ਪੱਤਰ ਪ੍ਰੇਰਕ
ਮਾਨਸਾ, 23 ਅਕਤੂਬਰ
ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣਨ ਮਗਰੋਂ ਵਣ ਵਿਭਾਗ ਵਿੱਚ ਕੰਮ ਕਰਦੇ ਮੁਲਾਜ਼ਮਾਂ ਨੂੰ ਹੁਣ ਤੱਕ ਇੱਕ ਵੀ ਤਨਖ਼ਾਹ ਨਹੀਂ ਮਿਲੀ ਹੈ, ਜਿਸ ਦੇ ਵਿਰੋਧ ਵਿੱਚ ਅੱਜ ਜੰਗਲਾਤ ਵਿਭਾਗ ਦੇ ਮੁਲਾਜ਼ਮਾਂ ਨੇ ਕਾਲੀ ਦੀਵਾਲੀ ਮਨਾਉਂਦਿਆਂ ਸਰਕਾਰ ਦੀ ਅਰਥੀ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ। ਵਿਭਾਗ ਦੇ ਕਰਮਚਾਰੀਆਂ ਨੇ ਅੱਜ ਸੂਬਾ ਸਰਕਾਰ ਖ਼ਿਲਾਫ਼ ਮੁਜ਼ਾਹਰਾ ਕਰਨ ਮਗਰੋਂ ਜ਼ਿਲ੍ਹਾ ਕਚਿਹਰੀਆਂ ਦੇ ਗੇਟ ਕੋਲ ਮੁੱਖ ਮੰਤਰੀ ਦੀ ਅਰਥੀ ਵੀ ਫੂਕੀ।
ਇਸ ਮੌਕੇ ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਸੈਂਟਰ ਆਫ ਇੰਡੀਅਨ ਟਰੇਡ ਯੂਨੀਅਨ (ਸੀਟੂ) ਦੇ ਸੂਬਾਈ ਸਕੱਤਰ ਐਡਵੋਕੇਟ ਕੁਲਵਿੰਦਰ ਸਿੰਘ ਉੱਡਤ ਨੇ ਕਿਹਾ ਕਿ ਬਦਲਾਅ ਦੇ ਨਾਮ ’ਤੇ ਪੰਜਾਬ ਦੀ ਸੱਤਾ ’ਤੇ ਕਾਬਜ ਹੋਈ ‘ਆਪ’ ਸਰਕਾਰ ਨੇ ਕਿਰਤੀਆਂ ਦਾ ਦੀਵਾਲਾ ਕੱਢ ਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੰਗਲਾਤ ਕਾਮਿਆਂ ਨੂੰ ਪੰਜਾਬ ਸਰਕਾਰ ਦੇ ਸੱਤਾ ’ਚ ਆਉਣ ਤੋਂ ਬਾਅਦ ਇੱਕ ਵੀ ਪੈਸਾ ਤਨਖਾਹ ਵਜੋਂ ਨਹੀਂ ਮਿਲਿਆ ਹੈ, ਜਦਕਿ ਸਰਕਾਰ ਵੱਲੋਂ ਵਣ ਵਿਭਾਗ ਦੇ ਕੱਚੇ ਮੁਲਜ਼ਮਾਂ ਨੂੰ ਪੱਕੇ ਕਰਨ ਸਬੰਧੀ ਜਾਰੀ ਕੀਤੇ ਗਏ ਇਸ਼ਤਿਹਾਰਾਂ ਰਾਹੀਂ ਕਰੋੜਾਂ ਰੁਪਏ ਖਰਚ ਕੀਤੇ ਜਾ ਚੁੱਕੇ ਹਨ।
ਇਸ ਮੌਕੇ ਜ਼ਿਲ੍ਹਾ ਪ੍ਰਧਾਨ ਕਾਲਾ ਖਾਂ ਭੰਮੇ, ਨਿਰਮਲ ਸਿੰਘ ਬੱਪੀਆਣਾ, ਬਿੱਕਰ ਸਿੰਘ ਮਾਖਾ, ਬਾਰਾ ਸਿੰਘ ਸੱਦੇਵਾਲੀਆ, ਗੁਰਸੇਵਕ ਭੀਖੀ, ਰਾਮ ਸਿੰਘ ਖੋਖਰ, ਹਿੰਮਤ ਸਿੰਘ ਦੂਲੋਵਾਲ, ਜਿੰਦਰ ਸਿੰਘ ਜੋਗਾ, ਬਚਿੱਤਰ ਰੱਲਾ ਤੇ ਗੁਰਜੰਟ ਕੋਟਧਰਮੂ ਨੇ ਵੀ ਸੰਬੋਧਨ ਕੀਤਾ।