ਅਧਿਆਪਕ ਚੋਣ ਡਿਊਟੀਆਂ ’ਚ ਹੋਣ ਕਾਰਨ ਵਿੱਦਿਅਕ ਮਾਹੌਲ ਡਾਵਾਂਡੋਲ: ਡੀ ਟੀ ਐੱਫ
ਪੰਜਾਬ ਵਿੱਚ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸਮਿਤੀ ਚੋਣਾਂ ਲਈ ਹਜ਼ਾਰਾਂ ਅਧਿਆਪਕਾਂ ਦੀਆਂ ਡਿਊਟੀਆਂ ਲੱਗਣ ਕਾਰਨ ਸਕੂਲਾਂ ਵਿੱਚ ਵਿੱਦਿਅਕ ਮਾਹੌਲ ਡਾਵਾਂਡੋਲ ਹੋਣ ਦਾ ਦਾਅਵਾ ਕੀਤਾ ਗਿਆ ਹੈ।
ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ, ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ ਅਤੇ ਵਿੱਤ ਸਕੱਤਰ ਅਸ਼ਵਨੀ ਅਵਸਥੀ ਨੇ ਕਿਹਾ ਕਿ ਸੂਬੇ ਵਿੱਚ ਵੱਖ-ਵੱਖ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਡੀ ਗਿਣਤੀ ਵਿੱਚ ਅਧਿਆਪਕਾਂ ਨੂੰ ਚੋਣ ਡਿਊਟੀਆਂ ਲਈ ਸੱਦਣ ਮੌਕੇ ਸਿੱਖਿਆ ਵਿਭਾਗ ਤੋਂ ਇਲਾਵਾ ਹੋਰ ਵਿਭਾਗਾਂ ਤੋਂ ਅਨੁਪਾਤਕ ਗਿਣਤੀ ਵਿੱਚ ਮੁਲਾਜ਼ਮ ਨਹੀਂ ਲਏ। ਇਥੋਂ ਤੱਕ ਪਹਿਲਾਂ ਹੀ ਬੀ ਐੱਲ ਓ ਵਜੋਂ ਤਾਇਨਾਤ ਅਧਿਆਪਕਾਂ ਦੀਆਂ ਚੋਣ ਡਿਊਟੀਆਂ ਵੀ ਲਗਾਈਆਂ ਗਈਆਂ ਹਨ। ਆਗੂਆਂ ਨੇ ਮੰਗ ਕੀਤੀ ਕਿ ਅਧਿਆਪਕਾਂ ਦੀ ਡਿਊਟੀ ਬਾਕੀ ਵਿਭਾਗਾਂ ਦੇ ਮੁਲਾਜ਼ਮਾਂ ਦੇ ਅਨੁਪਾਤ ਵਿੱਚ ਹੀ ਲਗਾਈ ਜਾਵੇ। ਸਾਰਾ ਸਾਲ ਚੱਲਣ ਵਾਲਾ ਕੰਮ ਹੋਣ ਦੇ ਮੱਦੇਨਜ਼ਰ ਬੀ ਐੱਲ ਓਜ਼ ਨੂੰ ਪੋਲਿੰਗ ਸਟਾਫ਼ ਵਜੋਂ ਚੋਣ ਡਿਊਟੀ ਦੇਣ ਤੋਂ ਪੂਰਨ ਛੋਟ ਦਿੱਤੀ ਜਾਵੇ। ਪੰਜਾਬ ਦੇ ਬੇਰੁਜ਼ਗਾਰ ਨੌਜਵਾਨਾਂ ਵਿੱਚੋਂ ਬੀ ਐੱਲ ਓਜ਼ ਵਜੋਂ ਵੱਖਰੀ ਪੱਕੀ ਭਰਤੀ ਕੀਤੀ ਜਾਵੇ ਅਤੇ ਕੰਪਿਊਟਰ ਅਧਿਆਪਕਾਂ ਅਤੇ ਹੋਰ ਅਧਿਆਪਕਾਂ ਨੂੰ ਲੰਬਾਂ ਸਮਾਂ ਦਫਤਰਾਂ ਵਿੱਚ ਚੋਣ ਡਿਊਟੀ ਅਧੀਨ ਉਲਝਾ ਕੇ ਰੱਖਣ ਬੰਦ ਕੀਤਾ ਜਾਵੇ। ਡੀ ਟੀ ਐੱਫ ਆਗੂਆਂ ਨੇ ਸੰਭਾਵੀ ਹਿੰਸਕ ਘਟਨਾਵਾਂ ਦੇ ਡਰੋਂ ਪੰਜਾਬ ਚੋਣ ਕਮਿਸ਼ਨ ਪਾਸੋਂ ਮੰਗ ਕੀਤੀ ਕਿ ਉਹ ਇਨ੍ਹਾਂ ਚੋਣਾਂ ਦੌਰਾਨ ਅਮਲੇ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਹਰ ਸੰਭਵ ਪ੍ਰਬੰਧ ਕਰੇ।
