ਪੱਤਰ ਪ੍ਰੇਰਕ
ਐੱਸ.ਏ.ਐੱਸ. ਨਗਰ (ਮੁਹਾਲੀ), 1 ਸਤੰਬਰ
ਪੰਜਾਬ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਐਲਾਨ ਕੀਤਾ ਕਿ ਤਿੰਨ ਸਤੰਬਰ ਨੂੰ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ‘ਇੰਸਪਾਇਰ ਮੀਟ’ ਹੋਵੇਗੀ। ਇਸ ਮੌਕੇ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਬਾਰੇ ਮਾਪਿਆਂ ਨੂੰ ਸੂਚਿਤ ਕੀਤਾ ਜਾਵੇਗਾ। ਹਰਜੋਤ ਬੈਂਸ ਨੇ ਅੱਜ ਇੱਥੇ ਸਿੱਖਿਆ ਭਵਨ ਤੋਂ ਐਜੂਸੈੱਟ ਸਿਸਟਮ ਰਾਹੀਂ ਪੰਜਾਬ ਦੇ ਸਮੂਹ ਸਕੂਲ ਮੁਖੀਆਂ ਅਤੇ ਅਧਿਆਪਕਾਂ ਨਾਲ ਸਿੱਧੀ ਗੱਲ ਕਰਕੇ ਉਨ੍ਹਾਂ ਨੂੰ ‘ਇੰਸਪਾਇਰ ਮੀਟ’ ਵਿੱਚ ਵਿਦਿਆਰਥੀਆਂ ਦੇ ਮਾਪਿਆਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਸਮਾਗਮ ਦੌਰਾਨ ਵੱਖ-ਵੱਖ ਗਤੀਵਿਧੀਆਂ ਵਿੱਚ ਵੱਧ ਤੋਂ ਵੱਧ ਭਾਗ ਲੈਣ ਲਈ ਮਾਪਿਆਂ ਨੂੰ ਵਿਸ਼ੇਸ਼ ਤੌਰ ’ਤੇ ਸੱਦਾ ਭੇਜਿਆ ਜਾਵੇ। ਸ੍ਰੀ ਬੈਂਸ ਨੇ ਕਿਹਾ ਕਿ ਉਹ ਵੱਖ-ਵੱਖ ਸਕੂਲਾਂ ਵਿੱਚ ‘ਇੰਸਪਾਇਰ ਮੀਟ’ ਪ੍ਰੋਗਰਾਮ ਵਿੱਚ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਰਾਜ ਵਿੱਚ ਸਿੱਖਿਆ ਅਤੇ ਸਿਹਤ ਖੇਤਰ ਵਿੱਚ ਮਿਸਾਲੀ ਤਬਦੀਲੀਆਂ ਲਿਆਉਣਾ ਹੈ। ਇਸ ਮੌਕੇ ਡੀਜੀਐੱਸਈ ਪਰਦੀਪ ਕੁਮਾਰ ਅਗਰਵਾਲ ਅਤੇ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।