ਆਤਿਸ਼ ਗੁਪਤਾ
ਚੰਡੀਗੜ੍ਹ, 4 ਅਕਤੂਬਰ
ਚੰਡੀਗੜ੍ਹ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ ਸਵਰਾਜ ਇੰਡੀਆ ਦੇ ਕੌਮੀ ਪ੍ਰਧਾਨ ਯੋਗੇਂਦਰ ਯਾਦਵ ਨੇ ਦੁਸ਼ਿਅੰਤ ਚੌਟਾਲਾ ਤੋਂ 10 ਸਵਾਲ ਪੁੱਛੇ। ਉਨ੍ਹਾਂ ਕਿਹਾ ਕਿ ਜੇ ਉਨ੍ਹਾਂ ਕੋਲ ਇਨ੍ਹਾਂ ਸਵਾਲਾ ਦੇ ਜਵਾਬ ਨਹੀਂ ਹਨ ਤਾਂ ਉਨ੍ਹਾਂ ਨੂੰ ਉਪ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਸ੍ਰੀ ਯਾਦਵ ਨੇ ਚੌਟਾਲਾ ਨੂੰ ਸਵਾਲ ਕੀਤਾ ਕਿ ਭਾਜਪਾ ਨੇ ਰਾਜ ਸਭਾ ਵਿਚ ਬਿਨਾਂ ਵੋਟਿੰਗ ਤੋਂ ਕਾਨੂੰਨ ਪਾਸ ਕੀਤਾ ਹੈ, ਕੀ ਉਹ ਉਸ ਦਾ ਸਮਰਥਨ ਕਰਦੇ ਹਨ ਤੇ ਕੀ ਭਾਜਪਾ ਨੇ ਖੇਤੀ ਕਾਨੂੰਨ ਲਿਆਉਣ ਤੋਂ ਪਹਿਲਾਂ ਉਨ੍ਹਾਂ ਦੀ ਪਾਰਟੀ ਨਾਲ ਸੰਪਰਕ ਕੀਤਾ ਸੀ। ਜੇ ਇਨ੍ਹਾਂ ਕਾਨੂੰਨਾਂ ਨਾਲ ਐੱਮਐੱਸਪੀ ਨੂੰ ਕੋਈ ਖ਼ਤਰਾ ਨਹੀਂ ਹੈ ਤਾਂ ਉਸ ਨੂੰ ਕਾਨੂੰਨ ਵਿਚ ਸ਼ਾਮਲ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬਿਨਾਂ ਟੈਕਸ ਦਿੱਤੇ ਕੰਪਨੀਆਂ ਨੂੰ ਮੰਡੀ ਦੇ ਬਾਹਰ ਖਰੀਦ ਦੀ ਸਹੂਲਤ ਦੇਣਾ ਅਤੇ ਮੰਡੀ ਵਿਚ ਖਰੀਦਦਾਰ ’ਤੇ ਟੈਕਸ ਲਗਾਉਣ ਨਾਲ ਕੀ ਮੰਡੀ ਸਿਸਟਮ ਖਤਮ ਨਹੀਂ ਹੋਵੇਗਾ।
ਯੋਗੇਂਦਰ ਯਾਦਵ ਨੇ ਕਿਹਾ ਕਿ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਖ਼ੁਦ ਨੂੰ ਕਿਸਾਨਾਂ ਦੇ ਹਿਤੈਸ਼ੀ ਦੇਵੀ ਲਾਲ ਚੌਟਾਲਾ ਦੇ ਕਦਮਾਂ ’ਤੇ ਚੱਲਣ ਦਾ ਵਿਸ਼ਵਾਸ ਦਿਵਾਉਂਦੇ ਆਏ ਹਨ। ਉਨ੍ਹਾਂ ਨੇ ਚੋਣਾਂ ਦੌਰਾਨ ਭਾਜਪਾ ਨੂੰ ਕਿਸਾਨ ਵਿਰੋਧੀ ਕਰਾਰ ਦਿੰਦਿਆਂ ਕਿਸਾਨਾਂ ਦੀਆਂ ਵੋਟਾਂ ਹਾਸਲ ਕੀਤੀਆਂ ਸੀ ਤਾਂ ਅੱਜ ਭਾਜਪਾ ਨਾਲ ਭਾਈਵਾਲ ਕਿਉਂ ਬਣ ਗਏ। ਖੇਤੀ ਕਾਨੂੰਨਾਂ ਨੂੰ ਕਿਸਾਨ ਵਿਰੋਧੀ ਕਰਾਰ ਦਿੰਦਿਆਂ ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਖੇਤੀ ਆਰਡੀਨੈਂਸ ਲਿਆਉਣ ਤੋਂ ਪਹਿਲਾਂ ਜਾਂ ਬਾਅਦ ਵਿਚ ਕਿਸੇ ਕਿਸਾਨ ਜਥੇਬੰਦੀ ਨਾਲ ਸਲਾਹ ਮਸ਼ਵਰਾ ਨਹੀਂ ਕੀਤਾ। ਭਾਜਪਾ ਖੇਤੀ ਕਾਨੂੰਨਾਂ ਰਾਹੀਂ ਦੇਸ਼ ਨੂੰ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨਾ ਚਾਹੁੰਦੀ ਹੈ। ਉਨ੍ਹਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਵਰ੍ਹਦਿਆਂ ਕਿਹਾ ਕਿ ਉਹ ਪੰਜਾਬ ਦੇ ਕਿਸਾਨਾਂ ਨੂੰ ਮੱਕੀ ਅਤੇ ਕਪਾਹ ਦੀ ਫ਼ਸਲ ’ਤੇ ਐੱਮਐੱਸਪੀ ਦਿਵਾਉਣ। ਖੇਤੀ ਵਿਰੋਧੀ ਕਾਨੂੰਨਾਂ ਖ਼ਿਲਾਫ਼ ਹਰਿਆਣਾ ਦੀਆਂ 17 ਜਥੇਬੰਦੀਆਂ ਵੱਲੋਂ 6 ਅਕਤੂਬਰ ਨੂੰ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਦੀ ਸਿਰਸਾ ਸਥਿਤ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ।
ਖੇਤੀ ਕਾਨੂੰਨ ਕਿਸਾਨਾਂ ਦੇ ਹਿੱਤ ’ਚ: ਦੁਸ਼ਿਅੰਤ ਚੌਟਾਲਾ
ਸਿਰਸਾ (ਪ੍ਰਭੂ ਦਿਆਲ): ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਨੇ ਆਖਿਆ ਹੈ ਕਿ ਨਵੇਂ ਖੇਤੀ ਕਾਨੂੰਨ ਕਿਸਾਨਾਂ ਦੇ ਹਿੱਤ ਵਿੱਚ ਹਨ। ਕਾਂਗਰਸ ਪਾਰਟੀ ਖੇਤੀ ਕਾਨੂੰਨਾਂ ਬਾਰੇ ਕਿਸਾਨਾਂ ਨੂੰ ਗੁਮਰਾਹ ਕਰ ਰਹੀ ਹੈ। ਰਾਹੁਲ ਗਾਂਧੀ ਨੂੰ ਖੇਤੀ ਦੇ ਕੰਮ ਦਾ ਨਹੀਂ ਪਤਾ। ਕੇਂਦਰ ਤੇ ਸੂਬਾ ਸਰਕਾਰ ਨੇ ਕਿਸਾਨਾਂ ਦੇ ਹਿੱਤ ’ਚ ਕਈ ਇਤਿਹਾਸਿਕ ਫੈਸਲੇ ਲਏ ਹਨ ਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਗੰਭੀਰਤਾ ਨਾਲ ਕੰਮ ਕੀਤਾ ਜਾ ਰਿਹਾ ਹੈ। ਕਾਂਗਰਸ ਨੇ ਕਦੇ ਵੀ ਕਿਸਾਨਾਂ ਦੀ ਆਮਦਨ ਵਧਾਉਣ ਦੀ ਦਿਸ਼ਾ ’ਚ ਕੋਈ ਕਦਮ ਨਹੀਂ ਚੁੱਕਿਆ ਜਦੋਂਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਾ ਸਿਰਫ ਕਿਸਾਨਾਂ ਦੇ ਹਿੱਤ ਵਿੱਚ ਕ੍ਰਾਂਤੀਕਾਰੀ ਫੈਸਲਾ ਲਿਆ ਬਲਕਿ ਹੁਣ ਤੱਕ ਰਿਕਾਰਡ ਮੁਆਵਜ਼ਾ ਰਾਸ਼ੀ ਵੀ ਕਿਸਾਨਾਂ ਨੂੰ ਦਿੱਤੀ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਰਾਹੁਲ ਗਾਂਧੀ ’ਤੇ ਸ਼ਬਦੀ ਹਮਲੇ ਕੀਤੇ।