ਮੋਗਾ ’ਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਲਹਿਰਾਇਆ ਤਿਰੰਗਾ
ਦੇਸ਼ ਦੇ 79ਵੇਂ ਆਜ਼ਾਦੀ ਦਿਹਾੜੇ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਅੱਜ ਸਥਾਨਕ ਦਾਣਾ ਮੰਡੀ ਵਿਖੇ ਮਨਾਇਆ ਗਿਆ, ਜਿਸ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੌਮੀ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਸ਼ਹੀਦ ਪਰਿਵਾਰਾਂ, ਆਜ਼ਾਦੀ ਘੁਲਾਟੀਏ ਪਰਿਵਾਰਾਂ ਅਤੇ ਵੱਖ ਵੱਖ ਖੇਤਰਾਂ ਵਿੱਚ ਵਿਸੇਸ਼ ਯੋਗਦਾਨ ਪਾਉਣ ਵਾਲੀਆਂ ਕਈ ਸ਼ਖ਼ਸੀਅਤਾਂ ਦਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਲੋੜਵੰਦ ਔਰਤਾਂ ਨੂੰ ਮੁਫ਼ਤ ਸਿਲਾਈ ਮਸ਼ੀਨਾਂ ਅਤੇ ਦਿਵਿਆਂਗਾਂ ਨੂੰ ਮੁਫ਼ਤ ਟਰਾਈਸਾਈਕਲਾਂ ਅਤੇ ਵੀਲ੍ਹ ਚੇਅਰਾਂ ਦੀ ਵੀ ਵੰਡ ਕੀਤੀ ਗਈ
ਇਸ ਮੌਕੇ ਸ੍ਰੀ ਬੈਂਸ ਨੇ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦੇ ਹੋਏ ਕਿਹਾ ਦੇਸ਼ ਦੀ ਆਜ਼ਾਦੀ ਲਈ ਚੱਲੀਆਂ ਵੱਖ-ਵੱਖ ਲਹਿਰਾਂ ਅਤੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ, ਸਰਦਾਰ ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ, ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ, ਦੀਵਾਨ ਸਿੰਘ ਕਾਲੇਪਾਣੀ ਅਤੇ ਹੋਰ ਆਜ਼ਾਦੀ ਘੁਲਾਟੀਆਂ ਵੱਲੋਂ ਦਿੱਤੀਆਂ ਗਈਆਂ ਕੁਰਬਾਨੀਆਂ ਬਦੌਲਤ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ।
ਉਨ੍ਹਾਂ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤੀਜੇ ਪੜਾਅ ਦੇ ਹਿੱਸੇ ਵਜੋਂ ਸਾਰੇ ਸਰਕਾਰੀ ਸਕੂਲਾਂ ਵਿੱਚ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਇੱਕ ਨਿਵੇਕਲਾ ਨਸ਼ਾ ਰੋਕਥਾਮ ਪਾਠਕ੍ਰਮ ਸ਼ੁਰੂ ਕੀਤਾ ਗਿਆ, ਜਿਸ ਤਹਿਤ ਤਕਰੀਬਨ 8 ਲੱਖ ਵਿਦਿਆਰਥੀਆਂ ਨੂੰ ਨਸ਼ੀਲੇ ਪਦਾਰਥਾਂ ਦੇ ਬੁਰੇ ਪ੍ਰਭਾਵ ਅਤੇ ਨਸ਼ਿਆਂ ਤੋਂ ਬਚਣ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਪੰਜਾਬ ਸਰਕਾਰ ਨੇ 115 ਸਰਕਾਰੀ ਸਕੂਲਾਂ ਦਾ ਨਾਮ ਆਜਾਦੀ ਘੁਲਾਟੀਆਂ, ਸ਼ਹੀਦਾਂ ਅਤੇ ਕੌਮਾਂਤਰੀ ਪੱਧਰ ‘ਤੇ ਨਾਮਣਾ ਖੱਟਣ ਵਾਲੀਆਂ ਸ਼ਖ਼ਸੀਅਤਾਂ ਦੇ ਨਾਮ ’ਤੇ ਰੱਖਿਆ ਹੈ।
ਇਸ ਮੌਕੇ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ, ਵਿਧਾਇਕ ਧਰਮਕੋਟ ਦਵਿੰਦਰਜੀਤ ਸਿੰਘ ਲਾਡੀ ਢੋਸ, ਡਿਪਟੀ ਕਮਿਸ਼ਨਰ ਸਾਗਰ ਸੇਤੀਆ, ਇੰਚਾਰਜ ਜ੍ਹਿਲ੍ਹਾ ਤੇ ਸੈਸ਼ਨ ਜੱਜ ਬਿਸ਼ਨ ਸਰੂਪ, ਐੱਸਐੱਸਪੀ ਅਜੇ ਗਾਂਧੀ, ਏਡੀਸੀ(ਜ) ਸ਼੍ਰੀਮਤੀ ਚਾਰੂਮਿਤਾ, ਏਡੀਸੀ (ਵਿਕਾਸ) ਜਗਵਿੰਦਰਜੀਤ ਸਿੰਘ ਗਰੇਵਾਲ, ਐਸਡੀਐਮ ਸਾਰੰਗਪ੍ਰੀਤ ਸਿੰਘ ਔਜਲਾ, ਸਾਬਕਾ ਮੰਤਰੀ ਡਾ. ਮਾਲਤੀ ਥਾਪਰ, ਨਗਰ ਨਿਗਮ ਮੇਅਰ ਬਲਜੀਤ ਸਿੰਘ ਚੰਨੀ, ਮਾਰਕੀਟ ਕਮੇਟੀ ਚੇਅਰਮੈਨ ਹਰਜਿੰਦਰ ਸਿੰਘ ਰੋਡੇ, ਬਰਿੰਦਰ ਕੁਮਾਰ ਮਧੇਕੇ ਜ਼ਿਲ੍ਹਾ ਪ੍ਰਧਾਨ ਆਦਮੀ ਪਾਰਟੀ ਅਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਅਤੇ ਹੋਰ ਹਾਜ਼ਰ ਸਨ।