ਜੋਗਿੰਦਰ ਸਿੰਘ ਮਾਨ
ਮਾਨਸਾ, 23 ਅਪਰੈਲ
ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਵਿਜੈ ਸਿੰਗਲਾ ਨੇ ਅੱਜ ਇੱਥੇ ਵਿਸ਼ਵ ਮਲੇਰੀਆ ਦਿਵਸ ਸਬੰਧੀ ਕਰਵਾਏ ਗਏ ਸੂਬਾਈ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੂਬੇ ਦੇ ਮੈਡੀਕਲ ਢਾਂਚੇ ਅਤੇ ਸਿਹਤ ਸੇਵਾਵਾਂ ’ਚ ਸੁਧਾਰ ਲਿਆਉਣ ਲਈ ਇੱਕ ਮਹੀਨੇ ਦੇ ਅੰਦਰ ਕਰੀਬ 9 ਹਜ਼ਾਰ ਡਾਕਟਰ ਅਤੇ ਪੈਰਾ ਮੈਡੀਕਲ ਸਟਾਫ ਦੀ ਭਰਤੀ ਪ੍ਰਕਿਰਿਆ ਸ਼ੁਰੂ ਹੋਣ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਿਹਤ ਅਤੇ ਸਿੱਖਿਆ ਦੇ ਖੇਤਰ ’ਚ ਪੰਜਾਬ ਨੂੰ ਮੋਹਰੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਲੋਕਾਂ ਨੂੰ ਮਲੇਰੀਆ ਅਤੇ ਡੇਂਗੂ ਵਰਗੀਆਂ ਬਿਮਾਰੀਆਂ ਤੋਂ ਸੁਰੱਖਿਅਤ ਰੱਖਣ ਲਈ 50 ਲੱਖ ਰੁਪਏ ਤੋਂ ਵਧੇਰੇ ਦੀ ਲਾਗਤ ਨਾਲ 100 ਫੌਗਿੰਗ ਮਸ਼ੀਨਾਂ ਖਰੀਦੀਆਂ ਜਾ ਰਹੀਆਂ ਹਨ ਅਤੇ ਮਰੀਜ਼ਾਂ ਦੀ ਮੁਫ਼ਤ ਜਾਂਚ ਅਤੇ ਇਲਾਜ ਲਈ ਹਰ ਤਰ੍ਹਾਂ ਦੇ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ 2024 ਤੱਕ ਪੰਜਾਬ ਨੂੰ ਮਲੇਰੀਆ ਮੁਕਤ ਕਰਨ ਲਈ ਸਿਹਤ ਵਿਭਾਗ ਦੀਆਂ ਟੀਮਾਂ ਕਾਰਜ਼ਸੀਲ ਹਨ, ਜਿਸ ਲਈ ਸੂਬੇ ਦੇ ਲੋਕਾਂ ਦਾ ਸਹਿਯੋਗ ਜ਼ਰੂਰੀ ਹੈ।
ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਲੇਰੀਆ ਅਤੇ ਡੇਂਗੂ ਸਬੰਧੀ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ। ਇਸ ਮੌਕੇ ਬੁਢਲਾਡਾ ਤੋਂ ਵਿਧਾਇਕ ਪ੍ਰਿੰਸੀਪਲ ਬੁੱਧਰਾਮ ਅਤੇ ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਵੀ ਸੰਬੋਧਨ ਕੀਤਾ।
ਇਸ ਤੋਂ ਪਹਿਲਾ ਸਿਹਤ ਮੰਤਰੀ ਡਾ. ਵਿਜੈ ਸਿੰਗਲਾ ਨੇ ਅੰਮ੍ਰਿਤਸਰ, ਬਰਨਾਲਾ, ਫ਼ਤਹਿਗੜ੍ਹ ਸਾਹਿਬ, ਫਿਰੋਜ਼ਪੁਰ, ਪਟਿਆਲਾ, ਜਲੰਧਰ, ਕਪੂਰਥਲਾ, ਐੱਸਬੀਐੱਸ.ਨਗਰ, ਸੰਗਰੂਰ ਅਤੇ ਤਰਨ ਤਾਰਨ ਜ਼ਿਲ੍ਹਿਆਂ ਵਿੱਚ ਮਲੇਰੀਆ ਦਾ ਕੋਈ ਕੇਸ ਨਾ ਮਿਲਣ ’ਤੇ ਸਬੰਧਤ ਅਧਿਕਾਰੀਆਂ ਦਾ ਸਨਮਾਨ ਕੀਤਾ।
ਮੁੱਖ ਮਹਿਮਾਨਾਂ ਨੂੰ ਗੁਲਦਸਤੇ ਨਾ ਭੇਟ ਕੀਤੇ ਜਾਣ: ਸਿਹਤ ਮੰਤਰੀ
ਚੰਡੀਗੜ੍ਹ (ਟਨਸ): ਸਿਹਤ ਵਿਭਾਗ ਨੇ ਸਰਕਾਰੀ ਸਮਾਗਮਾਂ ਵਿੱਚ ਮੁੱਖ ਮਹਿਮਾਨ ਜਾਂ ਹੋਰਨਾਂ ਨੂੰ ਗੁਲਦਸਤੇ ਨਾ ਭੇਟ ਕਰਨ ਦਾ ਫੈਸਲਾ ਕੀਤਾ ਹੈ। ਇਸ ਦੌਰਾਨ ਕਿਸੇ ਵੀ ਤਰ੍ਹਾਂ ਦੀ ਪਲਾਸਟਿਕ ਦੀ ਬੋਤਲ ਵੀ ਨਾ ਵਰਤਣ ਦੇ ਹੁਕਮ ਕੀਤੇ ਗਏ ਹਨ। ਸਿਹਤ ਮੰਤਰੀ ਡਾ. ਵਿਜੈ ਸਿੰਗਲਾ ਨੇ ਸਿਵਲ ਸਰਜਨਾਂ ਨੂੰ ਜਾਰੀ ਕੀਤੇ ਹੁਕਮਾਂ ਵਿੱਚ ਕਿਹਾ ਕਿ ਸਿਹਤ ਵਿਭਾਗ ਦੇ ਸਰਕਾਰੀ ਸਮਾਗਮਾਂ ਵਿੱਚ ਪਾਣੀ ਵਾਲੀ ਪਲਾਸਟਿਕ ਦੀ ਬੋਤਲ ਦੀ ਵਰਤੋਂ ਨਾ ਕੀਤੀ ਜਾਵੇ। ਸਿਹਤ ਮੰਤਰੀ ਨੇ ਅਜਿਹਾ ਕਰ ਕੇ ਜਿੱਥੇ ਵੀਆਈਪੀ ਕਲਚਰ ਨੂੰ ਮੋੜਾ ਦਿੱਤਾ ਹੈ, ਉਥੇ ਹੀ ਵਾਤਾਵਰਨ ਦੀ ਨਜ਼ਰੀਏ ਤੋਂ ਵੀ ਸਾਰਥਕ ਕਦਮ ਉਠਾਇਆ ਗਿਆ ਹੈ।