤਾਲ ’ਚ ਮੈਡੀਕਲ ਸਪੈਸ਼ਲਿਸਟ ਹੀ ਨਹੀਂ: ਸਿਵਲ ਸਰਜਨ
ਸਿਵਲ ਹਸਪਤਾਲ ਮੁਕਤਸਰ ਦੀ ਸਿਵਲ ਸਰਜਨ ਡਾ. ਰੰਜੂ ਸਿੰਗਲਾ ਨੇ ਦੱਸਿਆ ਕਿ ਬਲਵਿੰਦਰ ਸਿੰਘ ਨੂੰ ਗੰਭੀਰ ਹਾਲਤ ’ਚ ਹਸਪਤਾਲ ਲਿਆਂਦਾ ਗਿਆ ਸੀ ਅਤੇ ਉਸ ਨੂੰ ਮੁੱਢਲੀ ਸਹਾਇਤਾ ਦੇ ਕੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਰੈਫਰ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਮੁਕਤਸਰ ’ਚ ਮੈਡੀਕਲ ਸਪੈਸ਼ਲਿਸਟ ਦੀ ਪੋਸਟ ਲੰਬੇ ਸਮੇਂ ਤੋਂ ਖਾਲੀ ਹੈ, ਜਿਸ ਸਬੰਧੀ ਹਰ ਮਹੀਨੇ ਸਿਹਤ ਵਿਭਾਗ ਅਤੇ ਸਰਕਾਰ ਨੂੰ ਲਿਖਿਆ ਜਾਂਦਾ ਹੈ।