ਰਾਕੇਸ਼ ਸੈਣੀ
ਨੰਗਲ, 18 ਜੁਲਾਈ
ਪੰਜਾਬ ਦੇ ਜੇਲ੍ਹਾਂ, ਜਲ ਸਰੋਤ, ਖਾਣਾਂ ਅਤੇ ਭੂ-ਵਿਗਿਆਨ ਅਤੇ ਸਕੂਲ ਸਿੱਖਿਆ ਵਿਭਾਗ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਨੰਗਲ ਸ਼ਹਿਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਸਮੇਤ ਕੁਝ ਹੋਰ ਸਕੂਲਾਂ ਦਾ ਦੌਰਾ ਕੀਤਾ। ਇਸ ਦੌਰਾਨ ਹਰਜੋਤ ਬੈਂਸ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਸ਼ਹਿਰ ਵਾਸੀਆਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਪ੍ਰਮੱਖਤਾ ਨਾਲ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ। ਇਸ ਦੇ ਨਾਲ ਹੀ ਉਨ੍ਹਾਂ ਸ਼ਹਿਰ ਵਿੱਚ ਸਾਫ਼-ਸਫ਼ਾਈ ਦੇ ਪੁਖ਼ਤਾ ਪ੍ਰਬੰਧ ਕਰਨ ਦੀ ਹਦਾਇਤ ਵੀ ਕੀਤੀ।
ਇਸ ਮੌਕੇ ਕੈਬਨਿਟ ਮੰਤਰੀ ਨੇ ਭਰੋਸਾ ਦਿੱਤਾ ਕਿ ਸਰਕਾਰੀ ਐਲੀਮੈਂਟਰੀ ਸਕੂਲ ਨੰਗਲ ਵਿੱਚ ਸਾਰੇ ਢੁੱਕਵੇਂ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਅੱਜ ਜਿਹੜੇ ਵਿਦਿਆਰਥੀ ਕਲਾਸ ਵਿੱਚ ਬੈਠੇ ਹਨ ਭਲਕੇ ਉਨ੍ਹਾਂ ਨੇ ਹੀ ਦੇਸ਼ ਦਾ ਭਵਿੱਖ ਸਵਾਰਨਾ ਹੈ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਕੂਲ ਮੁਖੀ ਬਲਵਿੰਦਰ ਕੌਰ ਤੇ ਅਧਿਆਪਕਾ ਭਾਰਤੀ ਕੋਲੋਂ ਸਕੂਲ ਦੇ ਪ੍ਰਬੰਧਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਭਰੋਸਾ ਦਿੱਤਾ ਕਿ ਪੰਜਾਬ ਦੇ ਵਿੱਦਿਅਕ ਅਦਾਰਿਆਂ ਨੂੰ ਨਮੂਨੇ ਦੇ ਵਿੱਦਿਅਕ ਅਦਾਰਿਆਂ ਵਜੋਂ ਵਿਕਸਤ ਕੀਤਾ ਜਾਵੇਗਾ।