ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 17 ਜੁਲਾਈ
ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਨੇ ਜਮਹੂਰੀ ਹੱਕਾਂ ਦੇ ਉੱਘੇ ਕਾਰਕੁਨ ਹਿਮਾਂਸ਼ੂ ਕੁਮਾਰ ਨੂੰ ਸੁਪਰੀਮ ਕੋਰਟ ਵੱਲੋਂ ਸਜ਼ਾ ਦੇਣ ਲਈ ਕੀਤੇ ਪੰਜ ਲੱਖ ਰੁਪਏ ਦੇ ਜੁਰਮਾਨੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਕਿਸਾਨ ਜਥੇਬੰਦੀ ਨੇ ਇਸ ਨੂੰ ਕਬਾਇਲੀ ਲੋਕਾਂ ਨਾਲ ਬੇਇਨਸਾਫ਼ੀ ਕਰਾਰ ਦਿੱਤਾ ਹੈ। ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਕਿਹਾ ਕਿ ਕਬਾਇਲੀ ਲੋਕਾਂ ਦੇ ਘਿਨਾਉਣੇ ਕਤਲਾਂ ਦੇ ਕੇਸ ਵਿੱਚ ਸੁਪਰੀਮ ਕੋਰਟ ਵੱਲੋਂ ਨਿਰਪੱਖ ਜਾਂਚ ਕਰਵਾਈ ਜਾਣੀ ਚਾਹੀਦੀ ਸੀ ਪਰ ਇਸ ਕੇਸ ਦੀ ਪੈਰਵਾਈ ਕਰ ਰਹੇ ਹਿਮਾਂਸ਼ੂ ਕੁਮਾਰ ਨੂੰ ਹੀ ਅਦਾਲਤ ਨੇ ਭਾਰੀ ਜੁਰਮਾਨਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਖ਼ਿਲਾਫ਼ ਜਥੇਬੰਦੀ ਵੱਲੋਂ 20 ਜੁਲਾਈ ਨੂੰ ਡੀਸੀ ਦਫ਼ਤਰਾਂ ਅੱਗੇ ਇਕੱਠੇ ਹੋ ਕੇ ਜਨਤਕ ਵਫ਼ਦਾਂ ਦੇ ਰੂਪ ਵਿੱਚ ਰਾਸ਼ਟਰਪਤੀ ਦੇ ਨਾਮ ਮੰਗ ਪੱਤਰ ਭੇਜੇ ਜਾਣਗੇ।