ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 11 ਨਵੰਬਰ
ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸੀਨੀਅਰ ਕਾਂਗਰਸ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਅੱਜ ਕਾਲੇ ਧਨ ਨੂੰ ਸਫ਼ੈਦ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਖਹਿਰਾ ਨੂੰ ਅੱਜ ਉਕਤ ਮਾਮਲੇ ਵਿੱਚ ਪੁੱਛ-ਪੜਤਾਲ ਲਈ ਈਡੀ ਦੇ ਸੈਕਟਰ-18 ਸਥਿਤ ਦਫ਼ਤਰ ਵਿੱਚ ਸੱਦਿਆ ਗਿਆ ਸੀ ਜਿੱਥੇ ਮੁੱਢਲੀ ਪੁੱਛ ਪੜਤਾਲ ਤੋਂ ਬਾਅਦ ਕਾਂਗਰਸ ਆਗੂ ਦੀ ਗ੍ਰਿਫ਼ਤਾਰੀ ਪਾ ਲਈ ਗਈ।
ਈਡੀ ਦੀ ਟੀਮ ਵੱਲੋਂ ਵੀਰਵਾਰ ਨੂੰ ਦੇਰ ਸ਼ਾਮ ਸੁਖਪਾਲ ਸਿੰਘ ਖਹਿਰਾ ਨੂੰ ਮੁਹਾਲੀ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਰੰਜਨ ਖੁੱਲਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਦੌਰਾਨ ਈਡੀ ਨੂੰ ਇਕ ਿਦਨ ਦਾ ਰਿਮਾਂਡ ਮਿਲ ਗਿਆ ਹੈ। ਈਡੀ ਦੇ ਵਕੀਲ ਨੇ ਮੁਹਾਲੀ ਅਦਾਲਤ ਵਿੱਚ ਇਕ ਅਰਜ਼ੀ ਦਾਇਰ ਕਰਕੇ ਕਾਂਗਰਸ ਆਗੂ ਸੁਖਪਾਲ ਸਿੰਘ ਖਹਿਰਾ ਦੇ 14 ਦਿਨ ਦੇ ਪੁਲੀਸ ਰਿਮਾਂਡ ਦੀ ਮੰਗ ਕੀਤੀ ਸੀ। ਉਨ੍ਹਾਂ ਅਦਾਲਤ ਨੂੰ ਦੱਸਿਆ ਕਿ ਖਹਿਰਾ ਨੂੰ ਮਨੀ ਲਾਂਡਰਿੰਗ ਦੇ ਪੁਰਾਣੇ ਮਾਮਲੇ ਵਿੱਚ ਨਾਮਜ਼ਦ ਕਰਕੇ ਗ੍ਰਿਫ਼ਤਾਰ ਕੀਤਾ ਗਿਆ ਹੈ। ਸਰਕਾਰੀ ਵਕੀਲ ਨੇ ਕਿਹਾ ਕਿ ਮੁਲਜ਼ਮ ਖਹਿਰਾ ਉਸ ਖ਼ਿਲਾਫ਼ ਲੱਗੇ ਗੰਭੀਰ ਦੋਸ਼ਾਂ ਬਾਰੇ ਈਡੀ ਦੀ ਜਾਂਚ ’ਚ ਸਹਿਯੋਗ ਨਹੀਂ ਦੇ ਰਹੇ ਹਨ। ਉਧਰ ਬਚਾਅ ਪੱਖ ਦੇ ਵਕੀਲਾਂ ਨੇ ਈਡੀ ਦੀ ਕਾਰਵਾਈ ਦਾ ਤਿੱਖਾ ਵਿਰੋਧ ਕਰਦਿਆਂ ਕਿਹਾ ਕਿ ਕਾਂਗਰਸ ਆਗੂ ਨੂੰ ਝੂਠੇ ਕੇਸ ਵਿੱਚ ਫਸਾਇਆ ਜਾ ਰਿਹਾ ਹੈ। ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਕੁਝ ਸਮੇਂ ਲਈ ਆਪਣਾ ਫ਼ੈਸਲਾ ਰਾਖਵਾਂ ਰੱਖ ਲਿਆ ਹੈ। ਇਸ ਤੋਂ ਪਹਿਲਾਂ ਜਾਂਚ ਟੀਮ ਵੱਲੋਂ ਸਰਕਾਰੀ ਜਨਰਲ ਮੈਡੀਕਲ ਕਾਲਜ ਤੇ ਹਸਪਤਾਲ ਸੈਕਟਰ-16 ’ਚ ਕਾਂਗਰਸ ਆਗੂ ਦਾ ਮੈਡੀਕਲ ਕਰਵਾਇਆ ਗਿਆ। ਜ਼ਿਕਰਯੋਗ ਹੈ ਕਿ ਈਡੀ ਵੱਲੋਂ ਸਾਲ 2015 ਵਿੱਚ ਫਾਜ਼ਿਲਕਾ ’ਚ ਨਸ਼ਾ ਤਸਕਰੀ ਦਾ ਕੇਸ ਦਰਜ ਕੀਤਾ ਗਿਆ। ਇਸ ਮਾਮਲੇ ਵਿੱਚ ਗੁਰਦੇਵ ਸਿੰਘ ਸਮੇਤ ਹੋਰਨਾਂ ’ਤੇ ਪਰਚਾ ਦਰਜ ਕੀਤਾ ਗਿਆ ਸੀ। ਯੂਕੇ ਅਤੇ ਪਾਕਿਸਤਾਨ ਤੋਂ ਹੈਰੋਇਨ ਸਪਲਾਈ ਕਰਨ ਦੀ ਗੱਲ ਕਹੀ ਸੀ। ਬਾਅਦ ਵਿੱਚ ਈਡੀ ਵੱਲੋਂ ਇਸ ਬਹੁ-ਚਰਚਿਤ ਮਾਮਲੇ ਵਿੱਚ ਸੁਖਪਾਲ ਖਹਿਰਾ ਨੂੰ ਨਾਮਜ਼ਦ ਕਰ ਲਿਆ ਗਿਆ ਸੀ।
ਖਹਿਰਾ ਨੇ ਖੁਦ ਨੂੰ ਬੇਕਸੂਰ ਦੱਸਿਆ
ਸੀਨੀਅਰ ਕਾਂਗਰਸ ਆਗੂ ਸੁਖਪਾਲ ਸਿੰਘ ਖਹਿਰਾ ਨੇ ਖ਼ੁਦ ਨੂੰ ਬੇਕਸੂਰ ਦੱਸਦਿਆਂ ਕਿਹਾ ਕਿ ਈਡੀ ਵੱਲੋਂ ਸਾਜ਼ਿਸ਼ ਤਹਿਤ ਉਸ ਨੂੰ ਮਨੀ ਲਾਂਡਰਿੰਗ ਦੇ ਝੂਠੇ ਕੇਸ ਵਿੱਚ ਫਸਾਇਆ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਸ਼ੁਰੂ ਤੋਂ ਉਸ ਦੇ ਪਿੱਛੇ ਪਈ ਹੋਈ ਹੈ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਭਾਜਪਾ ਲੀਡਰਸ਼ਿਪ ਆਪਣੇ ਵਿਰੋਧੀਆਂ ਨੂੰ ਪ੍ਰੇਸ਼ਾਨ ਕਰਨ ਲਈ ਈਡੀ ਨੂੰ ਆਪਣੇ ਨਿੱਜੀ ਹਥਿਆਰ ਵਜੋਂ ਵਰਤ ਰਹੀ ਹੈ। ਉਨ੍ਹਾਂ ਕਿਹਾ ਕਿ ਉਸ ਨੂੰ ਨਿਆਂ ਪ੍ਰਣਾਲੀ ’ਤੇ ਪੂਰਾ ਭਰੋਸਾ ਹੈ ਅਤੇ ਜਲਦੀ ਹੀ ਸੱਚਾਈ ਲੋਕਾਂ ਸਾਹਮਣੇ ਆ ਜਾਵੇਗੀ।